Punjab News: ਕਈ ਵਰ੍ਹਿਆਂ ਮਗਰੋਂ ਪੰਜਾਬ ਦੇ ਕਾਲਜਾਂ ਵਿੱਚ ਪਰਤੀ ਚਹਿਲ-ਪਹਿਲ ਨੇ ਪੰਜਾਬ ਸੁਹਰਿਦ ਲੋਕਾਂ ਦੇ ਚਿਹਰੇ ਉੱਤੇ ਜ਼ਰੂਰ ਖ਼ੁਸ਼ੀ ਲਿਆ ਦਿੱਤੀ ਹੈ, ਬੇਸ਼ੱਕ ਇਸ ਪਿੱਛੇ ਦਾ ਵੱਡਾ ਕਾਰਨ ਬਾਹਰਲੇ ਮੁਲਕਾਂ ਵੱਲੋਂ ਆਪਣੇ ਬੂਹੇ ਭੇੜਣ ਮੰਨਿਆ ਜਾ ਰਿਹਾ ਹੈ ਪਰ ਫਿਰ ਵੀ ਇਹ ਚੰਗੀ ਖ਼ਬਰ ਹੈ ਤੇ ਇਸ ਨਾਲ ਡਿਗਰੀ ਕਾਲਜਾਂ ਦੇ ਵੀ ਸਾਹ ਵਿੱਚ ਸਾਹ ਆਏ ਹਨ।
ਇਸ ਦੌਰਾਨ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਸੁਪਨੇ ਸਾਕਾਰ ਲਈ ਰੋਜ਼ਗਾਰ ਦੀ ਭਾਲ ਵਿੱਚ ਵਿਦੇਸ਼ਾਂ ਵਿੱਚ ਜਾਣ ਦੀ ਬਜਾਏ ਇੱਥੇ ਰਹਿ ਕੇ ਹੀ ਆਪਣੇ ਜੀਵਨ ਵਿੱਚ ਸਖ਼ਤ ਮਿਹਨਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਲਈ ਸਿਰਤੋੜ ਯਤਨ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਵਾਅਦਾ ਕੀਤਾ ਸੀ ਸੂਬੇ ਵਿੱਚ ਨੌਜਵਾਨ ਵਤਨ ਵਾਪਸੀ ਕਰਨਗੇ ਅਤੇ ਇਸ ਦੀ ਖਾਤਰ ਉਨ੍ਹਾਂ ਦੀ ਸਰਕਾਰ ਵੱਡੇ ਯਤਨ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਸਾਡੇ ਸੁਹਿਰਦ ਯਤਨਾਂ ਦੇ ਉਸਾਰੂ ਨਤੀਜੇ ਸਾਹਮਣੇ ਆਉਣ ਲੱਗੇ ਹਨ ਅਤੇ ਸਾਡੇ ਨੌਜਵਾਨ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣ ਰਹੇ ਹਨ।
ਭਗਵੰਤ ਸਿੰਘ ਮਾਨ ਨੇ ਕਿਹਾ, “ਮੇਰੇ ਮਨ ਨੂੰ ਬਹੁਤ ਤਸੱਲੀ ਹੈ ਕਿ ਇਸ ਵਾਰ ਪੰਜਾਬ ਦੀਆਂ ਵਿਦਿਅਕ ਸੰਸਥਾਵਾਂ ਵਿੱਚ ਦਾਖ਼ਲੇ ਲੈਣ ਲਈ ਨੌਜਵਾਨਾਂ ਦੀ ਗਿਣਤੀ ਵਿੱਚ ਵੱਡਾ ਵਾਧਾ ਹੋਇਆ ਹੈ। ਇਸ ਤੋਂ ਸਾਡੀਆਂ ਲੋਕ ਭਲਾਈ ਨੀਤੀਆਂ ਦੀ ਝਲਕ ਦਾ ਪ੍ਰਗਟਾਵਾ ਹੁੰਦਾ ਹੈ ਜਿਸ ਕਰਕੇ ਨੌਜਵਾਨਾਂ ਵਿੱਚ ਵਤਨ ਵਾਪਸੀ ਦੀ ਸ਼ੁਰੂਆਤ ਦੇਖੀ ਜਾ ਸਕਦੀ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 44700 ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਮੁੱਚੀ ਭਰਤੀ ਨਿਰੋਲ ਮੈਰਿਟ ਦੇ ਆਧਾਰ ’ਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਨੀਤੀਆਂ ਅਤੇ ਨੀਅਤ ਵਿੱਚ ਨੌਜਵਾਨਾਂ ਦਾ ਵਿਸ਼ਵਾਸ ਵਧਿਆ ਹੈ, ਜਿਸ ਕਰਕੇ ਉਹ ਵਿਦੇਸ਼ ਜਾਣ ਦਾ ਇਰਾਦਾ ਛੱਡ ਕੇ ਇਥੇ ਰਹਿ ਕੇ ਸਰਕਾਰੀ ਨੌਕਰੀ ਲਈ ਤਿਆਰੀ ਕਰ ਰਹੇ ਹਨ।