Punjab News: 'ਵਾਰਿਸ ਪੰਜਾਬ ਦੇ' ਜਥੇਬੰਦੀ ਖਿਲਾਫ ਐਕਸ਼ਨ ਮਗਰੋਂ ਪੰਜਾਬ ਦਾ ਸਿਆਸੀ ਮਾਹੌਲ ਤੇਜ਼ੀ ਨਾਲ ਗਰਮਾਉਂਦਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬਾਰੇ ਕੀਤੀ ਟਿੱਪਣੀ ਮਗਰੋਂ ਸਿਆਸੀ ਹਲਚਲ ਵੀ ਤੇਜ਼ ਹੋ ਗਈ ਹੈ। ਆਮ ਆਦਮੀ ਪਾਰਟੀ ਦੇ ਸਟੈਂਡ ਨਾਲ ਪੰਥਕ ਧਿਰਾਂ ਵਿੱਚ ਰੋਸ ਵਧ ਗਿਆ ਹੈ।
ਸੂਤਰਾਂ ਮੁਤਾਬਕ ਪੰਥਕ ਧਿਰਾਂ ਸ੍ਰੀ ਅਕਾਲ ਤਖ਼ਤ ਦੀ ਅਗਵਾਈ ਹੇਠ ਵੱਡਾ ਐਕਸ਼ਨ ਉਲੀਕਣ ਦੀ ਤਿਆਰੀ ਕਰ ਰਹੀਆਂ ਹਨ। ਇਸ ਵਿੱਚ ਆਮ ਆਦਮੀ ਪਾਰਟੀ ਤੇ ਪੰਜਾਬ ਸਰਕਾਰ ਨੂੰ ਸਿੱਧਾ ਨਿਸ਼ਾਨਾ ਬਣਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉਧਰ, ਮੁੱਖ ਮੰਤਰੀ ਭਗਵੰਤ ਮਾਨ ਦੇ ਸਖਤ ਸਟੈਂਡ ਕਰਕੇ ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਅੰਦਰ ਵੀ ਰੋਸ ਵਧ ਗਿਆ ਹੈ।
ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੋਸ਼ਲ ਮੀਡੀਆ ’ਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦੇ ਨਾਂ ’ਤੇ ਪਾਈ ਗਈ ਇੱਕ ਪੋਸਟ ਤੋਂ ਬਾਅਦ ਇਸ ਦਾ ਜਵਾਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵੀ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਆਹਮੋ-ਸਾਹਮਣੇ ਆਉਣ ਮਗਰੋਂ ਪੰਥਕ ਧਿਰਾਂ ਅੰਦਰ ਹਲਚਲ ਤੇਜ਼ ਹੋਈ ਹੈ।
ਗਿਆਨੀ ਹਰਪ੍ਰੀਤ ਸਿੰਘ ਦਾ ਸੀਐਮ ਭਗਵੰਤ ਮਾਨ ਨੂੰ ਜਵਾਬ
ਦੱਸ ਦਈਏ ਕਿ ਜਥੇਦਾਰ ਨੇ ਮੁੱਖ ਮੰਤਰੀ ਨੂੰ ਆਖਿਆ ਹੈ ਕਿ ਜਿਵੇਂ ਉਹ (ਮੁੱਖ ਮੰਤਰੀ) ਪੰਜਾਬ ਦੀ ਨੁਮਾਇੰਦਗੀ ਕਰਦੇ ਹਨ, ਉਸੇ ਤਰ੍ਹਾਂ ਉਹ ਵੀ ਆਪਣੀ ਕੌਮ ਦੇ ਨਿਮਾਣੇ ਜਿਹੇ ਨੁਮਾਇੰਦੇ ਹਨ। ਉਨ੍ਹਾਂ ਨੂੰ ਵੀ ਆਪਣੀ ਕੌਮ ਦੇ ਨਿਰਦੋਸ਼ ਨੌਜਵਾਨਾਂ ਦੇ ਹੱਕ ਦੀ ਗੱਲ ਕਰਨ ਦਾ ਅਧਿਕਾਰ ਹੈ ਤੇ ਇਹ ਉਨ੍ਹਾਂ ਦਾ ਫਰਜ਼ ਵੀ ਹੈ।
ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ, ‘ਤੁਸੀਂ ਠੀਕ ਕਿਹਾ ਹੈ ਕਿ ਅਕਸਰ ਹੀ ਭੋਲੇ-ਭਾਲੇ ਧਾਰਮਿਕ ਲੋਕਾਂ ਨੂੰ ਰਾਜਸੀ ਲੋਕ ਵਰਤ ਜਾਂਦੇ ਹਨ ਪਰ ਮੈਂ ਇਸ ਪੱਖੋਂ ਪੂਰਾ ਸੁਚੇਤ ਹਾਂ। ਤੁਸੀਂ ਆਪਣਾ ਧਿਆਨ ਰੱਖੋ, ਆਪਣੀਆਂ ਸਿਆਸੀ ਰੋਟੀਆਂ ਸੇਕਣ ਲਈ, ਪੰਜਾਬ ਨੂੰ ਤੰਦੂਰ ਵਾਂਗ ਮਘਦਾ ਰੱਖਣ ਲਈ ਆਪ ਜੀ ਵਰਗੇ ਰਾਜਨੀਤਕ ਲੋਕਾਂ ਨੂੰ ਰਾਜਨੀਤਕ ਲੋਕ ਨਾ ਵਰਤ ਜਾਣ।’
ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਕਿ ਰਾਜਨੀਤੀ ਲਈ ਸੰਵਾਦ ਬਾਅਦ ਵਿੱਚ ਕਰਾਂਗੇ, ਪਹਿਲਾਂ ਆਓ ਰਲ ਕੇ ਪੰਜਾਬ ਨੂੰ ਬਚਾਈਏ ਤੇ ਘਰ ਉਡੀਕ ਰਹੀਆਂ ਮਾਵਾਂ ਨੂੰ ਉਨ੍ਹਾਂ ਦੇ ਜੇਲ੍ਹਾਂ ਵਿੱਚ ਡੱਕੇ ਨਿਰਦੋਸ਼ ਪੁੱਤਰਾਂ ਨਾਲ ਮਿਲਾਈਏ ਤੇ ਅਸੀਸ ਲਈਏ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਆਖਿਆ ਗਿਆ ਸੀ ਕਿ ਸਭ ਨੂੰ ਪਤਾ ਹੈ ਕਿ ਤੁਸੀਂ ਸ਼੍ਰੋਮਣੀ ਕਮੇਟੀ ਤੇ ਬਾਦਲਾਂ ਦਾ ਪੱਖ ਪੂਰਦੇ ਰਹੇ ਹੋ ...ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸੁਆਰਥ ਲਈ ਵਰਤਿਆ... ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਲਈ ਜਾਰੀ ਕਰਦੇ...।
ਸੀਐਮ ਭਗਵੰਤ ਮਾਨ ਨੇ ਕੀ ਕਿਹਾ?
ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਲਟੀਮੇਟਮ ਦਿੱਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਥੇਦਾਰ ਪੰਜਾਬ ਦੇ ਹਸਦੇ-ਵਸਦੇ ਲੋਕਾਂ ਨੂੰ ਨਾ ਭੜਕਾਉਣ। ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ, ‘ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ, ਸਭ ਨੂੰ ਪਤਾ ਹੈ ਤੁਸੀਂ ਅਤੇ ਐੱਸਜੀਪੀਸੀ ਬਾਦਲਾਂ ਦਾ ਪੱਖ ਪੂਰਦੇ ਰਹੇ ਹੋ। ਇਤਿਹਾਸ ਦੇਖੋ, ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸੁਆਰਥ ਲਈ ਵਰਤਿਆ। ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ, ਨਾ ਕਿ ਹਸਦੇ-ਵਸਦੇ ਲੋਕਾਂ ਨੂੰ ਭੜਕਾਉਣ ਲਈ।’
ਦੱਸ ਦਈਏ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਮਗਰੋਂ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਨੌਜਵਾਨਾਂ ਦੇ ਮਾਮਲੇ ’ਤੇ ਬੀਤੇ ਦਿਨ ਇਕੱਤਰਤਾ ਸੱਦੀ ਸੀ ਤੇ ਪੰਜਾਬ ਸਰਕਾਰ ਨੂੰ 24 ਘੰਟਿਆਂ ਅੰਦਰ ਸਾਰੇ ਨੌਜਵਾਨ ਰਿਹਾਅ ਕਰਨ ਦਾ ਅਲਟੀਮੇਟਮ ਦਿੱਤਾ ਸੀ। ਅਜਿਹਾ ਨਾ ਹੋਣ ’ਤੇ ਖ਼ਾਲਸਾ ਵਹੀਰ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ ਸੀ।