ਯੂਥ ਵਿੰਗ ਦੇ ਅਹੁਦੇਦਾਰਾਂ ਅਤੇ ਵਲੰਟੀਅਰਾਂ ਨੇ ਹੱਥਾਂ ਵਿੱਚ ਸਰਕਾਰ ਵਿਰੁੱਧ ਲਿਖੇ ਨਾਅਰਿਆਂ ਵਾਲੀਆਂ ਤਖ਼ਤੀਆਂ ਫੜ੍ਹ ਕੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਸਰਕਾਰ ਤੋਂ ਬੇਰੁਜ਼ਗਾਰ ਨੌਜਵਾਨਾਂ ਨਾਲ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਨ ਦੀ ਮੰਗ ਕੀਤੀ। ਪ੍ਰਦਰਸ਼ਨ ਵਿੱਚ ਯੂਥ ਵਲੰਟੀਅਰਾਂ ਦੇ ਨਾਲ-ਨਾਲ ਪਾਰਟੀ ਦੇ ਹੋਰ ਅਹੁਦੇਦਾਰ ਵੀ ਸ਼ਾਮਲ ਹੋਏ।
ਇਸ ਮੌਕੇ ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਯੂਥ ਵਿੰਗ ਦੇ ਪ੍ਰਧਾਨ ਮਨਜਿੰਦਰ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਘਰ-ਘਰ ਫਾਰਮ ਭਰ ਕੇ ਘਰ-ਘਰ ਨੌਕਰੀ ਦੇਣ ਜਾਂ 2500 ਰੁਪਏ ਮਹੀਨਾ ਬੇਰੁਜਗਾਰੀ ਭੱਤਾ ਦੇਣ ਦਾ ਵਾਅਦਾ ਕੀਤਾ ਸੀ ਪਰ ਸੱਤਾ ਹਾਸਲ ਕਰਨ ਬਾਅਦ ਸਰਕਾਰ ਨੇ ਇਸ ਤੋਂ ਪੂਰੀ ਤਰ੍ਹਾਂ ਮੁੱਕਰ ਕੇ ਨੌਜਵਾਨਾਂ ਨਾਲ ਧੋਖਾ ਕੀਤਾ ਹੈ।
ਉਨ੍ਹਾਂ ਸਰਕਾਰ ਕੋਲ ਬੇਰੁਜ਼ਗਾਰ ਨੌਜਵਾਨਾਂ ਨੂੰ ਪਿਛਲੇ 23 ਮਹੀਨਿਆਂ ਦੇ ਬੇਰੁਜਗਾਰੀ ਭੱਤੇ ਦੇ ਕਰੀਬ 28 ਹਜ਼ਾਰ ਕਰੋੜ ਰੁਪਏ ਦਾ ਬਕਾਇਆ ਦੇਣ ਲਈ ਆਉਂਦੇ ਸਾਲ ਦੇ ਬਜਟ ਵਿੱਚ ਫੰਡਾਂ ਦਾ ਪ੍ਰਬੰਧ ਕਰਨ ਦੀ ਮੰਗ ਕੀਤੀ। ਸਿੱਧੂ ਨੇ ਐਲਾਨ ਕੀਤਾ ਕਿ ਨੌਜਵਾਨਾਂ ਦੀਆਂ ਮੰਗਾਂ ਮਨਵਾਉਣ ਲਈ ਆਉਂਦੇ ਸਮੇਂ ਯੂਥ ਵਿੰਗ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਅਜਿਹੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।