ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਨੇਤਾ ਤੇ ਵਿਰੋਧੀ ਧਿਰ ਦੇ ਲੀਡਰ ਐਡਵੋਕੇਟ ਹਰਪਾਲ ਸਿੰਘ ਚੀਮਾ ਤੇ ਸੂਬਾ ਸਹਿ ਪ੍ਰਧਾਨ ਡਾ. ਬਲਬੀਰ ਸਿੰਘ ਨੇ ਮੋਗਾ ਜ਼ਿਲ੍ਹੇ ਦੇ ਏਡੀਸੀ ਨੂੰ ਧਮਕਾਉਣ ਵਾਲੇ ਕਾਂਗਰਸੀ ਵਿਧਾਇਕਾਂ ਤੇ ਆਗੂਆਂ 'ਤੇ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ 'ਆਪ' ਨੇ ਸਾਰੇ ਸੰਵੇਦਨਸ਼ੀਲ ਪੋਲਿੰਗ ਬੂਥਾਂ 'ਤੇ ਕੇਂਦਰੀ ਸੁਰੱਖਿਆ ਬਲਾਂ ਤੇ ਪੂਰੇ ਸੂਬੇ 'ਚ ਵੋਟਿੰਗ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਵਾਏ ਜਾਣ ਦੀ ਮੰਗ ਕੀਤੀ।


 

'ਆਪ' ਲੀਡਰਾਂ ਨੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 'ਆਪ' ਤੇ ਆਜ਼ਾਦ ਉਮੀਦਵਾਰਾਂ ਦੀਆਂ ਜ਼ੋਰ ਜ਼ਬਰਦਸਤੀ ਤੇ ਧੱਕੇਸ਼ਾਹੀ ਨਾਲ ਨਾਮਜ਼ਦਗੀਆਂ ਰੱਦ ਕਰਾਉਣ ਲਈ ਮੋਗਾ ਦੇ ਏਡੀਸੀ ਜਗਵਿੰਦਰ ਸਿੰਘ ਗਰੇਵਾਲ ਨੂੰ ਡਰਾਉਣ-ਧਮਕਾਉਣ ਦੀ ਨਿਖੇਧੀ ਕੀਤੀ ਹੈ। ਚੀਮਾ ਨੇ ਕਿਹਾ ਕਿ ਕਾਂਗਰਸੀ ਵਿਧਾਇਕਾਂ ਵੱਲੋਂ ਆਪਣੇ ਸੈਂਕੜੇ ਸਮਰਥਕਾਂ ਨੂੰ ਨਾਲ ਲੈ ਕੇ ਆਪਣੇ ਵਿਰੋਧੀਆਂ ਦੇ ਬਿਨਾਂ ਕਾਰਨ ਧੱਕੇ ਨਾਲ ਕਾਗ਼ਜ਼ ਰੱਦ ਕਰਨ ਲਈ ਏਡੀਸੀ ਨੂੰ ਉਸ ਦੇ ਦਫ਼ਤਰ 'ਚ ਹੀ ਧਮਕਾਉਣਾ ਸਿੱਧੀ 'ਗੁੰਡਾਗਰਦੀ' ਹੈ। ਉਨ੍ਹਾਂ ਕਿਹਾ ਕਿ ਮੀਡੀਆ ਰਿਪੋਰਟਾਂ ਮੁਤਾਬਿਕ ਏਡੀਸੀ ਨੂੰ ਭੱਜ ਕੇ ਜਾਨ ਬਚਾਉਣੀ ਪਈ।

ਉਨ੍ਹਾਂ ਕਿਹਾ ਕਿ ਜੇਕਰ ਸਰਕਾਰੀ ਅਫ਼ਸਰ ਹੀ ਸੁਰੱਖਿਅਤ ਨਹੀਂ ਤੇ ਸੱਤਾ ਦੇ ਨਸ਼ੇ 'ਚ ਕਾਂਗਰਸੀ ਨੁਮਾਇੰਦੇ ਏਡੀਸੀ ਪੱਧਰ ਦੇ ਅਧਿਕਾਰੀ ਨੂੰ ਨਜਾਇਜ਼ ਕੰਮਾਂ ਲਈ ਧਮਕਾ ਰਹੇ ਹਨ ਤਾਂ ਆਮ ਮੁਲਾਜ਼ਮਾਂ-ਕਰਮਚਾਰੀਆਂ ਤੇ ਆਮ ਲੋਕਾਂ 'ਤੇ ਕਿਸ ਪੱਧਰ ਦਾ ਦਬਾਅ ਹੈ, ਇਸ ਘਟਨਾ ਤੋਂ ਸਹਿਜੇ ਹੀ ਅੰਦਾਜ਼ਾ ਲੱਗ ਸਕਦਾ ਹੈ।

ਦੋਵਾਂ ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਗੁੰਡਾਗਰਦੀ 'ਚ ਬਾਦਲਾਂ ਦੀ ਮਾਫ਼ੀਆ ਸਰਕਾਰ ਤੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। ਇਸ ਦੌਰਾਨ ਆਮ ਆਦਮੀ ਪਾਰਟੀ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਨਸੀਬ ਸਿੰਘ ਬਾਵਾ ਤੇ ਹਲਕਾ ਪ੍ਰਧਾਨ ਨਵਦੀਪ ਸਿੰਘ ਸੰਘਾ ਦੀ ਅਗਵਾਈ ਹੇਠ 'ਆਪ' ਵਫ਼ਦ ਨੇ ਤਿੰਨੋਂ ਕਾਂਗਰਸੀ ਵਿਧਾਇਕਾਂ ਵਿਰੁੱਧ ਡਿਪਟੀ ਕਮਿਸ਼ਨਰ ਮੋਗਾ ਨੂੰ ਮੰਗ ਪੱਤਰ ਦੇ ਕੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ।