Marriage Act: ਆਨੰਦ ਕਾਰਜ ਐਕਟ ਨੂੰ ਲੈ ਕੇ ਮੀਟਿੰਗ ਮੁਲਤਵੀ, ਦਾਦੂਵਾਲ ਦੀ ਸੀਐਮ ਭਗਵੰਤ ਮਾਨ ਨੂੰ ਦਿੱਤੀ ਇਸ ਸਲਾਹ ਕਰਕੇ ਨਹੀਂ ਹੋ ਸਕੀ ਬੈਠਕ !
Anand Marriage Act: ਅੱਜ ਦੀ ਮੀਟਿੰਗ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ਼ਾਮਲ ਹੋਣ ਲਈ ਸੱਦਾ ਨਹੀਂ ਦਿੱਤਾ ਗਿਆ। ਜਿਸ 'ਤੇ ਅਕਾਲੀ ਦਲ ਨੇ ਸਵਾਲ ਖੜ੍ਹੇ ਕੀਤੇ ਹਨ। ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ...
ਚੰਡੀਗੜ੍ਹ (ਪ੍ਰਭਜੋਤ ਕੌਰ): ਆਨੰਦ ਮੈਰਿਜ ਐਕਟ ਵਿੱਚ ਸੋਧ ਕਰਨ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਵੱਲੋਂ ਸਿੱਖ ਨੁਮਾਇੰਦਿਆਂ ਤੇ ਸਿੱਖ ਚਿੰਤਕਾਂ ਨਾਲ ਅੱਜ ਦੁਪਹਿਰ ਅੱਜ 1 ਵਜੇ ਬੈਠਕ ਸੱਦੀ ਗਈ ਸੀ, ਜਿਸ ਨੂੰ ਹਾਲ ਦੀ ਘੜੀ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਹਰਿਆਣਾ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਵੱਲੋਂ ਦਿੱਤੀ ਗਈ ਹੈ। ਇਸ ਬੈਠਕ ਵਿੱਚ ਬਲਜੀਤ ਸਿੰਘ ਦਾਦੂਵਾਲ ਨੂੰ ਵੀ ਸੱਦਾ ਦਿੱਤਾ ਗਿਆ ਸੀ।
ਦਾਦੂਵਾਲ ਨੇ ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਨੰਦ ਮੈਰਿਜ ਐਕਟ ਵਿੱਚ ਸੋਧ ਕਰਨ ਬਾਬਤ ਗੱਲਬਾਤ ਕਰਨ ਲਈ ਸੱਦਾ ਭੇਜਿਆ ਸੀ। ਅੱਜ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਫੋਨ 'ਤੇ ਗੱਲ ਹੋਈ ਤਾਂ ਮੈਂ ਉਹਨਾਂ ਨੂੰ ਸੁਝਾਅ ਦਿੱਤਾ ਸੀ ਕਿ ਦੇਸ਼ ਭਰ ਤੋਂ ਸਿੱਖ ਨੁਮਾਇੰਦਿਆਂ ਨਾਲ ਮੀਟਿੰਗ ਕਰਨੀ ਚਾਹੀਦੀ ਹੈ। ਦਿੱਲੀ ਗੁਰਦੁਆਰਾ ਕਮੇਟੀ, ਸ਼੍ਰੋਮਣੀ ਕਮੇਟੀ, ਹਰਿਆਣਾ ਗੁਰਦੁਆਰਾ ਕਮੇਟੀ, ਤਖਤ ਪਟਨਾ ਸਾਹਿਬ ਦੀ ਕਮੇਟੀ, ਤਖਤ ਸ੍ਰੀ ਹਜ਼ੂਰ ਸਾਹਿਬ ਦੀ ਕਮੇਟੀ ਤੇ ਹੋਰ ਸੂਬਿਆਂ ਦੇ ਸਿੱਖ ਪ੍ਰਤੀਨਿਧਾਂ ਨੂੰ ਸੱਦ ਕੇ ਮੀਟਿੰਗ ਕਰਨੀ ਚਾਹੀਦੀ ਹੈ।
ਜਿਸ ਤੋਂ ਬਾਅਦ ਸਰਕਾਰ ਵੱਲੋਂ ਅੱਜ ਇਹ ਮੀਟਿੰਗ ਨਹੀਂ ਕੀਤੀ ਗਈ। ਅੱਜ ਦੀ ਮੀਟਿੰਗ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ਼ਾਮਲ ਹੋਣ ਲਈ ਸੱਦਾ ਨਹੀਂ ਦਿੱਤਾ ਗਿਆ। ਜਿਸ 'ਤੇ ਅਕਾਲੀ ਦਲ ਨੇ ਸਵਾਲ ਖੜ੍ਹੇ ਕੀਤੇ ਹਨ। ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਿੱਖਾਂ ਦੀ ਸਰਵਉੱਚ ਸੰਸਥਾ SGPC ਨੂੰ ਆਨੰਦ ਮੈਰਿਜ ਐਕਟ ਸਬੰਧੀ ਗੱਲਬਾਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸੱਦਾ ਨਾ ਭੇਜਣਾ ਨਿੰਦਣਯੋਗ ਹੈ।
ਜ਼ਿਕਰ ਕਰ ਦਈਏ ਕਿ ਇਸ ਬੈਠਕ ਵਿੱਚ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਜੋ ਕਿ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਵੀ ਹਨ ਇਹਨਾਂ ਨੂੰ ਵੀ ਬੈਠਕ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਇਹਨਾਂ ਤੋਂ ਇਲਾਵਾ ਹਰਿਆਣਾ ਕਮੇਟੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ, ਬਾਬਾ ਬਲਬੀਰ ਸਿੰਘ ਬੁੱਢਾ ਦਲ, ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ, ਬਾਬਾ ਸਰਬਜੋਤ ਸਿੰਘ ਬੇਦੀ, ਐਮ ਦਰਸ਼ਨ ਐਸ ਸ਼ਾਸਤਰੀ, ਪ੍ਰੋ. ਮਨਜੀਤ ਸਿੰਘ ਨਿੱਜਰ, ਪ੍ਰੋ. ਸੁਖਦਿਆਲ ਸਿੰਘ ਹੋਰਾਂ ਨੂੰ ਬੈਠਕ ਵਿੱਚ ਸ਼ਾਮਲ ਹੋਣ ਲਈ ਸੱਦਾ ਭੇਜਿਆ ਗਿਆ ਹੈ।