Canada Advisory travel to India: ਕੈਨੇਡਾ ਨੇ ਭਾਰਤ ਯਾਤਰਾ ਲਈ ਸੋਧੀ ਹੋਈ ਐਡਵਾਈਜ਼ਰੀ ਜਾਰੀ ਕਰਦਿਆਂ ਆਪਣੇ ਨਾਗਰਿਕਾਂ ਨੂੰ ਪੰਜਾਬ, ਗੁਜਰਾਤ ਤੇ ਰਾਜਸਥਾਨ ਸਣੇ ਕੁਝ ਹੋਰਨਾਂ ਸੂਬਿਆਂ ਵਿੱਚ ਸਫ਼ਰ ਕਰਨ ਮੌਕੇ ਵਧੇਰੇ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ।


ਕੈਨੇਡਾ ਨੇ ਇਹ ਸਲਾਹ ਅਜਿਹੇ ਮੌਕੇ ਦਿੱਤੀ ਹੈ, ਜਦੋਂ ਭਾਰਤ ਨੇ ਲੰਘੇ ਦਿਨੀਂ ਕੈਨੇਡਾ ਰਹਿੰਦੇ ਆਪਣੇ ਨਾਗਰਿਕਾਂ ਨੂੰ ਉਥੇ ਵਧੇ ਨਫ਼ਰਤੀ ਅਪਰਾਧ, ਹਿੰਸਾ ਤੇ ਹੋਰ ਭਾਰਤ ਵਿਰੋਧੀ ਸਰਗਰਮੀਆਂ ਦੇ ਹਵਾਲੇ ਨਾਲ ਚੌਕਸ ਰਹਿਣ ਤੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਸੀ।


ਸੋਧੀ ਹੋਈ ਸਲਾਹ ਵਿੱਚ ਕੈਨੇਡਿਆਈ ਨਾਗਰਿਕਾਂ ਨੂੰ ਦਹਿਸ਼ਤੀ ਘਟਨਾਵਾਂ ਦੇ ਹਵਾਲੇ ਨਾਲ ਅਸਾਮ, ਮਨੀਪੁਰ ਤੇ ਜੰਮੂ ਕਸ਼ਮੀਰ ਤੇ ਲੱਦਾਖ ਦੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਯਾਤਰਾ ਨਾ ਕਰਨ ਸਲਾਹ ਦਿੱਤੀ ਹੈ।


ਕੈਨੇਡਾ ਸਰਕਾਰ ਵੱਲੋਂ ਆਪਣੀ ਵੈੱਬਸਾਈਟ ‘ਤੇ ਜਾਰੀ ਕੀਤੀ ਯਾਤਰਾ ਸਲਾਹ, ਜਿਸ ਨੂੰ ਆਖਰੀ ਵਾਰ 27 ਸਤੰਬਰ ਨੂੰ ਅਪਡੇਟ ਕੀਤਾ ਗਿਆ ਸੀ, ਵਿੱਚ ਆਪਣੇ ਨਾਗਰਿਕਾਂ ਨੂੰ ਦੇਸ਼ ਭਰ ਵਿੱਚ ਅੱਤਵਾਦੀ ਹਮਲਿਆਂ ਦੇ ਖਤਰੇ ਦੇ ਕਾਰਨ ਭਾਰਤ ਵਿੱਚ ਉੱਚ ਪੱਧਰੀ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ। ਇਸ ਐਡਵਾਈਜ਼ਰੀ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਵਿੱਚ ਜਾਂ ਉਸ ਦੇ ਅੰਦਰ ਯਾਤਰਾ ਕਰਨਾ ਸ਼ਾਮਿਲ ਨਹੀਂ ਹੈ। ਐਡਵਾਇਜ਼ਰੀ ਨੇ ਲੋਕਾਂ ਨੂੰ ‘ਅੱਤਵਾਦ ਅਤੇ ਕੱਟੜਵਾਦ ਦੇ ਖਤਰੇ ਦੇ ਕਾਰਨ’ ਅਸਾਮ ਅਤੇ ਮਨੀਪੁਰ ਦੀ ਗੈਰ-ਜ਼ਰੂਰੀ ਯਾਤਰਾ ਤੋਂ ਬਚਣ ਦੀ ਵੀ ਅਪੀਲ ਕੀਤੀ ਹੈ।


ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਭਾਰਤ ਨੇ 23 ਸਤੰਬਰ ਨੂੰ ਕੈਨੇਡਾ ਵਿੱਚ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ ਦੇਸ਼ ਵਿੱਚ ਵੱਧ ਰਹੇ ਅਪਰਾਧਾਂ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਦੇ ਵਿਚਕਾਰ ਚੌਕਸ ਰਹਿਣ ਲਈ ਇੱਕ ਸਲਾਹ ਜਾਰੀ ਕੀਤੀ ਸੀ । ਵਿਦੇਸ਼ ਮੰਤਰਾਲੇ (MEA) ਨੇ ਇੱਕ ਬਿਆਨ ਵਿੱਚ ਕਿਹਾ ਕਿ ਕੈਨੇਡਾ ਵਿੱਚ ਭਾਰਤੀ ਮਿਸ਼ਨਾਂ ਨੇ ਇਨ੍ਹਾਂ ਘਟਨਾਵਾਂ ਨੂੰ ਕੈਨੇਡੀਅਨ ਅਧਿਕਾਰੀਆਂ ਕੋਲ ਉਠਾਇਆ ਹੈ ਅਤੇ ਉਨ੍ਹਾਂ ਨੂੰ ਇਨ੍ਹਾਂ ਅਪਰਾਧਾਂ ਦੀ ਜਾਂਚ ਕਰਨ ਦੀ ਬੇਨਤੀ ਕੀਤੀ ਹੈ।


ਦੱਸ ਦੇਈਏ ਕਿ ਐਡਵਾਇਜ਼ਰੀ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਕੈਨੇਡਾ ਵਿੱਚ ਭਾਰਤੀ ਨਾਗਰਿਕ ਅਤੇ ਵਿਦਿਆਰਥੀ ਆਪਣੀ ਵੈੱਬਸਾਈਟ ਜਾਂ ਮਦਦ ਪੋਰਟਲ madad.gov.in ਰਾਹੀਂ ਓਟਾਵਾ ਵਿੱਚ ਭਾਰਤ ਦੇ ਹਾਈ ਕਮਿਸ਼ਨ ਜਾਂ ਟੋਰਾਂਟੋ ਅਤੇ ਵੈਨਕੂਵਰ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਕੋਲ ਰਜਿਸਟਰ ਕਰ ਸਕਦੇ ਹਨ। ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ ਕਿ ਰਜਿਸਟ੍ਰੇਸ਼ਨ ਹਾਈ ਕਮਿਸ਼ਨ ਅਤੇ ਕੌਂਸਲੇਟ ਜਨਰਲ ਨੂੰ ਕਿਸੇ ਵੀ ਜ਼ਰੂਰਤ ਜਾਂ ਐਮਰਜੈਂਸੀ ਦੀ ਸਥਿਤੀ ਵਿੱਚ ਕੈਨੇਡਾ ਵਿੱਚ ਭਾਰਤੀ ਨਾਗਰਿਕਾਂ ਨਾਲ ਬਿਹਤਰ ਤਰੀਕੇ ਨਾਲ ਜੁੜਨ ਦੇ ਯੋਗ ਹੋਣਗੇ।