Harvesting Wheat: ਪੰਜਾਬ ਵਿੱਚ ਕਣਕ ਦੀ ਖਰੀਦ ਇੱਕ ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ। ਕਣਕ ਦੀ ਕਟਾਈ ਨੂੰ ਲੈ ਕੇ ਜਿਲ੍ਹਾ ਪ੍ਰਸ਼ਾਸਨ ਆਪੋ ਆਪਣੇ ਪੱਧਰ 'ਤੇ ਸਖ਼ਤੀਆਂ ਕਰ ਰਿਹਾ ਹੈ। ਇਸੇ ਤਹਿਤ ਫਤਹਿਗੜ੍ਹ ਸਾਹਿਬ ਜਿਲ੍ਹਾ ਪ੍ਰਸ਼ਾਸਨ ਨੇ ਕੰਬਾਇਨਾਂ ਰਾਹੀਂ ਕਣਕ ਦੀ ਕਟਾਈ 'ਤੇ ਹਦਾਇਤਾਂ ਜਾਰੀ ਕੀਤੀਆਂ ਹਨ।
ਜਿਲ੍ਹਾ ਮੈਜਿਸਟਰੇਟ ਪਰਨੀਤ ਸੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਸ਼ਾਮ 07.00 ਵਜੇ ਤੋਂ ਲੈ ਕੇ ਸਵੇਰੇ 06.00 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਦਾ ਹੁਕਮ ਜਾਰੀ ਕੀਤੇ ਹਨ।
ਉਨ੍ਹਾਂ ਦੱਸਿਆ ਕਿ ਸਾਲ 2024 ਦੌਰਾਨ ਕਣਕ ਦੀ ਫਸਲ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਇਹ ਆਮ ਵੇਖਣ ਵਿੱਚ ਆਇਆ ਹੈ ਕਿ ਕਈ ਵਾਰ ਕਣਕ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ। ਇਹ ਕੰਬਾਇਨਾਂ ਰਾਤ ਵੇਲੇ ਸਿੱਲ੍ਹੀ ਅਤੇ ਨਮ ਕਣਕ ਕੱਟ ਦਿੰਦੀਆਂ ਹਨ। ਜਿਸ ਨਾਲ ਨਮੀ ਵਾਲੀ ਕਣਕ ਦੀ ਮਿਕਦਾਰ ਬਹੁਤ ਜਿਆਦਾ ਹੋ ਜਾਂਦੀ ਹੈ।
ਜਦੋਂ ਇਹ ਸਿੱਲੀ ਕਣਕ ਮੰਡੀਆਂ ਵਿੱਚ ਵਿਕਣ ਲਈ ਲਿਆਂਦੀ ਜਾਂਦੀ ਹੈ ਤਾਂ ਨਮੀ ਪ੍ਰਵਾਨਿਤ ਹੱਦ ਨਾਲੋਂ ਜਿਆਦਾ ਹੋਣ ਕਾਰਨ ਖਰੀਦ ਏਜੰਸੀਆਂ ਖਰੀਦ ਕਰਨ ਤੋਂ ਇਨਕਾਰ ਕਰ ਦਿੰਦੀਆਂ ਹਨ। ਸਿੱਟੇ ਵਜੋਂ ਮੰਡੀਆਂ ਵਿੱਚ ਅਣਵਿਕੀ ਕਣਕ ਦੇ ਅੰਬਾਰ ਜਮ੍ਹਾਂ ਹੋ ਜਾਂਦੇ ਹਨ।
ਕਣਕ ਸਮੇਂ ਸਿਰ ਨਾ ਵਿਕਣ ਕਾਰਨ ਕਿਸਾਨਾਂ ਵਿੱਚ ਰੋਸ ਪੈਦਾ ਹੁੰਦਾ ਹੈ। ਜਿਸ ਨਾਲ ਅਮਨ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੁੰਦਾ ਹੈ। ਇਸ ਲਈ ਜਿਲ੍ਹੇ ਅੰਦਰ ਸ਼ਾਮ 07.00 ਵਜੇ ਤੋਂ ਲੈ ਕੇ ਸਵੇਰੇ 06.00 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਹੋਵੇਗੀ। ਇਹ ਹੁਕਮ 31 ਮਈ 2024 ਤੱਕ ਲਾਗੂ ਰਹਿਣਗੇ।
ਪੰਜਾਬ ਮੰਡੀ ਬੋਰਡ ਨੇ ਕਣਕ ਦੀ ਖਰੀਦ ਲਈ ਸੰਗਰੂਰ ਵਿੱਚ 172 ਅਤੇ ਮਲੇਰਕੋਟਲਾ ਵਿੱਚ 46 ਖਰੀਦ ਕੇਂਦਰ ਬਣਾਏ ਗਏ ਹਨ। ਇਸ ਤੋਂ ਇਲਾਵਾ ਆਰਜ਼ੀ ਖਰੀਦ ਕੇਂਦਰ ਵੀ ਤਿਆਰ ਕੀਤੇ ਜਾਣਗੇ ਤਾਂ ਜੋ ਕਿਸਾਨਾਂ ਨੂੰ ਕਣਕ ਦੀ ਵਿਕਰੀ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾਂ ਕਰਨਾ ਪਵੇ।
ਵਿਭਾਗ ਨੇ ਸੰਗਰੂਰ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਵਿੱਚ 10.02 ਲੱਖ ਮੀਟ੍ਰਿਕ ਟਨ, ਬਠਿੰਡਾ, ਅੰਮ੍ਰਿਤਸਰ ਵਿੱਚ 8.50 ਲੱਖ, ਲੁਧਿਆਣਾ ਵਿੱਚ 8.13 ਲੱਖ, ਮੋਗਾ ਵਿੱਚ 6.92 ਲੱਖ, ਜਲੰਧਰ ਵਿੱਚ 5 ਲੱਖ, ਤਰਨਤਾਰਨ ਵਿੱਚ 4 ਲੱਖ, ਜਦਕਿ ਹੁਸ਼ਿਆਰਪੁਰ 'ਚ 3 ਲੱਖ 40 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਖਰੀਦ ਦਾ ਟੀਚਾ ਮਿਥਿਆ ਗਿਆ ਹੈ। ਪਨਸਪ, ਵੇਅਰਹਾਊਸ, ਮਾਰਕਫੈੱਡ, ਪਨਗ੍ਰੇਨ ਅਤੇ ਐਫਸੀਆਈ ਕਣਕ ਦੀ ਖਰੀਦ ਕਰਨਗੇ। ਸਰਕਾਰੀ ਰੇਟ 2275 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ।