NIA ਦਾ ਐਕਸ਼ਨ ! ਪੰਜਾਬ ਪੁਲਿਸ ਤੋਂ ਮੰਗੀ ਵਿਦੇਸ਼ ਭੱਜੇ ਗੈਂਗਸਟਰਾਂ ਤੇ ਅੱਤਵਾਦੀਆਂ ਦੀ ਜਾਣਕਾਰੀ, ਸਾਥ ਦੇਣ ਵਾਲੇ ਵੀ ਨਹੀਂ ਬਖ਼ਸ਼ੇ ਜਾਣਗੇ
ਇਹ ਵੀ ਕਿਹਾ ਜਾ ਰਿਹਾ ਹੈ ਕਿ ਏਜੰਸੀ ਵੱਲੋਂ ਵਿਦੇਸ ਭੱਜ ਚੁੱਕੇ ਗੈਂਗਸਟਰਾਂ ਤੇ ਅੱਤਵਾਦੀਆਂ ਨੂੰ ਡਿਪੋਰਟ ਕਰਵਾਉਣ ਦੀ ਪ੍ਰਕੀਰਿਆ ਵੀ ਛੇਤੀ ਹੀ ਸ਼ੁਰੂ ਕੀਤੀ ਜਾਵੇਗੀ ਜਿਸ ਨੂੰ ਲੈ ਕੇ ਇਨ੍ਹਾਂ ਦੀਆਂ ਫੋਟੋਆਂ ਜਾਰੀ ਕਰਕੇ ਲੋਕਾਂ ਤੋਂ ਮਦਦ ਮੰਗੀ ਗਈ ਹੈ।
NIA Action: ਕੌਮੀ ਜਾਂਚ ਏਜੰਸੀ (NIA) ਨੇ ਪੰਜਾਬ ਪੁਲਿਸ (Punjab Police) ਤੋਂ ਉਨ੍ਹਾਂ ਸਾਰੇ ਗੈਂਗਸਟਰਾਂ ਤੇ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਦੀ ਜਾਣਕਾਰੀ ਮੰਗੀ ਹੈ ਜੋ ਇਸ ਵਕਤ ਕੈਨੇਡਾ, ਇੰਗਲੈਂਡ ਤੇ ਅਮਰੀਕਾ ਵਿੱਚ ਲੁਕੇ ਹੋਏ ਹਨ। ਐਨਆਈਏ ਵੱਲੋਂ ਇਨ੍ਹਾਂ ਸਬੰਧੀ ਪੰਜਾਬ ਪੁਲਿਸ ਤੋਂ ਪੂਰੀ ਜਾਣਕਾਰੀ ਮੰਗੀ ਗਈ ਹੈ।
ਕੈਨੇਡਾ ਵਿੱਚ ਖ਼ਾਲਿਸਤਾਨੀ ਸਮਰਥਕ ਹਰਦੀਪ ਨਿੱਝਰ (Hardeep Singh Nijjar) ਦੇ ਕਤਲ ਤੋਂ ਬਾਅਦ ਭਾਰਤ ਤੇ ਕੈਨੇਡਾ ਦੇ ਕੂਟਨੀਤਿਕ ਸਬੰਧਾਂ ਵਿੱਚ ਆਈ ਖਟਾਸ ਤੋਂ ਬਾਅਦ ਕੌਮੀ ਜਾਂਚ ਏਜੰਸੀ ਵੀ ਹਰਕਤ ਵਿੱਚ ਆ ਗਈ ਹੈ। ਪੰਜਾਬ ਪੁਲਿਸ ਦੇ ਸੂਤਰਾਂ ਮੁਤਾਬਕ, ਐਨਆਈਏ ਨੇ ਪਿਛਲੇ ਸਾਲਾਂ ਦੌਰਾਨ ਜਾਅਲੀ ਪਾਸਪੋਰਟ ਬਣਾ ਕੇ ਵਿਦੇਸ਼ ਜਾਣ ਵਾਲੇ ਗੈਂਗਸਟਰਾਂ ਤੇ ਅੱਤਵਾਦੀਆਂ ਦੀ ਪੂਰੀ ਜਾਣਕਾਰੀ ਮੰਗੀ ਹੈ।
ਇਸ ਦੇ ਨਾਲ ਹੀ ਐਨਆਈਏ ਨੇ ਵਿਦੇਸ਼ ਭੱਜ ਚੁੱਕੇ ਗੈਂਗਸਟਰਾਂ ਦੇ ਸਾਥੀਆਂ ਦੀ ਵੀ ਇੱਕ ਸੂਚੀ ਤਿਆਰ ਕਰ ਲਈ ਹੈ ਜਿਨ੍ਹਾਂ ਨੇ ਉਨ੍ਹਾਂ ਦੀ ਵਿਦੇਸ਼ ਭੱਜਣ ਵਿੱਚ ਮਦਦ ਕੀਤੀ ਸੀ। ਇਸ ਦੇ ਨਾਲ ਹੀ ਉਨ੍ਹਾਂ ਸਾਰਿਆਂ ਦੀ ਵੀ ਲਿਸਟ ਤਿਆਰ ਕੀਤੀ ਜਾ ਰਹੀ ਹੈ ਜਿਨ੍ਹਾਂ ਨੇ ਜਾਅਲੀ ਪਾਸਪੋਰਟ ਬਣਾ ਕੇ ਇਨ੍ਹਾਂ ਦੀ ਮਦਦ ਕੀਤੀ ਸੀ, ਭਾਂਵੇ ਉਹ ਲੋਕ ਇਮੀਗ੍ਰੇਸ਼ਨ ਨਾਲ ਜੁੜੇ ਹੋਣ ਤਾਂ ਕਿਸੇ ਹੋਰ ਵਿਭਾਗ ਨਾਲ, ਇਨ੍ਹਾਂ ਸਾਰਿਆਂ ਉੱਤੇ ਕਾਰਵਾਈ ਕਰਨ ਲਈ ਐਨਆਈਏ ਨੇ ਤਿਆਰੀਆਂ ਕਰ ਲਈਆਂ ਹਨ। ਇਸ ਦੇ ਨਾਲ ਇਹ ਵੀ ਕਿਹਾ ਜਾ ਰਿਹਾ ਹੈ ਕਿ ਏਜੰਸੀ ਵੱਲੋਂ ਵਿਦੇਸ ਭੱਜ ਚੁੱਕੇ ਗੈਂਗਸਟਰਾਂ ਤੇ ਅੱਤਵਾਦੀਆਂ ਨੂੰ ਡਿਪੋਰਟ ਕਰਵਾਉਣ ਦੀ ਪ੍ਰਕੀਰਿਆ ਵੀ ਛੇਤੀ ਹੀ ਸ਼ੁਰੂ ਕੀਤੀ ਜਾਵੇਗੀ ਜਿਸ ਨੂੰ ਲੈ ਕੇ ਇਨ੍ਹਾਂ ਦੀਆਂ ਫੋਟੋਆਂ ਜਾਰੀ ਕਰਕੇ ਲੋਕਾਂ ਤੋਂ ਮਦਦ ਮੰਗੀ ਗਈ ਹੈ।
ਜ਼ਿਕਰ ਕਰ ਦਈਏ ਕਿ ਹਾਲ ਵਿੱਚ ਮਾਰਿਆ ਗਿਆ ਗੈਂਗਸਟਰ ਸੁਖਦੁਲ ਸਿੰਘ ਉਰਫ਼ ਸੁੱਖਾ ਦੁੱਨੇਕੇ ਵੀ 2017 ਵਿੱਚ ਜਾਅਲੀ ਪਾਸਪੋਰਟ ਬਣਾ ਕੇ ਕੈਨੇਡਾ ਭੱਜ ਗਿਆ ਸੀ। ਇਸ ਤੋਂ ਇਲਾਵਾ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਬਿਸ਼ਨੋਈ ਵੀ ਜਾਅਲੀ ਪਾਸਪੋਰਟ ਬਣਾ ਕੇ 2022 ਵਿੱਚ ਵਿਦੇਸ਼ ਭੱਜ ਗਿਆ ਸੀ। ਇਹ ਵੀ ਜਾਂਚ ਦੌਰਾਨ ਸਾਹਮਣੇ ਆਇਆ ਸੀ ਕਿ ਅਨਮੋਲ ਬਿਸ਼ਨੋਈ ਨੇ ਭਾਨੂ ਪ੍ਰਤਾਪ ਦੇ ਨਾਂਅ ਉੱਤੇ ਜਾਅਲੀ ਪਾਸਪੋਰਟ ਬਣਾਇਆ ਸੀ ਜਿਸ ਦੀ ਮਦਦ ਨਾਲ ਉਹ ਵਿਦੇਸ਼ ਭੱਜਿਆ ਸੀ। ਇਸ ਤੋਂ ਇਲਾਵਾ ਕਈ ਹੋਰ ਗੈਂਗਸਟਰ ਨੇ ਜੋ ਜਾਅਲੀ ਪਾਸਪੋਰਟ ਦੀ ਮਦਦ ਨਾਲ ਵਿਦੇਸ਼ ਗਏ ਹਨ।