Punjab Weather Today: ਪੰਜਾਬ ਦੇ ਕਿਸਾਨਾਂ ਲਈ ਰਾਹਤ ਦੀ ਖਬਰ ਹੈ। ਸੂਬੇ ਵਿੱਚ 28 ਅਕਤੂਬਰ ਤੱਕ ਮੌਸਮ ਖੁਸ਼ਕ ਰਹੇਗਾ। ਇਸ ਨਾਲ ਝੋਨੇ ਦੀ ਕਟਾਈ ਤੇ ਕਣਕ ਦੀ ਬਿਜਾਈ ਪ੍ਰਭਾਵਿਤ ਨਹੀਂ ਹੋਏਗੀ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਪੰਜਾਬ ਵਿੱਚ ਅਗਲੇ ਪੰਜ ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ, ਜਿਸ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਨਾਮੁਮਕਿਨ ਹੈ।
ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਪੰਜਾਬ ਵਿੱਚ 28 ਅਕਤੂਬਰ ਤੱਕ ਮੌਸਮ ਖੁਸ਼ਕ ਰਹੇਗਾ। ਇਸ ਤੋਂ ਬਾਅਦ ਮੌਸਮ 'ਚ ਬਦਲਾਅ ਦੀ ਸੰਭਾਵਨਾ ਹੈ। ਵਿਭਾਗ ਅਨੁਸਾਰ ਸੂਬੇ ਵਿੱਚ ਪੱਛਮੀ ਗੜਬੜੀ ਦੇ ਮੁੜ ਸਰਗਰਮ ਹੋਣ ਦੀ ਸੰਭਾਵਨਾ ਹੈ। ਪਿਛਲੀ ਦਿਨੀਂ ਪੰਜਾਬ 'ਚ ਸਰਗਰਮ ਪੱਛਮੀ ਗੜਬੜੀ ਕਾਰਨ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋਈ ਹੈ। ਇਸ ਕਾਰਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ।
ਉਧਰ, ਪਹਾੜੀ ਇਲਾਕਿਆਂ 'ਚ ਬਰਫਬਾਰੀ ਹੋ ਰਹੀ ਹੈ, ਜਿਸ ਦਾ ਅਸਰ ਮੈਦਾਨੀ ਇਲਾਕਿਆਂ 'ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੰਜਾਬ 'ਚ ਸਰਗਰਮ ਵੈਸਟਰਨ ਡਿਸਟਰਬੈਂਸ ਕਾਰਨ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਕਾਰਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਮੌਸਮ ਵਿੱਚ ਇਸ ਤਰ੍ਹਾਂ ਉਤਰਾਅ-ਚੜ੍ਹਾਅ ਜਾਰੀ ਰਹੇਗਾ।
ਇਸ ਦੇ ਨਾਲ ਹੀ ਸੂਬੇ 'ਚ ਪਿਛਲੇ ਹਫਤੇ ਹੋਈ ਬਾਰਸ਼ ਤੋਂ ਬਾਅਦ ਮੌਸਮ 'ਚ ਬਦਲਾਅ ਆਇਆ ਹੈ। ਸਰਦੀਆਂ ਨੇ ਦਸਤਕ ਦੇ ਦਿੱਤੀ ਹੈ। ਰਾਤਾਂ ਹੁਣ ਠੰਢੀਆਂ ਹੋਣ ਲੱਗ ਪਈਆਂ ਹਨ, ਜਦੋਂਕਿ ਦਿਨ ਵੇਲੇ ਵੀ ਤਾਪਮਾਨ ਡਿੱਗਣਾ ਸ਼ੁਰੂ ਹੋ ਗਿਆ ਹੈ। ਸੋਮਵਾਰ ਨੂੰ ਪਠਾਨਕੋਟ, ਰੋਪੜ ਤੇ ਐਸਬੀਐਸ ਨਗਰ ਵਿੱਚ ਘੱਟੋ-ਘੱਟ ਤਾਪਮਾਨ ਸਭ ਤੋਂ ਘੱਟ ਰਿਹਾ। ਪਠਾਨਕੋਟ ਵਿੱਚ ਘੱਟੋ-ਘੱਟ ਤਾਪਮਾਨ 14.4 ਡਿਗਰੀ ਸੈਲਸੀਅਸ, ਐਸਬੀਐਸ ਨਗਰ ਵਿੱਚ 14.7 ਡਿਗਰੀ ਸੈਲਸੀਅਸ ਤੇ ਰੋਪੜ ਵਿੱਚ 14.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਸੇ ਤਰ੍ਹਾਂ ਜਲੰਧਰ, ਹੁਸ਼ਿਆਰਪੁਰ ਅਤੇ ਮੋਗਾ ਵਿੱਚ ਘੱਟੋ-ਘੱਟ ਤਾਪਮਾਨ 15.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦੋਂਕਿ ਲੁਧਿਆਣਾ ਤੇ ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਦੇ ਆਸ-ਪਾਸ ਦਰਜ ਕੀਤਾ ਗਿਆ। ਜਦੋਂਕਿ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 29 ਤੋਂ 30 ਡਿਗਰੀ ਸੈਲਸੀਅਸ ਦੇ ਆਸ-ਪਾਸ ਰਿਹਾ।