ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਦੇ ਸੀਨੀਅਰ ਮੈਂਬਰ ਤੇ ਆਈਪੀਐੱਸ ਅਧਿਕਾਰੀ ਆਈਡੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਚੋਣ ਕਮਿਸ਼ਨ ਦੇ ਹੁਕਮਾਂ ਉੱਤੇ ਹੋਏ ਤਬਾਦਲੇ ਨਾਲ ਬਿਲਕੁਲ ਸਹਿਮਤ ਨਹੀਂ ਹੈ। ਮਾਨ ਨੇ ਕਿਹਾ ਕਿ ਪਾਰਟੀ ਇਸ ਮਾਮਲੇ ਉੱਤੇ ਮੁੱਖ ਚੋਣ ਕਮਿਸ਼ਨ ਨੂੰ ਆਪਣੇ ਫ਼ੈਸਲੇ 'ਤੇ ਪੁਨਰ ਵਿਚਾਰ ਕਰਨ ਤੇ ਕੁੰਵਰ ਵਿਜੈ ਪ੍ਰਤਾਪ ਸਿੰਘ ਦੀਆਂ ਸਿਟ ਮੈਂਬਰ ਵਜੋਂ ਸੇਵਾਵਾਂ ਮੁੜ ਬਹਾਲ ਕਰਨ ਦੀ ਅਪੀਲ ਕਰੇਗੀ।

ਮਾਨ ਨੇ ਕਿਹਾ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਇਸ ਬਦਲੀ ਨਾਲ ਬੇਅਦਬੀ ਮਾਮਲੇ ਦੀ ਜਾਂਚ ਪ੍ਰਭਾਵਿਤ ਹੋਵੇਗੀ ਤੇ ਇਸ ਨਾਲ ਦੇਸ਼-ਵਿਦੇਸ਼ ਵਿੱਚ ਬੈਠੇ ਕਰੋੜਾਂ ਸਿੱਖਾਂ ਦੀਆਂ ਡੂੰਘੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਮੰਗਲਵਾਰ ਨੂੰ ਦਿੱਲੀ ਵਿੱਚ ਪੰਜਾਬ ਦੇ ਇੰਚਾਰਜ ਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਕੋਰ ਕਮੇਟੀ ਪੰਜਾਬ ਦੀ ਬੈਠਕ ਉਪਰੰਤ ਭਗਵੰਤ ਮਾਨ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ।

ਭਗਵੰਤ ਮਾਨ ਨੇ ਕਿਹਾ ਕਿ ਬੇਅਦਬੀ ਕਾਂਡ ਦੇ ਦੋਸ਼ਾਂ ਵਿੱਚ ਘਿਰੇ ਸੁਖਬੀਰ ਸਿੰਘ ਬਾਦਲ ਜਾਂ ਉਨ੍ਹਾਂ ਦੀ ਪਾਰਟੀ ਇਹ ਤੈਅ ਕਰਨ ਦਾ ਹੱਕ ਨਹੀਂ ਰੱਖਦੀ ਕਿ ਬੇਅਦਬੀ ਤੇ ਬਹਿਬਲ ਕਲਾਂ ਕਾਂਡ ਦੇ ਮਾਮਲੇ ਦੀ ਜਾਂਚ ਕੌਣ ਕਰੇਗਾ ਤੇ ਕੌਣ ਨਹੀਂ ਕਰੇਗਾ। ਪਹਿਲਾਂ ਬਾਦਲ ਜਸਟਿਸ ਰਣਜੀਤ ਸਿੰਘ ਨੂੰ ਜੱਜ ਨਹੀਂ ਮੰਨਦੇ ਸੀ ਤੇ ਹੁਣ ਇੱਕ ਪੁਲੀਸ ਅਧਿਕਾਰੀ ਦੇ ਨਾਂ 'ਤੇ ਸਿਆਸਤ ਕਰਨ ਲੱਗੇ ਹਨ।

ਭਗਵੰਤ ਮਾਨ ਨੇ ਕਿਹਾ ਕਿ ਕਿਸੇ ਵੀ ਕੀਮਤ 'ਤੇ ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਪ੍ਰਭਾਵਿਤ ਨਹੀਂ ਹੋਣੀ ਚਾਹੀਦੀ। ਇਸ ਲਈ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਬਹਾਲੀ ਲਾਜ਼ਮੀ ਹੈ। ਮਾਨ ਨੇ ਇਸ ਮੁੱਦੇ ਉੱਤੇ ਕੈਪਟਨ ਅਮਰਿੰਦਰ ਸਿੰਘ ਅਤੇ ਨਰਿੰਦਰ ਮੋਦੀ ਸਰਕਾਰ ਦੀ ਬਾਦਲਾਂ ਨਾਲ ਮਿਲੀ ਭੁਗਤ ਦੱਸੀ ਤੇ ਕਿਹਾ ਕਿ ਕੈਪਟਨ ਉੱਤੋਂ-ਉੱਤੋਂ ਹੀ ਬਿਆਨ ਦੇ ਰਹੇ ਹਨ, ਅੰਦਰੋਂ ਬਾਦਲਾਂ ਨਾਲ ਇੱਕ-ਮਿੱਕ ਹਨ।