ਪੜਚੋਲ ਕਰੋ
Advertisement
AAP ਬੀ.ਬੀ.ਐਮ.ਬੀ ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਦੇ ਫ਼ੈਸਲੇ ਵਿਰੁੱਧ ਡਿਪਟੀ ਕਮਿਸ਼ਨਰਾਂ ਨੂੰ ਦੇਵੇਗੀ ਮੰਗ ਪੱਤਰ : ਹਰਪਾਲ ਚੀਮਾ
ਆਪ ਵੱਲੋਂ ਭਾਖੜਾ ਬਿਆਸ ਮੈਨੇਜ਼ਮੈਂਟ ਬੋਰਡ ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਦੇ ਫ਼ੈਸਲੇ ਖ਼ਿਲਾਫ਼ 2 ਮਾਰਚ ਨੂੰ ਜ਼ਿਲਾ ਪੱਧਰ ''ਤੇ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਦੇ ਮਾਣਯੋਗ ਰਾਜਪਾਲ ਨੂੰ ਮੰਗ ਪੱਤਰ ਦਿੱਤੇ ਜਾਣਗੇ
ਚੰਡੀਗੜ : ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜ਼ਮੈਂਟ ਬੋਰਡ (ਬੀ.ਬੀ.ਐਮ.ਬੀ) ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਦੇ ਫ਼ੈਸਲੇ ਖ਼ਿਲਾਫ਼ 2 ਮਾਰਚ ਨੂੰ ਜ਼ਿਲਾ ਪੱਧਰ ''ਤੇ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਦੇ ਮਾਣਯੋਗ ਰਾਜਪਾਲ ਨੂੰ ਮੰਗ ਪੱਤਰ ਦਿੱਤੇ ਜਾਣਗੇ ਅਤੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦੇਣ ਦੀ ਸ਼ੁਰੂਆਤ ਦੋਆਬਾ ਖੇਤਰ 'ਚੋ ਕੀਤੀ ਜਾਵੇਗੀ ਅਤੇ ਪੜਾਅ ਅੱਗੇ ਕਾਰਵਾਈ ਕੀਤੀ ਜਾਵੇਗੀ। ਇਹ ਜਾਣਕਾਰੀ ਸਾਂਝੀ ਕਰਦਿਆਂ 'ਆਪ' ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 'ਆਪ' ਨੇ ਮੰਗ ਕੀਤੀ ਹੈ ਕਿ ਮਾਣਯੋਗ ਰਾਜਪਾਲ ਇਨਾਂ ਪੱਤਰਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਪੇਸ਼ ਕਰਕੇ ਪੰਜਾਬ ਦੇ ਹੱਕਾਂ ਦੀ ਪੈਰਵੀ ਕਰਨ ਤਾਂਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹੱਕਾਂ 'ਤੇ ਮਾਰੇ ਜਾਂਦੇ ਡਾਕੇ ਤੁਰੰਤ ਬੰਦ ਕੀਤੇ ਜਾਣ।
ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਦੱਸਿਆ, ''1966 'ਚ ਬਣੇ 'ਪੰਜਾਬ ਪੁਨਰਗਠਨ ਐਕਟ' ਦੌਰਾਨ ਹੀ ਬੀ.ਬੀ.ਐਮ.ਬੀ ਦੀ ਸਥਾਪਨਾ ਹੋਈ ਸੀ, ਜਿਸ 'ਚ ਚੇਅਰਮੈਨ ਅਤੇ ਦੋ ਮੈਂਬਰ ਲਏ ਜਾਣ ਦੀ ਵਿਵਸਥਾ ਕੀਤੀ ਗਈ ਸੀ। 1967 ਤੋਂ ਹੀ ਇਹ ਵੱਡੇ ਸੂਬੇ ਅਤੇ ਹਿੱਸੇਦਾਰ ਹੋਣ ਦੇ ਨਾਤੇ ਪੰਜਾਬ ਅਤੇ ਹਰਿਆਣਾ ਤੋਂ ਹੀ ਲਏ ਜਾਂਦੇ ਰਹੇ ਹਨ। ਇਨਾਂ ਵਿਚੋਂ ਵੱਡੇ ਅਤੇ ਵੱਧ ਹਿੱਸੇ ਪੰਜਾਬ ਨੂੰ ਪਹਿਲੇ ਨੰਬਰ 'ਤੇ ਰੱਖਿਆ ਜਾਂਦਾ ਹੈ ਤੇ ਖਰਚਾ ਵੀ ਵਧੇਰੇ ਪੰਜਾਬ ਹੀ ਕਰਦਾ ਆ ਰਿਹਾ ਹੈ। ਪਰ ਹੁਣ ਬੀ.ਬੀ.ਐਮ.ਬੀ ਵਿਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕੀਤੀ ਜਾ ਰਹੀ ਹੈ।''
ਚੀਮਾ ਨੇ ਕਿਹਾ ਕਿ ਬੀ.ਬੀ.ਐੱਮ.ਬੀ. ਪੰਜਾਬ ਦੀ ਸਰਜਮੀਂ 'ਤੇ ਖੜਾ ਹੋਇਆ ਉਹ ਪ੍ਰਬੰਧਨ ਹੈ, ਜਿਸ 'ਚੋਂ ਪੰਜਾਬ ਨੂੰ ਹੀ ਬਾਹਰ ਕੱਢਣ ਦੀਆਂ ਸਾਜਿਸ਼ਾਂ ਹੋ ਰਹੀਆਂ ਹਨ ਅਤੇ ਬੀ.ਬੀ.ਐੱਮ.ਬੀ. ਦੇ ਪ੍ਰਬੰਧਨ 'ਚੋਂ ਗਿਣਮਿਥ ਕੇ ਪੰਜਾਬ ਦੀ ਅਹਿਮੀਅਤ ਘਟਾਈ ਜਾ ਰਹੀ ਹੈ । ਉਨਾਂ ਕਿਹਾ ਕਿ ਪਹਿਲਾਂ ਇਹ ਧੱਕਾ ਕੇਂਦਰ 'ਚ ਕਾਬਜ਼ ਕਾਂਗਰਸ ਦੀਆਂ ਸਰਕਾਰਾਂ ਕਰਦੀਆਂ ਸਨ, ਹੁਣ ਉਹੋ ਰਾਹ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਨੇ ਫੜ ਲਿਆ ਹੈ। ਜੋ ਪੰਜਾਬ ਦੀ ਦੁਖਦੀ ਰਗ ਨੂੰ ਜਾਣਬੁੱਝ ਕੇ ਦਬਾਏ ਜਾਣ ਵਾਲੀ ਕੋਝੀ ਸ਼ਰਾਰਤ ਹੈ । ਕਾਂਗਰਸ ਤੋਂ ਵੀ ਕਈ ਕਦਮ ਅੱਗੇ ਜਾ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਮੋਦੀ ਸਰਕਾਰ ਰਾਜਾਂ ਦੇ ਅਧਿਕਾਰਾਂ 'ਤੇ ਡਾਕੇ ਮਾਰਨ 'ਚ ਜੁਟੀ ਹੋਈ ਹੈ, ਜੋ ਭਾਰਤ ਦੀ ਸੰਘੀ (ਫੈਡਰਲ) ਵਿਵਸਥਾ ਉੱਤੇ ਵੀ ਸਿੱਧੀ ਸੱਟ ਹੈ।
ਹਰਪਾਲ ਸਿੰਘ ਚੀਮਾ ਨੇ ਪੰਜਾਬ ਨਾਲ ਹੋ ਰਹੀਆਂ ਵਧੀਕੀਆਂ ਲਈ ਸਾਬਕਾ ਮੁੱਖ ਮੰਤਰੀਆਂ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ। ਉਨਾਂ ਕਿਹਾ ਕਿ ਬੀ.ਬੀ.ਐੱਮ.ਬੀ. ਦੇ ਪ੍ਰਬੰਧਨ 'ਚ ਪੰਜਾਬ ਦੀ ਨੁਮਾਇੰਦਗੀ ਘਟਾਉਣ ਲਈ ਸਿਰਫ਼ ਕੇਂਦਰ ਦੀਆਂ ਭਾਜਪਾ ਅਤੇ ਕਾਂਗਰਸੀ ਸਰਕਾਰਾਂ ਹੀ ਇੱਕਲੀਆਂ ਜ਼ਿੰਮੇਵਾਰ ਨਹੀਂ, ਇਸ ਲਈ ਪੰਜਾਬ ਦੀ ਸੱਤਾ ਭੋਗਦੀਆਂ ਆ ਰਹੀਆਂ ਕਾਂਗਰਸ-ਕੈਪਟਨ ਅਤੇ ਬਾਦਲ-ਭਾਜਪਾ ਵਾਲੀਆਂ ਸੂਬਾ ਸਰਕਾਰਾਂ ਵੀ ਬਰਾਬਰ ਦੀਆਂ ਜ਼ਿੰਮੇਵਾਰ ਹਨ, ਜਿਨਾਂ ਨੇ ਪੰਜਾਬ ਦੇ ਹੱਕਾਂ 'ਤੇ ਵੱਜਦੇ ਡਾਕਿਆਂ ਵਿਰੁੱਧ ਕਦੇ ਆਵਾਜ਼ ਬੁਲੰਦ ਹੀ ਨਹੀਂ ਕੀਤੀ, ਕਿਉਂਕਿ ਇਹਨਾਂ ਨੂੰ ਪੰਜਾਬ ਅਤੇ ਪੰਜਾਬੀਆਂ ਨਾਲੋਂ ਆਪਣੇ ਨਿੱਜੀ ਮੁਫ਼ਾਦ ਹਮੇਸ਼ਾ ਵੱਧ ਪਿਆਰੇ ਰਹੇ, ਜਿਸਦਾ ਖਮਿਆਜ਼ਾ ਅੱਜ ਪੰਜਾਬ ਅਤੇ ਪੰਜਾਬੀ ਭੁਗਤ ਰਹੇ ਹਨ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਬੀ.ਬੀ.ਐੱਮ.ਬੀ. ਦੇ ਨਿਯਮਾਂ (ਰੂਲਜ਼) 'ਚ ਮਨਮਾਨੇ ਫ਼ੈਸਲੇ ਲੈਣ ਤੋਂ ਗੁਰੇਜ਼ ਕਰੇ ਅਤੇ ਪਹਿਲਾਂ ਹੀ ਦੋਵੇਂ ਹੱਥੀਂ ਲੁੱਟੇ ਗਏ ਪੰਜਾਬ ਨਾਲ ਖੁੰਦਕੀ ਅਤੇ ਮਤਰੇਈ ਮਾਂ ਵਾਲਾ ਵਤੀਰਾ ਤਿਆਗੇ। ਬੀ.ਬੀ.ਐੱਮ.ਬੀ. ਦੇ ਪ੍ਰਬੰਧਨ 'ਚ ਪੰਜਾਬ ਦੀ ਪੱਕੀ ਨੁਮਾਇੰਦਗੀ ਖ਼ਤਮ ਕਰਨ ਦਾ ਫ਼ੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੁਰੰਤ ਵਾਪਸ ਲੈਣ ਅਤੇ ਕਾਂਗਰਸ ਸਰਕਾਰਾਂ ਵੱਲੋਂ ਪਹਿਲਾਂ ਲਏ ਗਏ ਪੰਜਾਬ ਵਿਰੋਧੀ ਸਾਰੇ ਫ਼ੈਸਲਿਆਂ 'ਤੇ ਨਜ਼ਰਸਾਨੀ ਕਰਨ ਅਤੇ ਪੰਜਾਬ ਦੇ ਹੱਕ-ਹਕੂਕ ਬਹਾਲ ਕਰਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਬਾਲੀਵੁੱਡ
ਪੰਜਾਬ
Advertisement