ਪੰਜਾਬ ਦੇ ਡਿਪਟੀ ਸਪੀਕਰ ਬਣਨ ਉਪਰੰਤ ਜੈ ਕ੍ਰਿਸ਼ਨ ਰੌੜੀ ਗੁਰਦੁਆਰਾ ਸ਼ਹੀਦਾਂ ਸਾਹਿਬ ਲੱਧੇਵਾਲ ਵਿਖੇ ਹੋਏ ਨਤਮਸਤਕ
ਜੈ ਕ੍ਰਿਸ਼ਨ ਸਿੰਘ ਰੌੜੀ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਬਣਨ ਉਪਰੰਤ ਅੱਜ ਪਹਿਲੀ ਵਾਰ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਪੁੱਜੇ, ਜਿਥੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰੈਸਟ ਹਾਊਸ ਮਾਹਿਲਪੁਰ ਵਿਖੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।
ਮਾਹਿਲਪੁਰ/ਹੁਸ਼ਿਆਰਪੁਰ: ਜੈ ਕ੍ਰਿਸ਼ਨ ਸਿੰਘ ਰੌੜੀ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਬਣਨ ਉਪਰੰਤ ਅੱਜ ਪਹਿਲੀ ਵਾਰ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਪੁੱਜੇ, ਜਿਥੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰੈਸਟ ਹਾਊਸ ਮਾਹਿਲਪੁਰ ਵਿਖੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਦੌਰਾਨ ਰੌੜੀ ਦਾ ਡਿਪਟੀ ਕਮਿਸ਼ਨਰ ਸੰਦੀਪ ਹੰਸ ਅਤੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਵਲੋਂ ਨਿੱਘਾ ਸਵਾਗਤ ਕੀਤਾ ਗਿਆ।
ਡਿਪਟੀ ਸਪੀਕਰ ਨੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨਾਲ ਵੱਖ-ਵੱਖ ਮੁੱਦਿਆਂ ’ਤੇ ਗੱਲਬਾਤ ਵੀ ਕੀਤੀ। ਇਸ ਮੌਕੇ ਐਸ.ਡੀ.ਐਮ. ਸ਼ਿਵ ਰਾਜ ਸਿੰਘ ਬੱਲ ਅਤੇ ਹੋਰ ਸਿਵਲ ਤੇ ਜ਼ਿਲ੍ਹਾ ਪੁਲਿਸ ਦੇ ਅਧਿਕਾਰੀ ਹਾਜ਼ਰ ਸਨ। ਗਾਰਡ ਆਫ ਆਨਰ ਤੋਂ ਬਾਅਦ ਨਵ-ਨਿਯੁਕਤ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਪਰਿਵਾਰ ਸਮੇਤ ਗੁਰਦੁਆਰਾ ਸ਼ਹੀਦਾਂ ਸਾਹਿਬ ਲੱਧੇਵਾਲ ਵਿਖੇ ਨਤਮਸਤਕ ਹੋਏ।
ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੌੜੀ ਨੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਅਤੇ ਸ਼ਹੀਦੇ-ਏ-ਆਜ਼ਮ ਭਗਤ ਸਿੰਘ ਨੂੰ ਯਾਦ ਕਰਦਿਆਂ ਕਿਹਾ ਕਿ ਸੌਂਪੀ ਗਈ ਸੰਵਿਧਾਨਕ ਜ਼ਿੰਮੇਵਾਰੀ ਪੂਰੀ ਇਮਾਨਦਾਰੀ, ਤਨਦੇਹੀ ਅਤੇ ਦਿਆਨਤਦਾਰੀ ਨਾਲ ਨਿਭਾਵਾਂਗਾ।
ਉਨ੍ਹਾਂ ਕਿਹਾ ਕਿ ਉਹ ਇਲਾਕੇ ਨੂੰ ਵਿਕਾਸ ਦੀਆਂ ਲੀਹਾਂ ’ਤੇ ਪਾਉਣ ਲਈ ਜੀਅ ਤੋੜ ਯਤਨ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਗੜ੍ਹਸ਼ੰਕਰ ਨੂੰ ਹਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਲੋਕਾਂ ਦੀ ਆਸ ਨੂੰ ਪੂਰਾ ਕਰਨ ਲਈ ਦਿਨ-ਰਾਤ ਇਕ ਕਰ ਦਿਆਂਗਾ। ਉਨ੍ਹਾਂ ਕਿਹਾ ਕਿ ਜਿਥੇ ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਈ ਜਾ ਰਹੀ ਹੈ, ਉਥੇ ਸਰਕਾਰ ਵਲੋਂ ਹਰ ਘਰ ਨੂੰ 300 ਯੂਨਿਟ ਬਿਜਲੀ ਮੁਫ਼ਤ ਦੀ ਸਹੂਲਤ ਦੇ ਕੇ ਆਪਣਾ ਵਾਅਦਾ ਪੂਰਾ ਕੀਤਾ ਗਿਆ ਹੈ।
ਉਨ੍ਹਾਂ ਆਸ ਪ੍ਰਗਟਾਈ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਪੰਜਾਬ ਸਰਕਾਰ ਜੀਅ ਤੋੜ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜ਼ਰੀਏ ਉਹ ਇਲਾਕੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਡਿਪਟੀ ਸਪੀਕਰ ਦੇ ਸੰਵਿਧਾਨਕ ਅਹੁਦੇ ਲਈ ਜਿਥੇ ਅਕਾਲ ਪੁਰਖ ਅਤੇ ਸਾਧ ਸੰਗਤ ਦਾ ਧੰਨਵਾਦ ਪ੍ਰਗਟਾਇਆ, ਉਥੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਅਤੇ ਵਿਧਾਨ ਸਭਾ ਮੈਂਬਰਾਂ ਦਾ ਵੀ ਸਰਬਸੰਮਤੀ ਨਾਲ ਡਿਪਟੀ ਸਪੀਕਰ ਚੁਣਨ ’ਤੇ ਧੰਨਵਾਦ ਪ੍ਰਗਟ ਕੀਤਾ।