ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਸ਼ੁੱਕਰਵਾਰ ਨੂੰ ਮੌੜ ਬੰਬ ਕਾਂਡ ਦੇ ਪੀੜਤਾਂ ਨੂੰ ਇਨਸਾਫ਼ ਦੇ ਮੁੱਦੇ 'ਤੇ ਸਦਨ 'ਚੋਂ ਵਾਕਆਊਟ ਕੀਤਾ। ਵਿਧਾਇਕ ਜਗਦੇਵ ਸਿੰਘ ਕਮਾਲੂ ਨੇ ਸਿਫ਼ਰ ਕਾਲ ਦੌਰਾਨ 31 ਜਨਵਰੀ, 2017 ਨੂੰ ਕਾਂਗਰਸੀ ਉਮੀਦਵਾਰ ਹਰਮਿੰਦਰ ਜੱਸੀ ਦੀ ਚੋਣ ਰੈਲੀ 'ਚ ਹੋਏ ਬੰਬ ਧਮਾਕੇ 'ਚ ਮਾਰੇ ਗਏ ਤੇ ਜ਼ਖਮੀ ਵਿਅਕਤੀਆਂ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ ਤੇ ਨਾ ਹੀ ਦੋਸ਼ੀਆਂ 'ਤੇ ਕਾਰਵਾਈ ਕੀਤੀ ਗਈ। ਇਸ 'ਤੇ ਸਰਕਾਰ ਵੱਲੋਂ ਕੋਈ ਜਵਾਬ ਨਾ ਦਿੱਤੇ ਜਾਣ ਦੇ ਵਿਰੋਧ 'ਚ 'ਆਪ' ਵਿਧਾਇਕਾਂ ਨੇ ਨਾਅਰੇਬਾਜ਼ੀ ਕਰਦੇ ਹੋਏ ਵਾਕਆਊਟ ਕਰ ਦਿੱਤਾ।


ਸਦਨ ਤੋਂ ਬਾਹਰ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਮੰਗਦੇ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਤੇ ਜ਼ਖਮੀਆਂ ਨੂੰ 10-10 ਲੱਖ ਰੁਪਏ ਦੀ ਵਿੱਤੀ ਸਹਾਇਤਾ ਤੇ ਪਰਿਵਾਰ ਦੇ ਮੈਂਬਰਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਜ਼ਿਕਰਯੋਗ ਹੈ ਕਿ ਮੌੜ ਬੰਬ ਧਮਾਕੇ 'ਚ 5 ਬੱਚਿਆਂ ਸਮੇਤ 7 ਮੌਤਾਂ ਹੋਈਆਂ ਸਨ।