ਹੁਸ਼ਿਆਰਪੁਰ: ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਨੂੰ ਮਹੱਤਤਾ ਦੇਣ ਲਈ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹੇ ਦੇ ਸਮੂਹ ਸਰਕਾਰੀ ਤੇ ਅਰਧ ਸਰਕਾਰੀ ਦਫ਼ਤਰਾਂ, ਵਿਭਾਗਾਂ, ਅਦਾਰਿਆਂ, ਸੰਸਥਾਵਾਂ, ਵਿਦਿਅਕ ਅਦਾਰਿਆਂ,ਬੋਰਡਾਂ, ਨਿਗਮਾਂ, ਗੈਰ ਸਰਕਾਰੀ ਸੰਸਥਾਵਾਂ, ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ, ਸੜਕਾਂ ਦੇ ਨਾਮ, ਨਾਮ ਪੱਟੀਆਂ, ਮੀਲ ਪੱਥਰ ਅਤੇ ਸਾਈਨ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿਚ ਲਿਖਣ ਦੀ ਹਦਾਇਤ ਕੀਤੀ ਹੈ।
ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਉਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿਚ ਲਿਖਿਆ ਜਾਵੇ ਅਤੇ ਜੇਕਰ ਕਿਸੇ ਹੋਰ ਭਾਸ਼ਾ ਵਿਚ ਲਿਖਣਾ ਹੋਵੇ, ਤਾਂ ਪੰਜਾਬੀ ਭਾਸ਼ਾ ਤੋਂ ਹੇਠਾਂ ਲਿਖਿਆ ਜਾਵੇ। ਉਨ੍ਹਾਂ ਕਿਹਾ ਕਿ 21 ਫਰਵਰੀ 2023 ਤੱਕ ਅਜਿਹਾ ਨਾ ਹੋਣ ਦੀ ਸੂਰਤ ਵਿਚ ਪੰਜਾਬ ਰਾਜ ਭਾਸ਼ਾ ਤਰਮੀਮ ਐਕਟ-2008 ਅਤੇ 2021 ਵਿਚ ਦਰਜ ਉਪਬੰਧਾਂ ਅਨੁਸਾਰ ਜ਼ੁਰਮਾਨਾ ਲਗਾਉਣ ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਪੰਜਾਬੀ ਭਾਸ਼ਾ ਲਿਖਣ ਸਮੇਂ ਕੋਈ ਸਮੱਸਿਆ ਦਰਪੇਸ਼ ਆਉਂਦੀ ਹੈ, ਤਾਂ ਉਹ ਇਸ ਸਬੰਧੀ ਜ਼ਿਲ੍ਹਾ ਭਾਸ਼ਾ ਦਫ਼ਤਰ ਨਾਲ ਤਾਲਮੇਲ ਕਰ ਸਕਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਪੂਰਨ ਸਹਿਯੋਗ ਦੇਣ।