ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਪੰਜਾਬ ਦੀ ਜਵਾਨੀ ਲਈ ਜਾਨਲੇਵਾ ਸਾਬਤ ਹੋ ਰਹੇ ਨਸ਼ਿਆਂ ਦੇ ਵਿਰੁੱਧ 2 ਜੁਲਾਈ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਿਹਾਇਸ਼ ਵੱਲ ਰੋਸ ਮਾਰਚ ਅਤੇ ਧਰਨਾ ਦੇਵੇਗੀ ਜਦਕਿ ਪਾਰਟੀ ਦਾ ਯੂਥ ਵਿੰਗ ਸ਼ਨੀਵਾਰ 30 ਜੂਨ ਨੂੰ ਸਰਹੱਦੀ ਜ਼ਿਲ੍ਹੇ ਤਰਨਤਾਰਨ ਦੇ ਜ਼ਿਲ੍ਹਾ ਪੁਲਿਸ ਮੁਖੀ ਦਾ ਘਿਰਾਓ ਕਰੇਗਾ।


ਪਾਰਟੀ ਦੇ ਸੂਬਾ ਸਹਿ ਪ੍ਰਧਾਨ ਡਾ. ਬਲਬੀਰ ਸਿੰਘ ਨੇ ਦੱਸਿਆ ਕਿ 2 ਜੁਲਾਈ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਰਕਾਰੀ ਨਿਵਾਸ ਵੱਲ ਪਾਰਟੀ ਦੇ ਸੀਨੀਅਰ ਆਗੂ, ਸਾਰੇ ਜ਼ੋਨ ਪ੍ਰਧਾਨ, ਸਾਰੇ ਵਿਧਾਇਕ, ਪਾਰਟੀ ਦੇ ਪ੍ਰਮੁੱਖ ਆਗੂ ਅਤੇ ਅਹੁਦੇਦਾਰ ਕਾਲੀਆਂ ਪੱਟੀਆਂ ਬੰਨ੍ਹ ਕੇ ਮੁੱਖ ਮੰਤਰੀ ਨਿਵਾਸ ਵੱਲ ਰੋਸ ਮਾਰਚ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਦਾ ਮਕਸਦ ਮੁੱਖ ਮੰਤਰੀ ਦੇ ਨਾਲ-ਨਾਲ ਗ੍ਰਹਿ ਮੰਤਰੀ ਦੀ ਜ਼ਿੰਮੇਵਾਰੀ ਲੈਣ ਦੇ ਬਾਵਜੂਦ ਨਸ਼ਿਆਂ ਦੇ ਦਰਿਆ 'ਚ ਰੋਜ਼ ਡੁੱਬ ਰਹੇ ਨੌਜਵਾਨਾਂ ਤੋਂ ਬੇਖ਼ਬਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ ਫ਼ਰਜ਼ ਪ੍ਰਤੀ ਜਗਾਇਆ ਜਾਵੇਗਾ।


ਇਸ ਦੇ ਨਾਲ ਹੀ 'ਆਪ' ਯੂਥ ਵਿੰਗ ਦੇ ਸੂਬਾ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਪਾਰਟੀ ਦੇ ਯੂਥ ਵਿੰਗ ਵੱਲੋਂ 30 ਜੂਨ ਨੂੰ ਨਸ਼ਿਆਂ ਦੀ ਮਾਰ ਹੇਠ ਸਭ ਤੋਂ ਵੱਧ ਪੀੜਤ ਸਰਹੱਦੀ ਜ਼ਿਲ੍ਹੇ ਤਰਨਤਾਰਨ ਦੇ ਐਸ.ਐਸ.ਪੀ ਦੇ ਦਫ਼ਤਰ ਦਾ ਸਵੇਰੇ 10 ਵਜੇ ਘਿਰਾਓ ਕੀਤਾ ਜਾਵੇਗਾ।