ਰਵਨੀਤ ਕੌਰ ਦੀ ਰਿਪੋਰਟ


ਚੰਡੀਗੜ੍ਹ: ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਬਾਅਦ ਸੰਗਰੂਰ ਲੋਕ ਸਭਾ ਉਪ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਡੈਮੇਜ ਕੰਟਰੋਲ ਸ਼ੁਰੂ ਕਰ ਦਿੱਤਾ ਹੈ। ਪਾਰਟੀ ਵੱਲੋਂ ਚੋਣ ਪ੍ਰਚਾਰ ਲਈ ਛੇ ਕੈਬਨਿਟ ਮੰਤਰੀ ਤਾਇਨਾਤ ਕੀਤੇ ਗਏ ਹਨ। ਮੰਤਰੀਆਂ ਦੇ ਨਾਲ-ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸੰਗਰੂਰ ਸੀਟ ਫਤਿਹ ਕਰਨ ਦੀ ਰਣਨੀਤੀ 'ਤੇ ਕੰਮ ਸ਼ੁਰੂ ਕਰ ਦਿੱਤਾ ਹੈ। ਭਗਵੰਤ ਮਾਨ ਨੇ 2019 ਵਿੱਚ ਇਹ ਲੋਕ ਸਭਾ ਸੀਟ 1.10 ਲੱਖ ਵੋਟਾਂ ਦੇ ਫਰਕ ਨਾਲ ਜਿੱਤੀ ਸੀ।

ਆਮ ਆਦਮੀ ਪਾਰਟੀ ਨੇ ਸੋਮਵਾਰ ਨੂੰ ਸੰਗਰੂਰ ਵਿੱਚ ਆਪਣਾ ਗੜ੍ਹ ਬਰਕਰਾਰ ਰੱਖਣ ਲਈ ਛੇ ਮੰਤਰੀਆਂ ਨੂੰ ਚੋਣ ਪ੍ਰਚਾਰ ਲਈ ਤਾਇਨਾਤ ਕੀਤਾ ਹੈ। ਕੈਬਨਿਟ ਮੰਤਰੀਆਂ ਕੁਲਦੀਪ ਸਿੰਘ ਧਾਲੀਵਾਲ, ਬ੍ਰਹਮ ਸ਼ੰਕਰ ਜ਼ਿੰਪਾ, ਡਾ. ਬਲਜੀਤ ਕੌਰ, ਹਰਭਜਨ ਸਿੰਘ, ਗੁਰਮੀਤ ਸਿੰਘ ਮੀਤ ਹੇਅਰ ਤੇ ਲਾਲਜੀਤ ਸਿੰਘ ਭੁੱਲਰ ਨੂੰ ਸੰਗਰੂਰ ਸੰਸਦੀ ਹਲਕੇ ਅਧੀਨ ਆਉਂਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਤਾਇਨਾਤ ਕੀਤਾ ਗਿਆ ਹੈ। ਮੰਤਰੀ ਹਲਕੇ ਵਿੱਚ ਰੈਲੀਆਂ ਨੂੰ ਸੰਬੋਧਨ ਕਰ ਰਹੇ ਹਨ, ਜਿਸ ਵਿੱਚ ਸਰਕਾਰ ਦੀਆਂ ਪ੍ਰਾਪਤੀਆਂ ਤੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੀ ਸਫਲਤਾ ਬਾਰੇ ਚਾਨਣਾ ਪਾਇਆ ਜਾ ਰਿਹਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਇਸ ਤੋਂ ਪਹਿਲਾਂ ਸੰਸਦ ਮੈਂਬਰ ਵਜੋਂ ਇਸ ਸੀਟ ਦੀ ਨੁਮਾਇੰਦਗੀ ਕਰ ਰਹੇ ਸਨ। ਉਨ੍ਹਾਂ ਨੇ ਇਸ ਸਾਲ ਵਿਧਾਨ ਸਭਾ ਚੋਣਾਂ 'ਚ ਪਾਰਟੀ ਦੀ ਜਿੱਤ ਤੋਂ ਬਾਅਦ ਅਸਤੀਫਾ ਦੇ ਦਿੱਤਾ ਸੀ। ਮਾਨ 2019 ਵਿੱਚ 1.10 ਲੱਖ ਵੋਟਾਂ ਦੇ ਫਰਕ ਨਾਲ ਜਿੱਤੇ ਸਨ।

ਮੁੱਖ ਮੰਤਰੀ ਸਮੇਤ ਤਿੰਨ ਮੰਤਰੀਆਂ ਦੀ ਸਾਖ ਦਾਅ 'ਤੇ
ਸੰਗਰੂਰ ਸੰਸਦੀ ਸੀਟ ਅਧੀਨ ਆਉਂਦੇ ਵਿਧਾਨ ਸਭਾ ਹਲਕਿਆਂ ਦੀ ਨੁਮਾਇੰਦਗੀ ਕਰਨ ਵਾਲੇ ਮੁੱਖ ਮੰਤਰੀ ਸਮੇਤ ਤਿੰਨ ਮੰਤਰੀਆਂ ਵਾਲੀ ਸਰਕਾਰ ਲਈ ਸੀਟ ਬਰਕਰਾਰ ਰੱਖਣ ਦੀ ਲੜਾਈ ਵੱਕਾਰ ਦਾ ਵਿਸ਼ਾ ਹੈ। ਇਸ ਦੇ ਨਾਲ ਹੀ ਵਿਧਾਨ ਸਭਾ ਚੋਣਾਂ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਹੋਰ ਸਿਆਸੀ ਪਾਰਟੀਆਂ ਇਸ ਪੋਲ ਰਾਹੀਂ ਆਪਣੀ ਸਥਿਤੀ ਦਾ ਫਾਇਦਾ ਚੁੱਕਣ 'ਤੇ ਵਿਚਾਰ ਕਰ ਰਹੀਆਂ ਹਨ।