Punjab News: 2019 ਦੀਆਂ ਲੋਕ ਸਭਾ ਚੋਣਾਂ ਵਿੱਚ ਤਤਕਾਲੀ ਸੰਸਦ ਮੈਂਬਰ ਭਗਵੰਤ ਮਾਨ ਦੇ ਕਾਫ਼ਲੇ ਦਾ ਘਿਰਾਓ ਕਰਨ ਦੇ ਦੋਸ਼ ਹੇਠ ਪੰਜ ਵਿਅਕਤੀਆਂ ਨੂੰ ਦੋ ਧਾਰਾਵਾਂ ਤਹਿਤ ਇੱਕ-ਇੱਕ ਸਾਲ ਅਤੇ ਤਿੰਨ ਮਹੀਨੇ ਦੀ ਸਜ਼ਾ ਸੁਣਾਈ ਗਈ ਹੈ। ਇਸ ਦੇ ਨਾਲ ਹੀ ਪੰਜ ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ਵੀ ਦਿੱਤੇ ਹਨ।


ਜਦੋਂ ਭਗਵੰਤ ਮਾਨ 2019 ਦੀਆਂ ਲੋਕ ਸਭਾ ਚੋਣਾਂ ਲਈ ਪ੍ਰਚਾਰ ਕਰ ਰਹੇ ਸਨ ਤਾਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਵਿਧਾਨ ਸਭਾ ਹਲਕਾ ਮਹਿਲਕਲਾਂ ਵਿੱਚ ਪੁੱਜੇ ਹੋਏ ਸਨ। ਉਥੇ ਗਗਨ ਸਰਾਂ ਕੁਰੜ, ਨਿਰਮਲ ਸਿੰਘ ਛੀਨੀਵਾਲ ਕਲਾਂ, ਪ੍ਰਗਟ ਸਿੰਘ ਮਹਿਲ ਖੁਰਦ, ਕਰਮੋ ਸਿੰਘ ਪੋਲੋ ਹਰਦਾਸਪੁਰਾ ਅਤੇ ਅਮਨਦੀਪ ਸਿੰਘ ਟੱਲੇਵਾਲ ਨੇ ਐਮ.ਪੀ ਮਾਨ ਨਾਲ ਗੱਲਬਾਤ ਕਰਨੀ ਚਾਹੀ ਪਰ ਸੁਰੱਖਿਆ ਗਾਰਡਾਂ ਨੇ ਉਨ੍ਹਾਂ ਨੂੰ ਨੇੜੇ ਨਹੀਂ ਜਾਣ ਦਿੱਤਾ।


ਇਸ ਤੋਂ ਗੁੱਸੇ ਵਿੱਚ ਆਏ ਨੌਜਵਾਨਾਂ ਨੇ ਮਾਨ ਦੇ ਕਾਫ਼ਲੇ ਨੂੰ ਘੇਰ ਲਿਆ ਅਤੇ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਥਾਣਾ ਮਹਿਲ ਕਲਾਂ ਦੀ ਪੁਲਿਸ ਨੇ ਭਗਵੰਤ ਮਾਨ ਦੇ ਸੁਰੱਖਿਆ ਗਾਰਡ ਲਖਵੀਰ ਸਿੰਘ ਵਾਸੀ ਮਰਦਾਨਹੇੜੀ, ਥਾਣਾ ਸਮਾਣਾ ਜ਼ਿਲ੍ਹਾ ਪਟਿਆਲਾ ਦੇ ਬਿਆਨਾਂ ’ਤੇ ਇਨ੍ਹਾਂ ਪੰਜਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।


ਜ਼ਿਕਰ ਕਰ ਦਈਏ ਕਿ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਭਗਵੰਤ ਮਾਨ ਸੰਗਰੂਰ ਤੋਂ ਉਮੀਦਵਾਰ ਸੀ। 2014 ਦੀਆਂ ਚੋਣਾਂ ਵਿੱਚ ਵੀ ਮਾਨ ਨੇ ਸੰਗਰੂਰ ਤੋਂ ਜਿੱਤ ਦਰਜ ਕੀਤੀ ਸੀ ਤੇ ਇਸ ਦੌਰਾਨ 2019 ਦੇ ਚੋਣ ਪ੍ਰਚਾਰ ਦੌਰਾਨ ਮਹਿਲ ਕਲਾਂ ਹਲਕੇ ਵਿੱਚ ਭਗਵੰਤ ਮਾਨ ਨੂੰ ਕਾਫ਼ੀ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ। ਮਹਿਲ ਕਲਾਂ ਤੋਂ ਇਲਾਵਾ ਹੋਰ ਵੀ ਕਈ ਪਿੰਡਾਂ ਵਿੱਚ ਭਗਵੰਤ ਮਾਨ ਦਾ ਵਿਰੋਧ ਵੇਖਣ ਨੂੰ ਮਿਲਿਆ ਸੀ। ਜਿਸ ਤੋਂ ਬਾਅਦ ਬੇਸ਼ੱਕ ਮਾਨ ਨੇ 1 ਲੱਖ ਤੋਂ ਜ਼ਿਆਦਾ ਵੋਟਾਂ ਦੇ ਫਰਕ ਨਾਲ ਸੰਗਰੂਰ ਸੀਟ ਜਿੱਤ ਕੇ ਆਮ ਆਦਮੀ ਪਾਰਟੀ ਦੀ ਝੋਲੀ ਵਿੱਚ ਪਾਈ ਸੀ। 2019 ਦੀਆਂ ਚੋਣਾਂ ਵਿੱਚ ਭਗਵੰਤ ਮਾਨ ਦੇਸ਼ ਵਿੱਚੋੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਵਿੱਚ ਇਕਲੌਤੇ ਸੰਸਦ ਸਨ। 


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।