ਬਰਨਾਲਾ: ਚੋਣਾਂ ਦੌਰਾਨ ਮਜ਼ਦੂਰਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਨਾ ਕੀਤੇ ਜਾਣ ਦੇ ਰੋਸ ਵਜੋਂ ਮਜ਼ਦੂਰਾਂ ਦੀ ਜਥੇਬੰਦੀ ਮਜ਼ਦੂਰ ਮੁਕਤੀ ਮੋਰਚਾ ਵੱਲੋਂ ਪੰਜਾਬ ਭਰ ਵਿੱਚ ਮੰਤਰੀਆਂ ਤੇ ਵਿਧਾਇਕਾਂ ਦੀਆਂ ਕੋਠੀਆਂ ਅੱਗੇ ਧਰਨੇ ਲਾਏ ਜਾ ਰਹੇ ਹਨ। ਇਨ੍ਹਾਂ ਧਰਨਿਆਂ ਰਾਹੀਂ ਵਿਧਾਇਕਾਂ ਤੋਂ ਜਵਾਬ ਮੰਗਿਆ ਜਾ ਰਿਹਾ ਹੈ ਕਿ ਪਿੱਛਲੇ ਸਾਢੇ ਚਾਰ ਸਾਲਾਂ ਦੌਰਾਨ ਮਜ਼ਦੂਰਾਂ ਦੀਆਂ ਮੰਗਾਂ ਲਈ ਉਨ੍ਹਾਂ ਨੇ ਕੀ ਕੀਤਾ ਹੈ।



ਅੱਜ ਬਰਨਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਦਾ ਮਜ਼ਦੂਰ ਮੁਕਤੀ ਮੋਰਚਾ ਵੱਲੋਂ ਘਿਰਾਉ ਕਰਕੇ ਆਪਣੀਆਂ ਮੰਗਾਂ ਲਈ ਆਵਾਜ਼ ਉਠਾਈ ਗਈ। ਮਜ਼ਦੂਰ ਆਗੂਆਂ ਨੇ ਕਿਹਾ ਕਿ ਚੋਣਾਂ ਮੌਕੇ ਹਰ ਪਾਰਟੀ ਤੇ ਲੀਡਰ ਉਨ੍ਹਾਂ ਨਾਲ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਕਰਦਾ ਹੈ, ਪਰ ਚੋਣਾਂ ਲੰਘਣ ਤੋਂ ਬਾਅਦ ਕੋਈ ਮਜ਼ਦੂਰਾਂ ਦੀ ਸਾਰ ਨਹੀਂ ਲੈਂਦਾ। ਇਸ ਕਰਕੇ ਆਉਣ ਵਾਲੀਆਂ ਚੋਣਾਂ ਵਿੱਚ ਉਹ ਲੀਡਰਾਂ ਨੂੰ ਵੋਟ ਮੰਗਣ ਮੌਕੇ ਘੇਰਣਗੇ।

ਮਜ਼ਦੂਰ ਆਗੂਆਂ ਨੇ ਕਿਹਾ ਕਿ ਮਜ਼ਦੂਰ ਮੁਕਤੀ ਮੋਰਚਾ ਵੱਲੋਂ 7 ਤੇ 8 ਜੂਨ ਨੂੰ ਪੰਜਾਬ ਭਰ ਵਿੱਚ ਮੰਤਰੀਆਂ ਤੇ ਵਿਧਾਇਕਾਂ ਦੀਆਂ ਕੋਠੀਆਂ ਦਾ ਘਿਰਾਉ ਕੀਤੇ ਜਾ ਰਹੇ ਹਨ। ਇਸ ਦੌਰਾਨ ਵਿਧਾਇਕਾਂ ਤੋਂ ਮਜ਼ਦੂਰਾਂ ਦੀਆਂ ਮੰਗਾਂ ਲਈ ਕੀ ਕੀਤਾ ਹੈ, ਇਸ ਦਾ ਜਵਾਬ ਮੰਗਿਆ ਜਾ ਰਿਹਾ ਹੈ। ਇਸ ਤਹਿਤ ਅੱਜ ਬਰਨਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਅੱਗੇ ਧਰਨਾ ਲਾਇਆ ਗਿਆ ਹੈ।

ਮੀਤ ਹੇਅਰ ਵੱਲੋਂ ਭਾਵੇਂ ਮਜ਼ਦੂਰਾਂ ਦੀਆਂ ਮੰਗਾਂ ਉਠਾਏ ਜਾਣ ਦਾ ਦਾਅਵਾ ਕੀਤਾ ਗਿਆ ਹੈ, ਪਰ ਮਜ਼ਦੂਰਾਂ ਨੂੰ ਨਹੀਂ ਲੱਗਦਾ ਕਿ ਕਿਸੇ ਵੀ ਲੀਡਰ ਜਾਂ ਵਿਧਾਇਕ ਨੇ ਮਜ਼ਦੂਰਾਂ ਦੀਆਂ ਮੰਗਾਂ ਲਈ ਆਵਾਜ਼ ਉਠਾਈ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੀਆਂ ਮੰਗਾਂ ਵਿੱਚ ਬਿਜਲੀ ਕਨੈਕਸ਼ਨ ਕੱਟੇ ਜਾਣ, ਮਜ਼ਦੂਰਾਂ ਦੀ ਕਰਜ਼ਾਮਾਫ਼ੀ, ਮਜ਼ਦੂਰ ਔਰਤਾਂ ਦੇ ਫ਼ਾਇਨਾਂਸ ਕੰਪਨੀਆਂ ਦੇ ਕਰਜ਼ੇ ਮਾਫ਼ ਕਰਨ ਤੋਂ ਇਲਾਵਾ ਹੋਰ ਅਨੇਕਾਂ ਮੰਗਾਂ ਹਨ।