ਚੰਡੀਗੜ੍ਹ/ਤਰਨ ਤਾਰਨ: ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਠੱਕਰਪੁਰਾ ਵਿੱਚ ਸਥਿਤ ਕ੍ਰਿਸ਼ਚਨ ਭਾਈਚਾਰੇ ਦੀ ਕੈਥੋਲਿਕ ਚਰਚ ਵਿੱਚ ਮੂਰਤੀਆਂ ਦੀ ਭੰਨ ਤੋੜ ਕਰਕੇ ਬੇਅਦਬੀ ਕਰਨ ਦਾ ਮਾਮਲੇ ਦੀ ਜਾਂਚ ਜਾਰੀ ਹੈ।ਇਸ ਕੇਸ ਵਿੱਚ ਵਿਸ਼ੇਸ਼ ਜਾਂਚ ਟੀਮ ਤਫ਼ਤੀਸ਼ ਕਰ ਰਹੀ ਹੈ।ਕੱਲ੍ਹ ਏਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਇਸ SIT ਨਾਲ ਮੁਲਾਕਾਤ ਕੀਤੀ ਅਤੇ ਘਟਨਾ ਵਾਲੀ ਥਾਂ ਦਾ ਦੌਰਾ ਵੀ ਕੀਤਾ।
ਪੰਜਾਬ ਸਰਕਾਰ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਟਵੀਟ ਕੀਤਾ, "ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਏਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਤਰਨਤਾਰਨ ਦੇ ਚਰਚ ਵਿੱਚ ਬੇਅਦਬੀ ਅਤੇ ਅੱਗ ਦੀ ਘਟਨਾ ਦੀ ਜਾਂਚ ਕਰ ਰਹੀ ਐਸਆਈਟੀ ਨਾਲ ਮੀਟਿੰਗ ਕੀਤੀ। ਬਾਅਦ ਵਿੱਚ, ਏਡੀਜੀਪੀ ਨੇ ਐਸਆਈਟੀ ਮੈਂਬਰਾਂ ਦੇ ਨਾਲ ਜਾਂਚ ਦੀ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ ਕ੍ਰਾਇਮ ਸਪੋਟ ਦਾ ਦੌਰਾ ਵੀ ਕੀਤਾ।"
30 ਅਗਸਤ ਦੀ ਰਾਤ ਨੂੰ ਕੈਥੋਲਿਕ ਚਰਚ ਵਿੱਚ ਦੇਰ ਰਾਤ ਕੁਝ ਲੋਕਾਂ ਨੇ ਭੰਨਤੋੜ ਕੀਤੀ।ਇਸ ਦੌਰਾਨ ਸ਼ਰਾਰਤੀ ਅਨਸਰਾਂ ਵੱਲੋਂ ਚਰਚ ਅੰਦਰ ਖੜ੍ਹੀ ਇਕ ਕਾਰ ਨੂੰ ਅੱਗ ਲਗਾ ਕੇ ਸਾੜ ਦਿੱਤਾ ਗਿਆ ਸੀ।ਸ਼ਰਾਰਤੀ ਅਨਸਰ ਚਰਚ 'ਚ ਦਾਖਲ ਹੋ ਕੇ ਮਾਂ ਮਰੀਅਮ ਦੀ ਮੂਰਤੀ ਦਾ ਸਿਰ ਤੋੜ ਕੇ ਨਾਲ ਲੈ ਗਏ ਅਤੇ ਪ੍ਰਭੂ ਯਿਸੂ ਮਸੀਹ ਦੀ ਮੂਰਤੀ ਦੀ ਭੰਨਤੋੜ ਕੀਤੀ।ਇਹ ਸਾਰੀ ਘਟਨਾ ਚਰਚ 'ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ 'ਚ ਕੈਦ ਹੋ ਗਈ।ਇਸ ਘਟਨਾ ਤੋਂ ਬਾਅਦ ਈਸਾਈ ਭਾਈਚਾਰੇ 'ਚ ਕਾਫ਼ੀ ਜ਼ਿਆਦਾ ਰੋਸ ਪਾਇਆ ਗਿਆ ਅਤੇ ਉਨ੍ਹਾਂ ਪੱਟੀ ਚੌਂਕ ਨੂੰ ਜਾਮ ਕਰ ਦਿੱਤਾ।ਹਾਲਾਂਕਿ ਪ੍ਰਸ਼ਾਸਨ ਦੇ ਭਰੋਸਾ ਦੇਣ ਮਗਰੋਂ ਧਰਨਾ ਚੁੱਕ ਲਿਆ ਗਿਆ ਸੀ।
ਇਸ ਘਟਨਾ ਦੀ ਸੂਚਨਾ ਮਿਲਦੇ ਹੀ ਜ਼ਿਲ੍ਹੇ ਦੇ ਉੱਚ ਪੁਲਿਸ ਅਧਿਕਾਰੀ ਮੌਕੇ 'ਤੇ ਪੁੱਜੇ। ਪੁਲਿਸ ਨੇ ਸੀ.ਸੀ.ਟੀ.ਵੀ. ਫੁਟੇਜ ਨੂੰ ਕਬਜ਼ੇ 'ਚ ਲੈ ਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ।ਪੁਲਿਸ ਦਾ ਦਾਅਵਾ ਹੈ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਪੁਲਿਸ ਦੇ ਹੱਥ ਖਾਲੀ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ