Punjab Breaking News Live 4 September 2024: ਬਿਸ਼ਨੋਈ ਜੇਲ੍ਹ ਇੰਟਰਵਿਊ ਮਾਮਲੇ ਦੀ ਜਾਂਚ ਲਈ ਖਾਸ ਕਮੇਟੀ ਬਣਾਉਣ ਦੀ ਮੰਗ, ਗਣਪਤੀ ਉਤਸਵ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਕਰਕੇ ਬਣਾਇਆ ਗਿਆ ਪੰਡਾਲ, ਐਕਸ਼ਨ ਮੋਡ 'ਚ ਸਪੀਕਰ ਕੁਲਤਾਰ ਸੰਧਵਾਂ
Punjab Breaking News Live : ਬਿਸ਼ਨੋਈ ਜੇਲ੍ਹ ਇੰਟਰਵਿਊ ਮਾਮਲੇ ਦੀ ਜਾਂਚ ਲਈ ਖਾਸ ਕਮੇਟੀ ਬਣਾਉਣ ਦੀ ਮੰਗ, ਗਣਪਤੀ ਉਤਸਵ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਕਰਕੇ ਬਣਾਇਆ ਗਿਆ ਪੰਡਾਲ, ਐਕਸ਼ਨ ਮੋਡ 'ਚ ਸਪੀਕਰ ਕੁਲਤਾਰ ਸੰਧਵਾਂ
Punjab Vidhan Sabha Monsoon Session: ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਤੀਜੇ ਦਿਨ ਦੀ ਕਾਰਵਾਈ ਜਾਰੀ ਹੈ। ਅੱਜ ਸਦਨ ਵਿੱਚ ਸਭ ਤੋਂ ਪਹਿਲਾਂ ਪੇਂਡੂ ਖੇਤਰ ਦੀਆਂ ਖਸਤਾਹਾਲ ਸੜਕਾਂ ਦਾ ਮੁੱਦਾ ਉਠਾਇਆ ਗਿਆ। ਇਸ ’ਤੇ ਪੰਚਾਇਤ ਮੰਤਰੀ ਗੁਰਮੀਤ ਸਿੰਘ ਨੇ ਕਿਹਾ ਕਿ ਜਲਦੀ ਹੀ ਆਰਡੀਐਫ ਫੰਡ ਜਾਰੀ ਹੋ ਜਾਵੇਗਾ ਤੇ ਸੜਕਾਂ ਬਣਾਈਆਂ ਜਾਣਗੀਆਂ।
ਇਸ ਦੇ ਨਾਲ ਹੀ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਨੇ ਜ਼ਮੀਨਾਂ ਦੇ ਇੰਤਕਾਲਾਂ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ। ਇਸ 'ਤੇ ਮਾਲ ਮੰਤਰੀ ਬ੍ਰਹਮਾ ਸ਼ੰਕਰ ਜਿੰਪਾ ਨੇ ਕਿਹਾ ਕਿ ਸਰਕਾਰ ਨੇ ਦੋ ਰੋਜ਼ਾ ਵਿਸ਼ੇਸ਼ ਕੈਂਪ ਲਾ ਕੇ 85 ਹਜ਼ਾਰ ਇੰਤਕਾਲ ਕੀਤੇ ਹਨ। ਇਸ ਦੇ ਨਾਲ ਹੀ ਬਕਾਇਆ ਇੰਤਕਾਲਾਂ ਨੂੰ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ।
Punjab Apartment and Property Regulation (Amendment) Bill, 2024-ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਬਿੱਲ, 2024 ਨੂੰ ਗੈਰ-ਕਾਨੂੰਨੀ ਕਲੋਨੀਆਂ ਵਿੱਚ ਪਲਾਟ ਖਰੀਦਣ ਵਾਲੇ ਵਿਅਕਤੀਆਂ ਲਈ ਇੱਕ ਵੱਡੀ ਰਾਹਤ ਕਰਾਰ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਸ ਅਹਿਮ ਕਦਮ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਆਮ ਲੋਕਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਅਤੇ ਸੂਬੇ ਦੇ ਰੀਅਲ ਅਸਟੇਟ ਸੈਕਟਰ ਨੂੰ ਨਿਯਮਤ ਕਰਨ ਵੱਲ ਅਹਿਮ ਕਦਮ ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਗੈਰ-ਕਾਨੂੰਨੀ ਕਲੋਨੀਆਂ ਵਿੱਚ ਪਲਾਟ ਖ਼ਰੀਦਣ ਵਾਲਿਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਅਤੇ ਭਵਿੱਖ ਲਈ ਨਾਜਾਇਜ਼ ਕਾਲੋਨੀਆਂ ਦੀ ਉਸਾਰੀ ਨੂੰ ਠੱਲ੍ਹ ਪਾਉਣ ਵਾਲੇ ਇਸ ਬਿੱਲ ਨੂੰ ਲਿਆਉਣ ਲਈ ਸੂਬਾ ਸਰਕਾਰ ਨੇ ਢਾਈ ਸਾਲ ਮਿਹਨਤ ਕੀਤੀ ਹੈ। ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ਦੀ ਗੈਰ-ਕਾਨੂੰਨੀ ਕਾਲੋਨੀਆਂ ਕੱਟਣ ਵਾਲੇ ਕਲੋਨਾਈਜ਼ਰਾਂ ਦਾ ਸਮਰਥਨ ਕਰਨ ਲਈ ਨਿੰਦਾ ਕੀਤੀ, ਜਿਸ ਦੇ ਨਤੀਜੇ ਵਜੋਂ ਅੱਜ ਸ਼ਹਿਰਾਂ ਵਿੱਚ ਸਲੱਮ ਬਣ ਗਏ ਹਨ। ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੇ ਪਾਪਰਾ ਐਕਟ, 1995 ਵਿੱਚ ਸਾਲ 2014, 2016 ਅਤੇ 2018 ਦੌਰਾਨ ਸੋਧਾਂ ਕੀਤੀਆਂ, ਪਰ ਇਹਨਾਂ ਸੋਧਾਂ ਨੇ ਆਮ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਦੀ ਬਜਾਏ ਮੁੱਖ ਤੌਰ ’ਤੇ ਗੈਰ-ਕਾਨੂੰਨੀ ਕਾਲੋਨੀਆਂ ਕੱਟਣ ਵਾਲਿਆਂ ਦਾ ਹੀ ਪੱਖ ਪੂਰਿਆ। ਅਜਿਹੀਆਂ ਮਾੜੀਆਂ ਨੀਤੀਆਂ ਬਦੌਲਤ ਅੱਜ ਰਾਜ ਭਰ ’ਚ ਲਗਭਗ 14,000 ਗੈਰ-ਕਾਨੂੰਨੀ ਕਲੋਨੀਆਂ ਹਨ।
Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਮਾਨਸੂਨ ਐਕਟਿਵ ਹੈ। ਇਸ ਕਾਰਨ ਕਈ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਮੌਸਮ ਵੀ ਸੁਹਾਵਣਾ ਹੋ ਗਿਆ ਹੈ। ਸੂਬੇ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਇਸ ਵਿੱਚ 0.6 ਡਿਗਰੀ ਦਾ ਵਾਧਾ ਹੋਇਆ ਹੈ। ਮੋਹਾਲੀ ਵਿੱਚ ਸਭ ਤੋਂ ਵੱਧ ਤਾਪਮਾਨ 35.8 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਅੰਸ਼ਕ ਤੌਰ ’ਤੇ ਬੱਦਲਵਾਈ ਰਹੇਗੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਮੌਸਮ ਵਿਭਾਗ ਨੇ 28 ਸ਼ਹਿਰਾਂ ਵਿੱਚ ਸਵੇਰੇ 8.15 ਵਜੇ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਸ਼ਹਿਰਾਂ ਵਿੱਚ ਸੁਨਾਮ, ਸੰਗਰੂਰ, ਧੂਰੀ, ਮਲੇਰਕੋਟਲਾ, ਪਾਤਣਾ, ਸਮਾਣਾ, ਪਟਿਆਲਾ, ਨਾਭਾ, ਰਾਜਪੁਰਾ, ਡੇਰਾਬੱਸੀ, ਫਤਹਿਗੜ੍ਹ ਸਾਹਿਬ, ਅਮਲੋਹ ਅਤੇ ਪਾਇਲ ਵਿੱਚ ਤੇਜ਼ ਹਵਾਵਾਂ (30 ਤੋਂ 40 ਕਿਲੋਮੀਟਰ ਦੀ ਰਫ਼ਤਾਰ) ਦੇ ਨਾਲ ਮੱਧਮ ਮੀਂਹ ਪੈਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਸਰਦੂਲਗੜ੍ਹ, ਬੁਢਲਾਡਾ, ਲਹਿਰਾ, ਮਾਨਸਾ, ਸੁਨਾਮ, ਮੂਨਕ, ਮੁਹਾਲੀ, ਤਲਵੰਡੀ ਸਾਬੋ, ਬੱਸੀ ਪਠਾਣਾ, ਖੰਨਾ, ਖਰੜ, ਚੰਡੀਗੜ੍ਹ, ਚਮਕੌਰ ਸਾਹਿਬ, ਸਮਰਾਲਾ ਅਤੇ ਰੂਪਨਗਰ ਵਿੱਚ ਹਲਕੀ ਬਾਰਿਸ਼ ਦੀ ਚੇਤਾਵਨੀ ਦਿੱਤੀ ਗਈ ਹੈ।
ਪਿਛੋਕੜ
Punjab Breaking News Live 4 September 2024: ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੇ ਸਿਫ਼ਰ ਕਾਲ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਖ਼ਤਰਨਾਕ ਗੈਂਗਸਟਰ ਲਾਰੰਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਵਿੱਚ ਪੁਲਿਸ ਅਧਿਕਾਰੀਆਂ ਦੀ ਸ਼ਮੂਲੀਅਤ ਦੀ ਜਾਂਚ ਲਈ ਸੰਯੁਕਤ ਸੰਸਦੀ ਕਮੇਟੀ (ਜੇਪੀਸੀ) ਵਾਂਗ ਪੰਜਾਬ ਵਿਧਾਨ ਸਭਾ ਦੀ ਕਮੇਟੀ ਬਣਾਉਣ ਦੀ ਮੰਗ ਕੀਤੀ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਅਜਿਹੀ ਕਮੇਟੀ ਸੂਬੇ ਵਿੱਚ ਪੁਲਿਸ ਅਧਿਕਾਰੀਆਂ ਵੱਲੋਂ ਕੀਤੇ ਗਏ ਘੋਰ ਦੁਰਵਿਵਹਾਰ ਦੇ ਮਾਮਲਿਆਂ ਦੀ ਵੀ ਜਾਂਚ ਕਰ ਸਕਦੀ ਹੈ।
ਵਿਸ਼ੇਸ਼ ਡੀਜੀਪੀ ਪ੍ਰਬੋਧ ਕੁਮਾਰ, ਜਿਨ੍ਹਾਂ ਨੇ ਲਗਭਗ ਇੱਕ ਮਹੀਨਾ ਪਹਿਲਾਂ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੀ ਅਗਵਾਈ ਕੀਤੀ ਸੀ, ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਸੀਲਬੰਦ ਲਿਫ਼ਾਫ਼ੇ ਵਿੱਚ ਇੱਕ ਰਿਪੋਰਟ ਸੌਂਪੀ ਸੀ। ਉਨ੍ਹਾਂ ਨੇ ਸਿੱਟਾ ਕੱਢਿਆ ਕਿ ਗੈਂਗਸਟਰ ਨਾਲ ਇੱਕ ਇੰਟਰਵਿਊ ਖਰੜ ਦੇ ਸੀਆਈਏ ਥਾਣੇ ਵਿੱਚ ਹੋਈ ਸੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਦੇ ਪੁਣੇ ਦੇ ਕੈਂਪ ਏਰੀਏ `ਚ ਗਣਪਤੀ ਉਤਸਵ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਕਰ ਕੇ ਇਕ ਪੰਡਾਲ ਬਣਾਉਣ ਦਾ ਸ਼ਖਤ ਨੋਟਿਸ ਲੈਂਦਿਆਂ ਇਸ ਨੂੰ ਸਿੱਖ ਭਾਵਨਾਵਾਂ ਭੜਕਾਉਣ ਦੀ ਕਾਰਵਾਈ ਕਰਾਰ ਦਿੱਤਾ ਹੈ।
ਪੰਜਾਬ ਪੁਲਿਸ ਦੇ ਮੁਲਾਜ਼ਮ ਵੱਲੋਂ ਇੱਕ ਗੈਂਗਸਟਰ ਤੋਂ ਰਿਸ਼ਵਤ ਲੈਣ ਦੇ ਮਾਮਲੇ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਐਕਸ਼ਨ ਮੋਡ ਵਿੱਚ ਆ ਗਏ ਹਨ। ਉਨ੍ਹਾਂ ਇਸ ਸਬੰਧੀ ਪੰਜਾਬ ਦੇ ਗ੍ਰਹਿ ਸਕੱਤਰ ਤੋਂ ਸਾਰੇ ਵਿਭਾਗਾਂ ਤੋਂ ਵਿਸਥਾਰਤ ਰਿਪੋਰਟ ਮੰਗੀ ਹੈ। ਉਨ੍ਹਾਂ ਪੱਤਰ ਵਿੱਚ ਲਿਖਿਆ ਹੈ ਕਿ ਉਨ੍ਹਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਉਨ੍ਹਾਂ ਮੁਲਾਜ਼ਮਾਂ ਬਾਰੇ ਜਾਣਕਾਰੀ ਦਿੱਤੀ ਜਾਵੇ ਜਿਨ੍ਹਾਂ ਦੀ ਪਛਾਣ ਕਾਲੀਆਂ ਭੇਡਾਂ (ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ) ਵਜੋਂ ਹੋਈ ਹੈ। ਅਤੇ ਉਨ੍ਹਾਂ ਖਿਲਾਫ ਕੀ ਕਾਰਵਾਈ ਕੀਤੀ ਗਈ ਹੈ? ਇਸ ਵਿੱਚ ਪੁਲਿਸ, ਮਾਈਨਿੰਗ, ਆਬਕਾਰੀ ਸਮੇਤ ਸਾਰੇ ਵਿਭਾਗ ਸ਼ਾਮਲ ਹਨ।
- - - - - - - - - Advertisement - - - - - - - - -