ਮਨਵੀਰ ਕੌਰ ਰੰਧਾਵਾ ਦੀ ਰਿਪੋਰਟ


ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਦੀ ਸੱਤਾ ਤੋਂ ਲਾਂਭੇ ਹੋਣ ਮਗਰੋਂ ਉਨ੍ਹਾਂ ਦੇ ਨਜ਼ਦੀਕੀਆਂ ਨੂੰ ਮੰਤਰੀ ਮੰਡਲ ਵਿੱਚੋਂ ਝਟਕਾ ਲੱਗ ਸਕਦਾ ਹੈ। ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੰਤਰੀ ਮੰਡਲ ਦੇ ਵਿਸਥਾਰ ਲਈ ਮੰਗਲਵਾਰ ਨੂੰ ਚੰਡੀਗੜ੍ਹ ਤੋਂ ਚਾਰਟਰ ਫਲਾਈਟ ਰਾਹੀਂ ਦਿੱਲੀ ਪਹੁੰਚੇ ਸੀ। ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਦੋਵੇਂ ਉਪ ਮੁੱਖ ਮੰਤਰੀ ਵੀ ਸੀ।


ਪੰਜਾਬ ਦੇ ਲੀਡਰਾਂ ਨੇ ਰਾਹੁਲ ਗਾਂਧੀ ਦੇ ਨੇੜਲੇ ਸਹਿਯੋਗੀ ਤੇ ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨਾਲ ਕੈਬਨਿਟ ਵਿਸਥਾਰ ਬਾਰੇ ਸਲਾਹ-ਮਸ਼ਵਰਾ ਕੀਤਾ।


ਸੂਤਰਾਂ ਮੁਤਾਬਕ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨੇੜਲੇ ਸਹਿਯੋਗੀਆਂ ਨੂੰ ਮੰਡਲ ਤੋਂ ਹਟਾਉਣ ਦੀ ਤਿਆਰੀ ਹੈ। ਰਾਣਾ ਗੁਰਮੀਤ ਸਿੰਘ ਸੋਢੀ ਤੇ ਗੁਰਪ੍ਰੀਤ ਸਿੰਘ ਕਾਂਗੜ ਸਮੇਤ ਤਿੰਨ ਵੱਡੇ ਮੰਤਰੀ ਆਪਣੇ ਅਹੁਦੇ ਗੁਆ ਸਕਦੇ ਹਨ। ਸੂਤਰਾਂ ਨੇ ਦੱਸਿਆ ਕਿ ਚੰਨੀ ਦੇ ਮੰਤਰੀ ਮੰਡਲ ਵਿੱਚ ਪੰਜ ਨਵੇਂ ਚਿਹਰਿਆਂ ਨੂੰ ਸ਼ਾਮਲ ਕੀਤਾ ਜਾਣਾ ਹੈ।


ਦੱਸ ਦਈਏ ਕਿ ਇਹ ਮੀਟਿੰਗ ਵੇਣੂਗੋਪਾਲ ਦੇ ਨਿਵਾਸ 'ਤੇ ਹੋਈ ਤੇ ਲਗਪਗ ਇੱਕ ਘੰਟੇ ਤੱਕ ਚੱਲੀ। ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਵੀ ਵਿਧਾਇਕ ਪਰਗਟ ਸਿੰਘ ਦੇ ਨਾਲ ਮੀਟਿੰਗ ਵਿੱਚ ਸ਼ਾਮਲ ਹੋਏ। ਮੀਟਿੰਗ ਤੋਂ ਬਾਅਦ ਰਾਵਤ ਨੇ ਦਾਅਵਾ ਕੀਤਾ ਕਿ ਪਾਰਟੀ ਵਿੱਚ ਸਭ ਕੁਝ ਠੀਕ ਹੈ ਤੇ ਜਲਦੀ ਹੀ ਨਵੇਂ ਮੰਤਰੀ ਮੰਡਲ ਦਾ ਐਲਾਨ ਕੀਤਾ ਜਾਵੇਗਾ।


ਮੀਟਿੰਗ ਵਿੱਚ ਮੌਜੂਦ ਮੰਤਰੀ ਮੁਤਾਬਕ ਮੰਤਰੀ ਮੰਡਲ ਤੋਂ ਹਟਾਏ ਜਾਣ ਵਾਲੇ ਨੇਤਾਵਾਂ ਦੇ ਨਾਂ ਤੇ ਸੂਬੇ ਦੇ ਸੋਸ਼ਲ ਇੰਜਨੀਅਰਿੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਦੇ ਨਾਵਾਂ 'ਤੇ ਚਰਚਾ ਕੀਤੀ ਗਈ ਹੈ। ਹਾਲਾਂਕਿ, ਨਵੇਂ ਪੰਜਾਬ ਮੰਤਰੀ ਮੰਡਲ ਬਾਰੇ ਅੰਤਿਮ ਫੈਸਲਾ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਲਿਆ ਜਾਵੇਗਾ। ਸੂਤਰਾਂ ਨੇ ਕਿਹਾ ਕਿ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਰਾਹੁਲ ਗਾਂਧੀ ਨਾਲ ਗੱਲਬਾਤ ਦਾ ਇੱਕ ਹੋਰ ਦੌਰ ਹੋਵੇਗਾ ਤੇ ਇਹ ਪ੍ਰਕਿਰਿਆ 3-4 ਦਿਨਾਂ ਵਿੱਚ ਖ਼ਤਮ ਹੋ ਜਾਵੇਗੀ।


ਹਾਲਾਂਕਿ ਕਾਂਗਰਸ ਦੀ ਚੋਟੀ ਦੀ ਲੀਡਰਸ਼ਿਪ ਦਿੱਲੀ ਵਿੱਚ ਨਹੀਂ ਹੈ, ਪਰ ਵਿਚਾਰ-ਵਟਾਂਦਰੇ ਵਿੱਚ ਸ਼ਾਮਲ ਇੱਕ ਆਗੂ ਨੇ ਕਿਹਾ ਕਿ ਚੋਟੀ ਦੀ ਲੀਡਰਸ਼ਿਪ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਮੀਟਿੰਗ ਵਿੱਚ ਖਰੜਾ ਸੂਚੀ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਮੰਤਰੀ ਮੰਡਲ ਦਾ ਵਿਸਥਾਰ ਕੁਝ ਦਿਨਾਂ ਵਿੱਚ ਹੋਵੇਗਾ ਕਿਉਂਕਿ ਸਰਕਾਰ ਵੱਲੋਂ ਕੀਤੇ ਵਾਅਦਿਆਂ ਅਤੇ ਐਲਾਨਾਂ ਨੂੰ ਪੂਰਾ ਕਰਨ ਵਿੱਚ ਬਹੁਤ ਸਮਾਂ ਨਹੀਂ ਬਚਿਆ ਹੈ।


ਚੰਨੀ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਰੂਪਨਗਰ ਦੇ ਚਮਕੌਰ ਸਾਹਿਬ ਤੋਂ ਤਿੰਨ ਵਾਰ ਵਿਧਾਇਕ ਰਹੇ ਸੂਬੇ ਦੇ ਪਹਿਲੇ ਦਲਿਤ ਮੁੱਖ ਮੰਤਰੀ ਹਨ। ਐਤਵਾਰ ਨੂੰ ਕਈ ਦੌਰ ਦੀ ਗੱਲਬਾਤ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਚੰਨੀ ਨੂੰ ਪਾਰਟੀ ਹਾਈਕਮਾਂਡ ਨੇ ਇਸ ਅਹੁਦੇ ਲਈ ਚੁਣਿਆ।


ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਸੀ। ਦੱਸ ਦੇਈਏ ਕਿ ਉਨ੍ਹਾਂ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਮੁਖੀ ਨਵਜੋਤ ਸਿੱਧੂ ਵਿਚਕਾਰ ਮਹੀਨਿਆਂ ਤੋਂ ਵਿਵਾਦ ਚੱਲ ਰਿਹਾ ਸੀ।


ਇਹ ਵੀ ਪੜ੍ਹੋ: Apple iPhones 'ਚ ਇੰਝ ਇੰਸਟਾਲ ਕਰ ਸਕਦੇ ਹੋ iOS 15, ਇਨ੍ਹਾਂ ਡਿਵਾਈਸਾਂ 'ਚ ਸਪੋਰਟ ਕਰੇਗਾ ਨਵਾਂ ਸਾਫ਼ਟਵੇਅਰ ਅਪਡੇਟ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904