ਚੰਡੀਗੜ੍ਹ:  ਪੰਜਾਬ 'ਚ ਗੈਂਗਸਟਰਾਂ 'ਤੇ ਨਕੇਲ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਐਂਟੀ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਸੀ ਜਿਸ ਨੂੰ ਚਲਾਉਣ ਲਈ ਹੁਣ ਡਿਊਟੀਆਂ ਵੀ ਨਿਯੁਕਤ ਕਰ ਦਿੱਤੀਆਂ ਹਨ।  ਆਈਪੀਐੱਸ ਪ੍ਰਮੋਦ ਬਾਨ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਏਡੀਜੀਪੀ ਲਾਏ ਗਏ ਹਨ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਆਈਪੀਐੱਸ ਗੁਰਪ੍ਰੀਤ ਭੁੱਲਰ ਲਾਏ ਗਏ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਡੀਆਈਜੀ। ਇਸ ਦੇ ਨਾਲ ਹੀ ਆਈਪੀਐੱਸ ਗੁਰਮੀਤ ਸਿੰਘ ਚੋਹਾਨ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਏਆਈਜੀ ਨਿਯੁਕਤ ਕਰ ਦਿੱਤੇ ਗਏ ਹਨ।


ਦਸ ਦਈਏ ਕਿ ਪੰਜਾਬ ਵਿੱਚ ਅਪਰਾਧਾਂ ਨੂੰ ਠੱਲ੍ਹ ਪਾਉਣ ਲਈ ਸੀਐਮ ਭਗਵੰਤ ਮਾਨ ਵੱਲੋਂ ਦੋ ਦਿਨ ਪਹਿਲਾਂ ਹੀ ਵੱਡਾ ਫੈਸਲਾ ਲਿਆ ਗਿਆ। 5 ਅਪ੍ਰੈਲ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਸੂਬੇ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ ਬਣਾਈ ਜਾਵੇਗੀ। ਪੰਜਾਬ ਸਰਕਾਰ ਵੱਲੋਂ ਦੱਸਿਆ ਗਿਆ ਹੈ ਕਿ ਗੈਂਗਸਟਰ ਵਿਰੋਧੀ ਟਾਸਕ ਫੋਰਸ ਦੀ ਅਗਵਾਈ ਏਡੀਜੀ ਰੈਂਕ ਦੇ ਅਧਿਕਾਰੀ ਕਰਨਗੇ। ਮੰਗਲਵਾਰ ਸਵੇਰੇ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਹੋ ਰਹੇ ਅਪਰਾਧਾਂ ਨੂੰ ਰੋਕਣ ਲਈ ਇੱਕ ਅਹਿਮ ਮੀਟਿੰਗ ਬੁਲਾਈ ਗਈ ਸੀ। ਇਸ ਮੀਟਿੰਗ ਤੋਂ ਬਾਅਦ ਸਰਕਾਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ, ''ਸੂਬੇ ਵਿੱਚ ਗੈਂਗਸਟਰ ਵਿਰੋਧੀ ਟਾਸਕ ਫੋਰਸ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਏਡੀਜੀ ਰੈਂਕ ਦਾ ਅਧਿਕਾਰੀ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਮੁਖੀ ਹੋਵੇਗਾ।


ਦੱਸ ਦੇਈਏ ਕਿ ਭਗਵੰਤ ਮਾਨ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੇ 20 ਦਿਨ ਬੀਤ ਚੁੱਕੇ ਹਨ। ਪਹਿਲੀ ਵਾਰ ਪੂਰੇ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਵਿਚ ਅਪਰਾਧਿਕ ਘਟਨਾਵਾਂ ਜ਼ਿਆਦਾ ਚਰਚਾ ਵਿਚ ਆ ਗਈਆਂ ਸਨ। ਕਾਂਗਰਸ ਪਾਰਟੀ ਵੱਲੋਂ ਅਮਨ ਕਾਨੂੰਨ ਦੇ ਮੁੱਦੇ ਨੂੰ ਲੈ ਕੇ ਸੀਐਮ ਭਗਵੰਤ ਮਾਨ 'ਤੇ ਸਵਾਲ ਚੁੱਕੇ ਜਾ ਰਹੇ ਹਨ। ਇਨ੍ਹਾਂ ਗੱਲਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਇਸ ਸਬੰਧੀ ਵੱਡਾ ਫੈਸਲਾ ਲਿਆ  ਸੀ।

 

ਪੁਲਿਸ ਦਾ ਵੀ ਕੀਤਾ ਜਾਵੇਗਾ ਵਿਸਥਾਰ 

 

ਪੰਜਾਬ ਸਰਕਾਰ ਪਹਿਲਾਂ ਹੀ ਪੁਲਿਸ ਨੂੰ ਹੋਰ ਮਜ਼ਬੂਤ ​​ਕਰਨ ਦਾ ਦਾਅਵਾ ਕਰ ਚੁੱਕੀ ਹੈ। ਮੁੱਖ ਮੰਤਰੀ ਬਣਨ ਤੋਂ ਤੁਰੰਤ ਬਾਅਦ ਭਗਵੰਤ ਮਾਨ ਨੇ ਪੁਲਿਸ ਵਿੱਚ 10,000 ਮੁਲਾਜ਼ਮਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ।

 

ਤੁਹਾਨੂੰ ਦੱਸ ਦੇਈਏ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਆਪਣੇ ਕੰਮ ਨੂੰ ਮਾਡਲ ਬਣਾ ਕੇ ਦੂਜੇ ਰਾਜਾਂ ਸਾਹਮਣੇ ਪੇਸ਼ ਕਰਨਾ ਚਾਹੁੰਦੀ ਹੈ। ਆਮ ਆਦਮੀ ਪਾਰਟੀ ਦੀ ਨਜ਼ਰ ਇਸ ਸਾਲ ਹੋਣ ਵਾਲੀਆਂ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਚੋਣਾਂ 'ਤੇ ਹੈ।