ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਦੇ ਕਕਾਰਾਂ (ਕਿਰਪਾਨ) ’ਤੇ ਪਾਬੰਦੀ ਲਗਾਉਣ ਦਾ ਸਖ਼ਤ ਨੋਟਿਸ ਲਿਆ ਹੈ। ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਵੱਲੋਂ ਤਾਜ਼ਾ ਨੋਟੀਫਿਕੇਸ਼ਨ ਜਿਸ ਵਿਚ ਸਿੱਖ ਕਰਮਚਾਰੀਆਂ ਨੂੰ ਏਅਰਪੋਰਟ ਅੰਦਰ ਸਿੱਖ ਕਕਾਰਾਂ ਦਾ ਹਿੱਸਾ ਸ੍ਰੀ ਸਾਹਿਬ ਪਹਿਨ ਕੇ ਜਾਣ ਤੋਂ ਵਰਜਿਆ ਗਿਆ ਹੈ, ਨੂੰ ਸਿੱਖਾਂ ਨਾਲ ਧੱਕਾ ਕਰਾਰ ਦਿੱਤਾ ਹੈ। 
 

ਇਸ ਮਾਮਲੇ ਨੂੰ ਲੈ ਕੇ ਐਡਵੋਕੇਟ ਧਾਮੀ ਨੇ ਭਾਰਤ ਦੇ ਨਾਗਰਿਕ ਹਵਾਬਾਜ਼ੀ ਮੰਤਰੀ ਯਓਤੀਰਾਦਿੱਤਿਆ ਸਿੰਧੀਆ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੇ ਹੀ ਦੇਸ਼ ਅੰਦਰ ਇਹ ਵਿਤਕਰਾ ਦੇਸ਼ ਦੇ ਨਾਗਰਿਕ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਵੱਡਾ ਹਮਲਾ ਹੈ, ਜਿਸ ਨੂੰ ਕਦੇ ਵੀ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। 

 

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਕਦੇ ਵੀ ਨਹੀਂ ਭੁੱਲਣਾ ਚਾਹੀਦਾ ਕਿ ਸਿੱਖ ਇਸ ਦੇਸ਼ ਦੀ ਅਜ਼ਾਦੀ ਲਈ ਕੁਰਬਾਨੀਆਂ ਦੇਣ ਵਿਚ ਸਭ ਤੋਂ ਮੋਹਰੀ ਰਹੇ ਹਨ ਅਤੇ ਜੇਕਰ ਅੱਜ ਦੇਸ਼ ਦਾ ਸੱਭਿਆਚਾਰ ਬਚਿਆ ਹੋਇਆ ਹੈ ਤਾਂ ਉਹ ਸਿੱਖਾਂ ਦੀ ਬਦੌਲਤ ਹੀ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਦੇਸ਼ ਲਈ ਮਰ ਮਿੱਟਣ ਵਾਲੇ ਸਿੱਖਾਂ ਨਾਲ ਆਪਣੇ ਦੇਸ਼ ਵਿਚ ਹੀ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਅਜਿਹੀਆਂ ਗੱਲਾਂ ਤੋਂ ਗੁਰੇਜ ਕਰਨਾ ਚਾਹੀਦਾ ਹੈ, ਜਿਸ ਨਾਲ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜਦੀ ਹੋਵੇ।
 
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਵਿਚ ਸਿੱਖਾਂ ਖਿਲਾਫ਼ ਵੱਧ ਰਹੇ ਵਿਤਕਰੇ ’ਤੇ ਵੀ ਗਹਿਰੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਸਮੇਤ ਦੁਨੀਆਂ ਦੇ ਬਹੁਤ ਸਾਰੇ ਦੇਸ਼ਾਂ ਦੀ ਤਰੱਕੀ ਵਿਚ ਸਿੱਖਾਂ ਦਾ ਵੱਡਾ ਯੋਗਦਾਨ ਹੈ। ਸਿੱਖਾਂ ਨੇ ਆਪਣੀ ਮਿਹਨਤ ਸਦਕਾ ਦੁਨੀਆਂ ਅੰਦਰ ਆਪਣੀ ਥਾਂ ਬਣਾਈ ਹੈ ਅਤੇ ਆਪਣੀ ਮਿਹਤਨ ਤੇ ਲਿਆਕਤ ਨਾਲ ਬਹੁਤ ਸਾਰੇ ਸਿੱਖ ਚਿਹਰੇ ਵਿਦੇਸ਼ਾਂ ਅੰਦਰ ਉੱਚ ਪਦਵੀਆਂ ’ਤੇ ਹਨ। 

 

ਉਨ੍ਹਾਂ ਕਿਹਾ ਕਿ ਦੁਨੀਆਂ ਅੰਦਰ ਕਿਤੇ ਵੀ ਮੁਸੀਬਤ ਸਮੇਂ ਸਿੱਖਾਂ ਨੇ ਬਿਨ੍ਹਾਂ ਕਿਸੇ ਵਿਤਕਰੇ ਦੇ ਵੱਡੀਆਂ ਸੇਵਾਵਾਂ ਦਿੱਤੀਆਂ ਹਨ। ਪਰੰਤੂ ਦੁੱਖ ਦੀ ਗੱਲ ਹੈ ਕਿ ਅਮਰੀਕਾ ਵਰਗੇ ਦੇਸ਼ ਵਿਚ ਵੀ ਸਿੱਖ ਭਾਈਚਾਰੇ ਖਿਲਾਫ ਧਾਰਮਿਕ ਵਿਤਕਰੇ ਅਤੇ ਨਫ਼ਰਤੀ ਘਟਨਾਵਾਂ ਵਿਚ ਵਾਧਾ ਹੋ ਰਿਹਾ ਹੈ। ਉਨ੍ਹਾਂ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਕਿ ਵਿਦੇਸ਼ਾਂ ਵਿਚ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ।