ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਗੰਭੀਰ ਦੋਸ਼ ਲਾਏ ਹਨ। ਆਪ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਸਹਿ-ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਸੋਮਵਾਰ ਨੂੰ ਕੈਪਟਨ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਪੰਜਾਬ ਵਿੱਚ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਆਵਾਜ਼ ਬੁਲੰਦ ਨਹੀਂ ਕੀਤੀ।


ਰਾਘਵ ਚੱਢਾ ਨੇ ਕਿਹਾ ਕਿ "ਜਦੋਂ ਕਿਸਾਨ ਅੰਦੋਲਨ ਲਈ ਦਿੱਲੀ ਬਾਰਡਰ 'ਤੇ ਪਹੁੰਚੇ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦਾ ਸਮਰਥਨ ਕਰਨ ਦੀ ਬਜਾਏ ਆਪਣੇ ਪੁੱਤਰ ਦੇ ਈਡੀ ਕੇਸਾਂ ਬਾਰੇ ਕੇਂਦਰ ਸਰਕਾਰ ਨਾਲ ਗੁਪਤ ਸਮਝੌਤਾ ਕਰ ਲਿਆ।" ਚੱਢਾ ਨੇ ਪੁੱਛਿਆ, "ਕੈਪਟਨ ਅਤੇ ਅਮਿਤ ਸ਼ਾਹ ਵਿਚਕਾਰ ਗੁਪਤ ਮੁਲਾਕਾਤ ਕਿਉਂ ਕੀਤੀ ਗਈ? ਮੀਟਿੰਗ ਵਿਚ ਕੀ ਹੋਇਆ ਸੀ?'' 'ਆਪ' ਆਗੂ ਨੇ ਕਿਹਾ ਕਿ ਪੰਜਾਬ ਦੇ ਲੋਕ ਜਾਣਨਾ ਚਾਹੁੰਦੇ ਹਨ ਕਿ ਕੈਪਟਨ ਨੇ ਆਪਣੇ ਪੁੱਤਰ ਨੂੰ ਭ੍ਰਿਸ਼ਟਾਚਾਰ ਦੇ ਕੇਸਾਂ ਤੋਂ ਬਚਾਉਣ ਲਈ ਮੋਦੀ ਸਰਕਾਰ ਨਾਲ ਸਮਝੌਤਾ ਕਰ ਲਿਆ ਹੈ।

'ਆਪ' ਆਗੂਆਂ ਨੇ ਕਿਹਾ ਕਿ "ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਏ ਗੁਪਤ ਸਮਝੌਤੇ ਦੇ ਤਹਿਤ ਕੈਪਟਨ ਕਿਸਾਨੀ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਹਰ ਸੰਭਵ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰਨ ਤੋਂ ਬਾਅਦ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਹੁਣ ਪੰਜਾਬ ਦੇ ਵਪਾਰੀਆਂ-ਆੜ੍ਹਤੀਆਂ ਦੇ ਘਰਾਂ ਅਤੇ ਦਫ਼ਤਰਾਂ 'ਤੇ ਇਨਕਮ ਟੈਕਸ ਦੇ ਛਾਪੇ ਮਰਵਾ ਕੇ ਬਿਨਾ ਵਜਾ ਪਰੇਸ਼ਾਨ ਕਰ ਰਹੀ ਹੈ, ਕਿਉਂਕਿ ਉਨ੍ਹਾਂ ਦਾ ਇੱਕੋ-ਇੱਕ ਕਸੂਰ ਹੈ ਕਿ ਉਹ ਕਿਸਾਨਾਂ ਦੀ ਲਹਿਰ ਦਾ ਸਮਰਥਨ ਕਰਦੇ ਹੋਏ ਹਰ ਸੰਭਵ ਸਹਾਇਤਾ ਮੁਹੱਈਆ ਕਰਵਾ ਰਹੇ ਹਨ।"

ਉਨ੍ਹਾਂ ਕਿਹਾ ਕਿ "ਕੈਪਟਨ ਨੇ ਉਨ੍ਹਾਂ ਆੜ੍ਹਤੀਆਂ ਨਾਲ ਧੋਖਾ ਕੀਤਾ ਹੈ, ਜਿਨ੍ਹਾਂ ਨੇ ਕੈਪਟਨ ਨੂੰ ਸੱਤਾ ਹਾਸਲ ਕਰਨ ਵਿਚ ਉਨ੍ਹਾਂ ਦੀ ਮਦਦ ਕੀਤੀ ਸੀ। ਕੈਪਟਨ ਨੇ ਆਪਣੀਆਂ ਕਮਜ਼ੋਰੀਆਂ ਕਰਕੇ ਪੰਜਾਬ ਨੂੰ ਵੇਚ ਦਿੱਤਾ ਹੈ ਅਤੇ ਨਰਿੰਦਰ ਮੋਦੀ ਦੇ ਇਸ਼ਾਰਿਆਂ 'ਤੇ ਕਾਰਜ ਕਰਦੇ ਹੋਏ ਕਿਸਾਨ ਦੇ ਸੰਘਰਸ਼ ਨੂੰ 'ਤਾਰਪੀਡੋ' ਕਰਨ ਦੀਆਂ ਸਾਜ਼ਿਸ਼ਾਂ ਕਰ ਰਹੇ ਹਨ।"