ਬਰਨਾਲਾ : ਅਫਰੀਕਨ ਸਵਾਈਨ ਫੀਵਰ ਪੰਜਾਬ ਪਹੁੰਚ ਗਿਆ ਹੈ। ਬਰਨਾਲਾ ਜ਼ਿਲ੍ਹੇ ਦੇ ਧਨੌਲਾ ਵਿੱਚ ਸੂਰਾਂ 'ਚ ਅਫਰੀਕਨ ਸਵਾਈਨ ਫੀਵਰ ਦੀ ਪੁਸ਼ਟੀ ਹੋਈ ਹੈ। ਇਹ ਫੀਵਰ ਧਨੌਲਾ ਦੀ ਦਾਣਾ ਮੰਡੀ ਨੇੜੇ ਇੱਕ ਬਸਤੀ ਵਿੱਚ ਦੇਸੀ ਸੂਰਾਂ ਵਿੱਚ ਪਾਇਆ ਗਿਆ ਹੈ। ਬਰਨਾਲਾ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਲਏ ਸੈਂਪਲਾਂ ਨੂੰ ਜਾਂਚ ਲਈ ਭੋਪਾਲ ਦੀ ਭਾਰਤੀ ਕ੍ਰਿਸ਼ੀ ਖੋਜ ਕੌਸ਼ਲ ਨੂੰ ਭੇਜਿਆ ਗਿਆ ਸੀ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ।


ਫੀਵਰ ਦੀ ਪੁਸ਼ਟੀ ਹੋਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਅਤੇ ਪਸ਼ੂ ਪਾਲਣ ਵਿਭਾਗ ਹਰਕਤ ਵਿੱਚ ਆ ਗਿਆ ਹੈ, ਪ੍ਰਸ਼ਾਸਨ ਨੇ ਪ੍ਰਭਾਵਿਤ ਖੇਤਰ ਦੇ 1 ਕਿਲੋਮੀਟਰ ਦੇ ਖੇਤਰ ਨੂੰ ਛੂਤ ਵਾਲਾ ਖੇਤਰ ਐਲਾਨ ਦਿੱਤਾ ਹੈ। ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਲਖਬੀਰ ਸਿੰਘ ਨੇ ਦੱਸਿਆ ਕਿ ਇਸ ਖੇਤਰ ਵਿੱਚ ਵੱਖ-ਵੱਖ ਟੀਮਾਂ ਬਣਾ ਕੇ ਸੂਰਾਂ ਦਾ ਸਰਵੇ ਕੀਤਾ ਗਿਆ ਹੈ, ਜਿਸ ਵਿੱਚ 86 ਸੂਰਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ। 


ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਪਿਛਲੇ ਦਿਨੀਂ ਜ਼ਿਲ੍ਹਾ ਐਸ.ਬੀ.ਐਸ. ਨਗਰ ਅਤੇ ਫ਼ਾਜ਼ਿਲਕਾ ਦੀਆਂ ਦੋ ਕਾਲੋਨੀਆਂ ਨੂੰ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਤ ਜ਼ੋਨ ਐਲਾਨਿਆ ਸੀ। ਭਾਰਤੀ ਖੇਤੀਬਾੜੀ ਖੋਜ ਕੌਂਸਲ (ਆਈ.ਸੀ.ਏ.ਆਰ.)-ਕੌਮੀ ਉੱਚ ਸੁਰੱਖਿਆ ਪਸ਼ੂ ਰੋਗ ਸੰਸਥਾ, ਭੋਪਾਲ ਨੇ ਇਨ੍ਹਾਂ ਖੇਤਰਾਂ ਤੋਂ ਭੇਜੇ ਗਏ ਸੂਰਾਂ ਦੇ ਸੈਂਪਲਾਂ ਵਿੱਚ ਅਫ਼ਰੀਕਨ ਸਵਾਈਨ ਫ਼ੀਵਰ ਦੀ ਪੁਸ਼ਟੀ ਕੀਤੀ ਹੋਈ ਸੀ।


ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਸੀ ਕਿ ਜ਼ਿਲ੍ਹਾ ਐਸ.ਬੀ.ਐਸ. ਨਗਰ ਦੀ ਕਾਲੋਨੀ ਮੂਸਾਪੁਰ ਰੋਡ ਅਤੇ ਜ਼ਿਲ੍ਹਾ ਫ਼ਾਜ਼ਿਲਕਾ ਦੀ ਬਾਦਲ ਕਾਲੋਨੀ ਵਿਚ ਬੀਮਾਰੀ ਦੀ ਰੋਕਥਾਮ ਲਈ ‘ਜਾਨਵਰਾਂ ਵਿੱਚ ਛੂਤ ਦੀਆਂ ਬੀਮਾਰੀਆਂ ਦੀ ਰੋਕਥਾਮ ਅਤੇ ਕੰਟਰੋਲ ਐਕਟ, 2009’ ਅਤੇ ‘ਅਫ਼ਰੀਕਨ ਸਵਾਈਨ ਫ਼ੀਵਰ ਦੇ ਕੰਟਰੋਲ ਅਤੇ ਖ਼ਾਤਮੇ ਲਈ ਕੌਮੀ ਕਾਰਜ-ਯੋਜਨਾ (ਜੂਨ 2020)’ ਤਹਿਤ ਪਾਬੰਦੀਆਂ ਲਾ ਕੇ ਇਨ੍ਹਾਂ ਦੀ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ।

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।