ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਸੰਘਰਸ਼ ਕਰ ਰਹੇ ਮੁਲਾਜ਼ਮਾਂ ਦੇ ਹੱਕ 'ਚ ਹਾਅ ਦਾ ਨਾਅਰਾ ਮਾਰਿਆ ਹੈ। ਸੜਕਾਂ 'ਤੇ ਉੱਤਰੇ ਮੁਲਾਜ਼ਮਾਂ ਲਗਾਤਾਰ ਪੰਜਾਬ ਨੂੰ ਘੇਰ ਰਹੇ ਹਨ। ਇਨ੍ਹਾਂ ਦੀ ਹਮਾਇਤ ਕਰਦਿਆਂ 'ਆਪ' ਨੇ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕਰਦਿਆਂ ਕਿਹਾ ਕਿ ਉਹ ਚੋਣਾਂ ਤੋਂ ਪਹਿਲਾਂ ਕਰਮਚਾਰੀਆਂ ਨਾਲ ਕੀਤੇ ਵਾਅਦੇ ਤੁਰੰਤ ਪੂਰੇ ਕਰੇ।

ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਸਮੇਂ ਸੂਬੇ ਦੇ ਸਾਰੇ ਵਰਗ ਸੜਕਾਂ 'ਤੇ ਉੱਤਰ ਕੇ ਸਰਕਾਰ ਦੇ ਖ਼ਿਲਾਫ਼ ਧਰਨੇ ਤੇ ਮੁਜ਼ਾਹਰੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਚੋਣਾਂ ਤੋਂ ਪਹਿਲਾਂ ਕੀਤੇ ਆਪਣੇ ਵਾਅਦਿਆਂ ਤੋਂ ਮੁੱਕਰੀ ਹੈ ਤੇ ਸਾਰੇ ਵਰਗਾਂ ਨਾਲ ਧੋਖਾ ਕੀਤਾ ਹੈ।

ਚੀਮਾ ਨੇ ਕਿਹਾ ਕਿ ਸੂਬਾ ਸਰਕਾਰ 6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਵਿੱਚ ਦੇਰੀ ਕਰਕੇ ਕਰਮਚਾਰੀਆਂ ਨਾਲ ਧੋਖਾ ਕਰ ਰਹੀ ਹੈ, ਜਦਕਿ ਇਹ ਸਿਫ਼ਾਰਸ਼ਾਂ 1-1-2016 ਤੋਂ ਲਾਗੂ ਹੋਣੀਆਂ ਚਾਹੀਦੀਆਂ ਸਨ। ਉਨ੍ਹਾਂ ਮੰਗ ਕੀਤੀ ਕਿ 2014 ਤੋਂ ਹੁਣ ਤੱਕ ਦੀਆਂ ਮਹਿੰਗਾਈ ਭੱਤੇ ਦੀਆਂ 5 ਕਿਸ਼ਤਾਂ ਕਰਮਚਾਰੀਆਂ ਨੂੰ ਜਲਦ ਦਿੱਤੀਆਂ ਜਾਣ। ਚੀਮਾ ਨੇ ਮੰਗ ਕੀਤੀ ਕਿ ਕਰਮਚਾਰੀ ਯੂਨੀਅਨਾਂ ਦੀਆਂ ਮੰਗਾਂ ਦੇ ਅਨੁਸਾਰ ਕੱਚੇ, ਠੇਕੇ 'ਤੇ ਰੱਖੇ ਤੇ ਆਊਟਸੋਰਸਿੰਗ ਵਾਲੇ ਕਰਮਚਾਰੀ ਤੁਰੰਤ ਪੱਕੇ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਬਰਾਬਰ ਕੰਮ, ਬਰਾਬਰ ਵੇਤਨ ਦਾ ਵਾਅਦਾ ਪੂਰਾ ਕਰੇ।

ਚੀਮਾ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਕਰਮਚਾਰੀਆਂ ਦੀ ਮੰਗ ਅਨੁਸਾਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰੇ ਤੇ 2014 ਤੋਂ ਪਹਿਲਾਂ ਵਾਂਗ ਪੈਨਸ਼ਨ ਦੇਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੁਰਾਣੀ ਪੈਨਸ਼ਨ ਸਕੀਮ ਦਾ ਸਮਰਥਨ ਕਰਦੀ ਹੈ ਤੇ ਸੂਬੇ ਵਿੱਚ 'ਆਪ' ਦੀ ਸਰਕਾਰ ਆਉਣ 'ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਅਰਵਿੰਦ ਕੇਜਰੀਵਾਲ ਦੀ ਸਰਕਾਰ ਪਹਿਲਾਂ ਹੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰ ਚੁੱਕੀ ਹੈ।