ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਬਾਦਲਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਸੀਬੀਆਈ ਦੀ ਕਲੋਜਰ ਰਿਪੋਰਟ ਦਾ ਵਿਰੋਧ ਮਹਿਜ਼ ਸਿਆਸੀ ਡਰਾਮੇਬਾਜ਼ੀ ਹੈ। ਚੀਮਾ ਨੇ ਬੇਅਦਬੀ ਦੀ ਜਾਂਚ ਵਿੱਚ ਦੇਰੀ ਕਰਨ ਲਈ ਅਕਾਲੀ ਦਲ ਅਤੇ ਕਾਂਗਰਸ ਦੋਵਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ।


ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਚੀਮਾ ਨੇ ਕਿਹਾ ਕਿ ਅਕਾਲੀ ਦਲ ਦੀ ਕੋਰ ਕਮੇਟੀ 'ਚ ਕਲੋਜ਼ਰ ਰਿਪੋਰਟ ਬਾਰੇ ਬਾਦਲਾਂ ਨੇ ਜੋ ਬਿਆਨਬਾਜ਼ੀ ਕੀਤੀ ਹੈ ਉਹ ਬਾਦਲਾਂ ਦੀ ਦੋਗਲੀ ਨੀਤੀ ਦੀ ਉੱਤਮ ਉਦਾਹਰਣ ਹੈ। ਚੀਮਾ ਨੇ ਕਿਹਾ ਕਿ ਇਹ ਹਾਸੋਹੀਣੀ ਹੈ ਕਿ ਇੱਕ ਪਾਸੇ ਕੇਂਦਰ ਦੀ ਸੱਤਾ 'ਚ ਭਾਗੀਦਾਰ ਬਾਦਲ ਪਰਿਵਾਰ ਵੱਲੋਂ ਭਾਜਪਾ ਨਾਲ ਮਿਲ ਸੀਬੀਆਈ 'ਤੇ ਕਲੋਜ਼ਰ ਰਿਪੋਰਟ ਦਾਖਲ ਕਰਨ ਦਾ ਦਬਾਅ ਬਣਾਇਆ ਗਿਆ ਅਤੇ ਦੂਜੇ ਪਾਸੇ ਖ਼ੁਦ ਹੀ ਕਲੋਜਰ ਰਿਪੋਰਟ ਦੇ ਵਿਰੋਧ ਦੀ ਦਿਖਾਵੇਬਾਜ਼ੀ ਕਰ ਰਹੇ ਹਨ।

ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੀ ਬਾਦਲਾਂ ਨਾਲ ਰਲ਼ੀ ਹੋਈ ਹੈ ਅਤੇ ਬੇਅਦਬੀ ਮਾਮਲਿਆਂ 'ਚ ਸ਼ਾਮਲ ਦੋਸ਼ੀਆਂ ਨੂੰ ਬਚਾਉਣ 'ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਸੋਚੀ ਸਮਝੀ ਸਾਜ਼ਿਸ਼ ਤਹਿਤ ਸਬੂਤ ਨਸ਼ਟ ਕੀਤੇ ਜਾ ਰਹੇ ਹਨ, ਨਾਭਾ ਜੇਲ੍ਹ 'ਚ ਮਹਿੰਦਰਪਾਲ ਬਿੱਟੂ ਦੀ ਹੱਤਿਆ ਇਸੇ ਕੜੀ ਦਾ ਹਿੱਸਾ ਹੈ। ਇਸੇ ਤਰ੍ਹਾਂ ਐਸਆਈਟੀ ਦੀ ਜਾਂਚ ਦੀ ਮੱਠੀ ਰਫ਼ਤਾਰ ਅਤੇ ਢਿੱਲਾ ਰਵੱਈਆ ਵੀ ਕੈਪਟਨ ਸਰਕਾਰ ਦੀ ਕਾਰਜਸ਼ੈਲੀ ਨੂੰ ਕਟਹਿਰੇ 'ਚ ਖੜ੍ਹਾ ਕਰਦਾ ਹੈ। ਚੀਮਾ ਨੇ ਕੈਪਟਨ ਨੂੰ ਬੇਅਦਬੀ ਅਤੇ ਬਹਿਬਲ ਕਲਾਂ ਗੋਲ਼ੀਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦਾ ਆਪਣਾ ਚੋਣ ਵਾਅਦਾ ਪੂਰਾ ਕਰਨ ਦੀ ਗੱਲ ਵੀ ਕਹੀ।