Punjab News: ਆਪ ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਤੋਂ ਬਾਅਦ ਲੁਧਿਆਣਾ ਪੱਛਮੀ ਤੋਂ ਖਾਲੀ ਹੋਈ ਸੀਟ ਤੇ ਆਮ ਆਦਮੀ ਪਾਰਟੀ (AAP) ਨੇ ਸੰਜੀਵ ਅਰੋੜਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਜਿਸ ਨੂੰ ਲੈ ਕੇ ਨੋਟੀਫਿਕੇਸ਼ਨ ਵੀ ਸਾਂਝਾ ਕੀਤਾ ਗਿਆ ਹੈ। ਇਸ ਤੋਂ ਬਾਅਦ ਵਿਰੋਧੀ ਧਿਰ ਪੂਰੀ ਤਰ੍ਹਾਂ ਨਾਲ ਆਮ ਆਦਮੀ ਪਾਰਟੀ ਨੂੰ ਨਿਸ਼ਾਨਾ ਬਣਾ ਰਹੀ ਹੈ। ਹੁਣ ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਆਪਣਾ ਪੱਖ ਵੀ ਰੱਖਿਆ ਗਿਆ ਹੈ।
ਆਮ ਆਦਮੀ ਪਾਰਟੀ ਵੱਲੋਂ ਪ੍ਰੈਸ ਕਾਨਫ਼ਰੰਸ ਕੀਤੀ ਗਈ ਜਿਸ ਵਿੱਚ ਉਨ੍ਹਾਂ ਤੋਂ ਸੰਜੀਵ ਅਰੋੜਾ ਦੀ ਜ਼ਿਮਨੀ ਚੋਣਾਂ ਵਿੱਚ ਉਮੀਦਵਾਰ ਤੇ ਅਰਵਿੰਦ ਕੇਜਰੀਵਾਲ ਨੂੰ ਰਾਜ ਸਭਾ ਭੇਜਣ ਦੀਆਂ ਚਰਚਾਵਾਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਹਨ।ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਇਨ੍ਹਾਂ ਅਫਵਾਹਾਂ ਦੀ ਸਕਰਿਪਟ ਭਾਰਤੀ ਜਨਤਾ ਪਾਰਟੀ ਦੀ ਝੂਠ ਵਾਲੀ ਫੈਕਟਰੀ ਵਿੱਚ ਤਿਆਰ ਕੀਤੀਆਂ ਜਾਂਦੀਆਂ ਹਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਅੱਗੇ ਲੀਡਰਾਂ ਨੂੰ ਦਿੱਤਾ ਜਾਂਦਾ ਹੈ ਤੇ ਉਹ ਅੱਗੇ ਇਸ ਨੂੰ ਫੈਲਾਉਂਦੇ ਹਨ।
ਇਸ ਮੌਕੇ ਨੀਲ ਗਰਗ ਨੇ ਕਿਹਾ ਕਿ ਅਜੇ ਤਾਂ ਚੋਣਾਂ ਦਾ ਐਲਾਨ ਵੀ ਨਹੀਂ ਹੋਇਆ, ਫਿਰ ਚੋਣਾਂ ਹੋਣਗੀਆਂ ਜਿਸ ਤੋਂ ਬਾਅਦ ਨਤੀਜੇ ਆਉਣਗੇ ਤੇ ਇਸ ਤੋਂ ਬਾਅਦ ਹੀ ਰਾਜ ਸਭਾ ਬਾਰੇ ਕੁਝ ਤੈਅ ਕੀਤਾ ਜਾਵੇਗਾ। ਹਾਲਾਂਕਿ ਇਸ ਮੌਕੇ ਕੇਜਰੀਵਾਲ ਨੂੰ ਭੇਜੇ ਜਾਣ ਤੋਂ ਖੁੱਲ੍ਹਆਮ ਇਨਕਾਰ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਰਾਜ ਸਭਾ ਵਿੱਚ ਉਸੇ ਵਿਅਕਤੀ ਨੂੰ ਭੇਜਿਆ ਜਾਂਦਾ ਹੈ ਜਿਸ ਦੀ ਸਮਾਜ ਨੂੰ ਕੋਈ ਦੇਣ ਹੋਵੇ, ਅਸੀਂ ਕੋਈ ਵਧੀਆ ਲੀਡਰ ਭੇਜਾਂਗੇ।
ਅਕਾਲੀ ਦਲ ਨੇ ਚੁੱਕੇ ਸਵਾਲ
ਮਜੀਠੀਆ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਅਰਵਿੰਦ ਕੇਜਰੀਵਾਲ ਦੀ ਸੱਤਾ ਲਈ ਲਾਲਸਾ ਹੋ ਗਈ ਬੇਨਕਾਬ,ਆਮ ਆਦਮੀ ਪਾਰਟੀ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਲੁਧਿਆਣਾ ਪੱਛਮੀ ਤੋਂ ਉਮੀਦਵਾਰ ਬਣਾ ਦਿੱਤਾ ਹੈ। ਹੁਣ ਉਹਨਾਂ ਦੀ ਰਾਜ ਸਭਾ ਸੀਟ ਖਾਲੀ ਕਰਵਾ ਕੇ ਅਰਵਿੰਦ ਕੇਜਰੀਵਾਲ ਜਾਂ ਮਨੀਸ਼ ਸਿਸੋਦੀਆ ਨੂੰ ਪੰਜਾਬ ਤੋਂ ਰਾਜ ਸਭਾ ਮੈਂਬਰ ਬਣਾਇਆ ਜਾਵੇਗਾ। ਮਜੀਠੀਆ ਨੇ ਕਿਹਾ ਕਿ ਇੱਕ ਵਾਰ ਫਿਰ ਪੰਜਾਬ ਨੂੰ ਦਿੱਲੀ ਵਾਸਤੇ ਕੁਰਬਾਨੀ ਦੇਣ ਲਈ ਤਿਆਰ ਕੀਤਾ ਜਾ ਰਿਹਾ। ਦਿੱਲੀ ਦੀ ਅਧੀਨਗੀ ਪੰਜਾਬ ਨੂੰ ਬਰਬਾਦ ਕਰ ਰਹੀ ਹੈ ਪਰ ਭਗਵੰਤ ਮਾਨ ਜੀ ਕਹਿੰਦੇ ਕੋਈ ਗੱਲ ਨਹੀਂ.ਦਿੱਲੀ ਵਾਲੇ ਖੁਸ਼ ਹੋਣੇ ਚਾਹੀਦੇ ਹਨ। ਪੰਜਾਬ ਦਾ ਕੀ ਐ
ਕਾਂਗਰਸ ਨੇ ਵੀ ਘੇਰੀ ਆਮ ਆਦਮੀ ਪਾਰਟੀ
ਕਾਂਗਰਸ ਦੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸੋਸ਼ਲ ਮੀਡੀਆ ਉੱਤੇ ਵੀਡੀਓ ਸਾਂਝੀ ਕਰਕੇ ਲਿਖਿਆ, ਇਹ ਸਾਜ਼ਿਸ਼ ਸਪੱਸ਼ਟ ਤੌਰ 'ਤੇ ਦਰਸਾਉਂਦੀ ਹੈ ਕਿ ਅਰਵਿੰਦ ਕੇਜਰੀਵਾਲ ਇੱਕ ਦਿਨ ਵੀ ਸੱਤਾ ਤੋਂ ਬਿਨਾਂ ਨਹੀਂ ਰਹਿ ਸਕਦਾ ਕਿਉਂਕਿ ਉਨ੍ਹਾਂ ਨੂੰ ਦਿੱਲੀ ਦੇ ਲੋਕਾਂ ਨੇ ਰੱਦ ਕਰ ਦਿੱਤਾ ਹੈ!ਖਹਿਰਾ ਨੇ ਕਿਹਾ ਕਿ ਮੈਂ ਭਗਵੰਤ ਮਾਨ ਨੂੰ ਇਹ ਵੀ ਸਵਾਲ ਕਰਦਾ ਹਾਂ ਕਿ ਉਹ ਇਸ ਪੰਜਾਬ ਵਿਰੋਧੀ ਕਾਰਵਾਈ ਦਾ ਬਚਾਅ ਕਿਵੇਂ ਕਰਨਗੇ ਕਿਉਂਕਿ ਉਨ੍ਹਾਂ ਨੇ ਅਕਸਰ ਕਾਂਗਰਸ ਦੇ ਵਿਰੋਧੀ ਵਿਧਾਇਕਾਂ 'ਤੇ ਕਾਨਵੈਂਟ ਸਕੂਲਾਂ ਤੋਂ ਪੜ੍ਹ ਕੇ ਪੰਜਾਬੀ ਭਾਸ਼ਾ ਨਾ ਜਾਣਨ ਦਾ ਦੋਸ਼ ਲਗਾਇਆ ਹੈ? ਕੀ ਅਰਵਿੰਦ ਕੇਜਰੀਵਾਲ ਪੰਜਾਬੀ ਵਿੱਚ ਆਪਣਾ ਨਾਮ ਦਸਤਖਤ ਕਰ ਸਕਦਾ ਹੈ