Akali dal Revolt: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤਾ ਮੁਆਫੀਨਾਮਾ ਜਨਤਕ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਦਲਜੀਤ ਸਿੰਘ ਚੀਮਾ ਨੇ ਬਾਗ਼ੀਆਂ ਨੂੰ ਨਿਸ਼ਾਨੇ ਉੱਤੇ ਲਿਆ ਹੈ।


ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਾਡੇ ਵਿਰੋਧੀਆਂ ਨੇ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਦਰਖਾਸਤ ਦਿੱਤੀ ਗਈ ਸੀ ਜਿਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਉਨ੍ਹਾਂ ਤੋਂ ਸਪੱਸ਼ਟੀਕਰਨ ਮੰਗਿਆ ਸੀ ਜੋ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤਾ ਗਿਆ ਹੈ ਪਰ ਇੱਥੇ ਵੱਡਾ ਸਵਾਲ ਇਹ ਹੈ ਕਿ ਵਿਰੋਧੀਆਂ ਨੂੰ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਵੀ ਭਰੋਸਾ ਨਹੀਂ ਹੈ, ਕਿਉਂਕਿ ਜਦੋਂ ਸਪੱਸ਼ਟੀਕਰਨ ਦਿੱਤਾ ਗਿਆ ਤਾਂ ਉਨ੍ਹਾਂ ਵੱਲੋਂ ਪ੍ਰਚਾਰ ਕੀਤਾ ਗਿਆ ਕਿ ਇਸ ਨੂੰ ਜਥੇਦਾਰ ਸਾਹਿਬ ਜਨਤਕ ਕਰਨ। ਚੀਮਾ ਨੇ ਕਿਹਾ ਕਿ ਜੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਭਰੋਸਾ ਹੀ ਨਹੀਂ ਤਾਂ ਫਿਰ ਉੱਥੇ ਕੀ ਕਰਨ ਗਏ ਸੀ ?



ਚੀਮਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗੇ ਸਪੱਸ਼ਟੀਕਰਨ ਦਾ ਜਵਾਬ ਦਿੱਤਾ ਗਿਆ ਹੈ ਉਨ੍ਹਾਂ ਕਿਹਾ ਕਿ ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਹੋਈਆਂ ਸ਼ਿਕਾਇਤਾਂ ਉੱਤੇ ਬਿਨਾਂ ਸ਼ਰਤ ਖਿਮਾ ਜਾਚਨਾ ਕੀਤੀ ਹੈ। ਚੀਮਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਖਿਮਾ ਜਾਚਨਾ ਕੀਤੀ ਗਈ ਹੈ ਕਿਉਂਕਿ ਤਰਕ ਤੇ ਦਲੀਲ ਤਾਂ ਉੱਥੇ ਹੁੰਦੀ ਹੈ ਜਿੱਥੇ ਕਿਸੇ ਨੂੰ ਸਮਝਾਉਣਾ ਹੋਵੇ ਪਰ ਅਸੀਂ ਬਿਨਾਂ ਕਿਸੇ ਕਿੰਤੂ ਪ੍ਰੰਤੂ ਦੇ ਖਿਮਾ ਜਾਚਨਾ ਕੀਤੀ ਹੈ। ਇਸ ਮੌਕੇ ਚੀਮਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੋ ਵੀ ਹੁਕਮ ਹੋਵੇਗਾ ਉਸ ਨੂੰ ਖਿੜੇ ਮੱਥੇ ਪ੍ਰਵਾਨ ਕੀਤਾ ਜਾਵੇਗਾ।


ਦੱਸ ਦਈਏ ਕਿ ਅਕਾਲੀ ਦਲ ਦੇ ਬਾਗੀ ਧੜੇ ਨੇ 1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਆ ਕੇ ਸੁਖਬੀਰ ਬਾਦਲ ਨੂੰ 2007 ਤੋਂ ਅਕਤੂਬਰ 2015 ਤੱਕ ਵਾਪਰੀਆਂ ਘਟਨਾਵਾਂ ਦੇ ਦੋਸ਼ੀ ਠਹਿਰਾਇਆ ਸੀ। ਇਸ ਸਬੰਧੀ ਪੰਜ ਸਿੰਘ ਸਾਹਿਬਾਨ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ 15 ਦਿਨਾਂ ਅੰਦਰ ਸਪੱਸ਼ਟੀਕਰਨ ਮੰਗਿਆ ਸੀ। ਇਸ ਦੇ ਮੱਦੇਨਜ਼ਰ 24 ਜੁਲਾਈ 2024 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਲਬੰਦ ਲਿਫ਼ਾਫ਼ੇ ਵਿੱਚ ਸਪੱਸ਼ਟੀਕਰਨ ਦਿੱਤਾ ਸੀ।