Punjab News: ਪੰਜਾਬ ਦੇ ਸੁਲਤਾਨਪੁਰ ਲੋਧੀ-ਜੱਬੋਵਾਲ ਮਾਰਗ 'ਤੇ ਸਥਿਤ ਚੌਲਾਂ ਦੀ ਮਿੱਲ 'ਚ ਉਸ ਵੇਲੇ ਹੜਕੰਪ ਮੱਚ ਗਿਆ, ਜਦੋਂ ਖੂਹੀ ਦੀ ਖੁਦਾਈ ਦੌਰਾਨ ਤਿੰਨ ਮਜ਼ਦੂਰ 25 ਫੁੱਟ ਡੂੰਘੇ ਟੋਏ 'ਚ ਡਿੱਗ ਗਏ। ਘਟਨਾ ਤੋਂ ਬਾਅਦ ਮੌਕੇ 'ਤੇ ਹਫ਼ੜਾ-ਦਫ਼ੜੀ ਦਾ ਮਾਹੌਲ ਬਣ ਗਿਆ ਅਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ।
ਮਿਲੀ ਜਾਣਕਾਰੀ ਮੁਤਾਬਕ ਮਜ਼ਦੂਰ ਰਾਈਸ ਮਿੱਲ 'ਚ ਕਰੀਬ 5 ਫੁੱਟ ਚੌੜੀ ਅਤੇ 25 ਫੁੱਟ ਡੂੰਘੀ ਖੂਹੀ ਪੁੱਟਣ ਦਾ ਕੰਮ ਕਰ ਰਹੇ ਸਨ। ਇਸ ਦੌਰਾਨ ਅਚਾਨਕ ਸੰਤੁਲਨ ਵਿਗੜਨ ਕਾਰਨ ਤਿੰਨੇ ਮਜ਼ਦੂਰ ਖੂਹੀ 'ਚ ਜਾ ਡਿੱਗੇ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ, ਸਿਹਤ ਵਿਭਾਗ ਅਤੇ ਹੋਰ ਰਾਹਤ ਟੀਮਾਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ।
ਪ੍ਰਸ਼ਾਸਨ ਵੱਲੋਂ ਤੁਰੰਤ ਬਚਾਅ ਕਾਰਜ ਸ਼ੁਰੂ ਕਰਕੇ ਕਾਫ਼ੀ ਮੁਸ਼ੱਕਤ ਮਗਰੋਂ ਤਿੰਨਾਂ ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦੀ ਜਾਂਚ ਕੀਤੀ ਗਈ।
ਸਿਵਲ ਹਸਪਤਾਲ ਦੇ ਡਾਕਟਰ ਅਰਪਨ ਸੰਗਰ ਨੇ ਦੱਸਿਆ ਕਿ ਹਸਪਤਾਲ 'ਚ ਲਿਆਂਦੇ ਗਏ ਤਿੰਨਾਂ ਮਜ਼ਦੂਰਾਂ ਦੀ ਹਾਲਤ ਬਿਲਕੁਲ ਠੀਕ ਹੈ ਅਤੇ ਉਹ ਪੂਰੀ ਤਰ੍ਹਾਂ ਖ਼ਤਰੇ ਤੋਂ ਬਾਹਰ ਹਨ।
