Punjab News: ਦਿੱਲੀ ਦੇ ਲਾਲ ਕਿਲ੍ਹੇ ਨੇੜੇ ਹੋਏ ਧਮਾਕੇ ਤੋਂ ਬਾਅਦ, ਸੋਮਵਾਰ ਸ਼ਾਮ ਨੂੰ ਪੰਜਾਬ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਸੀ। ਇਸ ਦੌਰਾਨ, ਪੰਜਾਬ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ। ਉਨ੍ਹਾਂ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕੀਤਾ।

Continues below advertisement

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕੀਤਾ ਕਿ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਇੱਕ ਕਾਰਵਾਈ ਵਿੱਚ, ਫਿਰੋਜ਼ਪੁਰ ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਤੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਮੁਲਜ਼ਮਾਂ ਵਿੱਚ ਗੁਰਪ੍ਰੀਤ ਸਿੰਘ ਉਰਫ਼ ਗੋਰੀ ਤੇ ਵਿਕਰਮਜੀਤ ਸਿੰਘ ਉਰਫ਼ ਵਿੱਕੀ ਸ਼ਾਮਲ ਹਨ।

ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਕਰਮਜੀਤ ਸਿੰਘ ਦੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਪਾਕਿਸਤਾਨੀ ਤਸਕਰ ਨਾਲ ਸਿੱਧੇ ਸਬੰਧ ਸਨ। ਉਸਦੇ ਖੁਲਾਸਿਆਂ ਦੇ ਆਧਾਰ 'ਤੇ, ਪੁਲਿਸ ਨੇ ਦੋ ਹੋਰ ਗਲੌਕ ਪਿਸਤੌਲ ਬਰਾਮਦ ਕੀਤੇ। ਉਸਨੇ ਆਪਣੇ ਪਾਕਿਸਤਾਨੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਸਥਾਨਕ ਸੰਪਰਕਾਂ ਨੂੰ ਹਥਿਆਰ ਸਪਲਾਈ ਕਰਨ ਦੀ ਗੱਲ ਵੀ ਕਬੂਲ ਕੀਤੀ। ਉਸਦੀ ਗ੍ਰਿਫਤਾਰੀ ਨੇ ਉਸੇ ਸਰਹੱਦ ਪਾਰ ਨੈੱਟਵਰਕ ਤੋਂ AK-47 ਰਾਈਫਲਾਂ ਦੀ ਖਰੀਦ ਨਾਲ ਸਬੰਧਤ ਇੱਕ ਪੁਰਾਣੇ ਮਾਮਲੇ ਨੂੰ ਹੱਲ ਕਰਨ ਵਿੱਚ ਵੀ ਮਦਦ ਕੀਤੀ।

ਦਿੱਲੀ ਬੰਬ ਧਮਾਕੇ ਦੀ ਪੰਜਾਬ ਤੱਕ ਪਈ ਧਮਕ !

ਸੂਤਰਾਂ ਮੁਤਾਬਕ ਦਿੱਲੀ ਧਮਾਕਿਆਂ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਿਰਦੇਸ਼ਾਂ 'ਤੇ ਕੌਮੀ ਜਾਂਚ ਏਜੰਸੀ, ਚੰਡੀਗੜ੍ਹ ਦੀਆਂ ਦੋ ਟੀਮਾਂ ਦੇਰ ਰਾਤ ਪੰਜਾਬ ਪਹੁੰਚੀਆਂ। ਇੱਕ ਟੀਮ ਨੇ ਚੰਡੀਗੜ੍ਹ ਤੇ ਨੇੜਲੇ ਇਲਾਕਿਆਂ ਵਿੱਚ ਛਾਪੇਮਾਰੀ ਕੀਤੀ। ਐਨਆਈਏ ਦੇ ਇੱਕ ਸੀਨੀਅਰ ਅਧਿਕਾਰੀ ਅਨੁਸਾਰ ਪੰਜਾਬ ਵਿੱਚ ਮੌਜੂਦਾ ਐਨਆਈਏ ਟੀਮਾਂ ਤੋਂ ਇਲਾਵਾ, ਚੰਡੀਗੜ੍ਹ ਐਨਆਈਏ ਵੀ ਇੱਕ ਜੁਆਇੰਟ ਤਲਾਸ਼ੀ ਮੁਹਿੰਮ ਚਲਾਉਣ ਵਿੱਚ ਉਨ੍ਹਾਂ ਨਾਲ ਸ਼ਾਮਲ ਹੋਈ। 

ਡੀਜੀਪੀ ਗੌਰਵ ਯਾਦਵ ਨੇ ਪੁਲਿਸ ਤੇ ਪ੍ਰਸ਼ਾਸਨ ਨੂੰ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਹਾਈ ਅਲਰਟ 'ਤੇ ਰਹਿਣ ਦੇ ਆਦੇਸ਼ ਦਿੱਤੇ ਹਨ। ਡੀਜੀਪੀ ਨੇ ਬੀਤੀ ਦੇਰ ਰਾਤ ਸਾਰੇ ਪੁਲਿਸ ਕਮਿਸ਼ਨਰਾਂ ਤੇ ਐਸਐਸਪੀਜ਼ ਨਾਲ ਵੀਡੀਓ ਕਾਨਫਰੰਸ ਕੀਤੀ ਤੇ ਰਾਜ ਵਿੱਚ ਸੁਰੱਖਿਆ ਸਖ਼ਤ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਇਸ ਦੌਰਾਨ ਚੰਡੀਗੜ੍ਹ, ਪੰਚਕੂਲਾ ਤੇ ਮੁਹਾਲੀ ਵਿੱਚ ਸਥਾਨਕ ਪੁਲਿਸ ਹਾਈ ਅਲਰਟ 'ਤੇ ਰਹੀ।

ਪੁਲਿਸ ਬੰਬ ਸਕੁਐਡ ਟੀਮਾਂ ਨੂੰ ਚੰਡੀਗੜ੍ਹ ਰੇਲਵੇ ਸਟੇਸ਼ਨ, ਬੱਸ ਸਟੈਂਡ ਤੇ ਜਨਤਕ ਥਾਵਾਂ 'ਤੇ ਤਲਾਸ਼ੀ ਲੈਂਦੇ ਦੇਖਿਆ ਗਿਆ। ਐਨਆਈਏ ਸੂਤਰਾਂ ਅਨੁਸਾਰ ਅੰਮ੍ਰਿਤਸਰ, ਫਾਜ਼ਿਲਕਾ, ਤਰਨ ਤਾਰਨ ਤੇ ਗੁਰਦਾਸਪੁਰ ਸਮੇਤ ਹੋਰ ਜ਼ਿਲ੍ਹਿਆਂ ਵਿੱਚ ਤਲਾਸ਼ੀ ਸ਼ੁਰੂ ਚਲਾਈ ਗਈ ਹੈ। ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਿਸ਼ੇਸ਼ ਚੌਕਸੀ ਵਧਾ ਦਿੱਤੀ ਗਈ ਹੈ। ਇੱਕ ਟੀਮ ਨੇ ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਵਿੱਚ ਚਾਰ ਤੋਂ ਪੰਜ ਥਾਵਾਂ ਦੀ ਤਲਾਸ਼ੀ ਲਈ ਹੈ।

ਐਨਆਈਏ ਅਧਿਕਾਰੀਆਂ ਅਨੁਸਾਰ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਵਿੱਚ ਫੈਲੇ ਖਾਲਿਸਤਾਨ ਪੱਖੀ ਸੰਗਠਨਾਂ ਦੇ ਕਾਰਕੁਨ ਉਨ੍ਹਾਂ ਦੇ ਨਿਸ਼ਾਨੇ 'ਤੇ ਹਨ। ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਵਿੱਚ ਸਰਗਰਮ ਅੱਤਵਾਦੀ ਸੰਗਠਨਾਂ ਦੇ ਕਾਰਕੁਨਾਂ ਦੀਆਂ ਗਤੀਵਿਧੀਆਂ 'ਤੇ ਮਨੁੱਖੀ ਤੇ ਤਕਨੀਕੀ ਦੋਵੇਂ ਤਰ੍ਹਾਂ ਦੀ ਖੁਫੀਆ ਨਿਗਰਾਨੀ ਵਧਾ ਦਿੱਤੀ ਗਈ ਹੈ।