ਰੂਪਨਗਰ: ਤੇਜ਼ਾਬ ਹਮਲੇ ਵਿੱਚ ਪੀੜਤਾਂ ਨੂੰ ਮਿਲਣ ਵਾਲੀ ਮੁਆਵਜ਼ਾ ਰਾਸ਼ੀ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਹੁਣ ਤੇਜ਼ਾਬ ਹਮਲੇ ਦੇ ਪੀੜਤਾਂ ਨੂੰ ਤਿੰਨ ਲੱਖ ਰੁਪਏ ਦਾ ਮੁਆਵਜ਼ਾ ਮਿਲੇਗਾ। ਜੇਕਰ ਹਮਲੇ ਵਿੱਚ ਪੀੜਤ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਦੇ ਵਾਰਸਾਂ ਨੂੰ ਪੰਜ ਲੱਖ ਰੁਪਏ ਦੀ ਰਾਸ਼ੀ ਮੁਆਵਜ਼ੇ ਦੇ ਤੌਰ 'ਤੇ ਦਿੱਤੀ ਜਾਵੇਗੀ। ਰੂਪਨਗਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਚੀਫ਼ ਜਿਊਡੀਸ਼ੀਅਲ ਮੈਜਿਸਟ੍ਰੇਟ ਅਜੀਤ ਪਾਲ ਸਿੰਘ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿਕਟਮ ਕੰਪਨਸੇਸ਼ਨ ਸਕੀਮ 2017 ਤਹਿਤ ਤੇਜ਼ਾਬੀ ਹਮਲੇ ਦੀ ਪੀੜਤ ਨੂੰ ਪੰਜ ਦਿਨਾਂ ਦੇ ਅੰਦਰ ਅੰਦਰ 25 ਹਜ਼ਾਰ ਰੁਪਏ ਮਿਲਣਗੇ। ਇਸ ਤੋਂ ਬਾਅਦ 15 ਦਿਨਾਂ ਦੇ ਅੰਦਰ-ਅੰਦਰ 1 ਲੱਖ ਰੁਪਏ ਦਿੱਤੇ ਜਾਣਗੇ। ਬਾਕੀ 1.75 ਲੱਖ ਯਾਨੀ ਕੁੱਲ ਮਿਲਾ ਕੇ ਤਿੰਨ ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੋ ਮਹੀਨੇ ਦੇ ਅੰਦਰ-ਅੰਦਰ ਦੇ ਦਿੱਤੀ ਜਾਵੇਗੀ। ਮੈਜਿਸਟ੍ਰੇਟ ਨੇ ਦੱਸਿਆ ਕਿ ਇਸੇ ਸਕੀਮ ਤਹਿਤ ਜੇਕਰ ਕਿਸੇ ਪੀੜਤ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਦੇ ਵਾਰਸਾਂ ਨੂੰ ਪੰਜ ਲੱਖ ਦੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਤੇਜ਼ਾਬੀ ਹਮਲੇ ਦੇ ਪੀੜਤਾਂ ਦਾ ਸਰਕਾਰੀ ਤੇ ਮਾਨਤਾ ਪ੍ਰਾਪਤ ਹਸਪਤਾਲਾਂ ਵਿੱਚ ਸੌ ਫ਼ੀਸਦ ਇਲਾਜ ਮੁਫ਼ਤ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾ ਸਿਰਫ਼ ਤੇਜ਼ਾਬੀ ਹਮਲੇ ਬਲਕਿ ਹੋਰਾਂ ਜੁਰਮਾਂ ਦੇ ਪੀੜਤਾਂ ਲਈ ਮੁਆਵਜ਼ਾ ਦਿਵਾਉਣ ਵਿੱਚ ਮਦਦ ਵੀ ਕਰਦੀ ਹੈ।