ਪਠਾਨਕੋਟ: ਪੰਜਾਬ ਤੋਂ ਬਾਅਦ ਹੁਣ ਖਾਲਿਸਤਾਨ ਦੀ ਗੂੰਜ ਹਿਮਾਚਲ ਵਿੱਚ ਵੀ ਸੁਣਾਈ ਦੇ ਰਹੀ ਹੈ। ਖਾਲਿਸਤਾਨ ਸਮਰਥਕਾਂ ਵੱਲੋਂ ਹੁਣ ਧਰਮਸ਼ਾਲਾ ਵਿੱਚ ਹਿਮਾਚਲ ਵਿਧਾਨ ਸਭਾ ਦੀਆਂ ਕੰਧਾਂ 'ਤੇ ਖਾਲਿਸਤਾਨ ਲਿਖਿਆ ਗਿਆ ਹੈ। ਇਸ ਦੇ ਨਾਲ ਹੀ ਕੇਸਰੀ ਝੰਡੇ ਲਾਏ ਗਏ ਹਨ।



ਇਸ ਤੋਂ ਬਾਅਦ ਹਿਮਾਚਲ ਪੁਲਿਸ ਨੇ ਤੁਰੰਤ ਇਸ ਦਾ ਨੋਟਿਸ ਲੈਂਦਿਆਂ ਸੂਬੇ 'ਚ ਅਲਰਟ ਜਾਰੀ ਕਰ ਦਿੱਤਾ ਹੈ। ਇਸ ਦਾ ਅਸਰ ਹਿਮਾਚਲ ਨਾਲ ਲੱਗਦੇ ਬਾਹਰੀ ਰਾਜਾਂ ਦੀਆਂ ਸਰਹੱਦਾਂ 'ਤੇ ਵੀ ਦੇਖਣ ਨੂੰ ਮਿਲਿਆ ਹੈ। ਬਾਹਰਲੇ ਰਾਜਾਂ ਤੋਂ ਆਉਣ ਵਾਲੇ ਹਰ ਵਾਹਨ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।


ਇਸ ਤੋਂ ਪਹਿਲਾਂ  ਪੁਲਿਸ ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੀ ਇਮਾਰਤ ਵਿੱਚ ਖਾਲਿਸਤਾਨੀ ਝੰਡੇ ਲਗਾਉਣ ਦੇ ਮਾਮਲੇ ਵਿੱਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਿਮਾਚਲ ਪੁਲਿਸ ਨੇ ਇਸ ਮਾਮਲੇ ਵਿੱਚ ਸਿੱਖਸ ਫਾਰ ਜਸਟਿਸ ਦੇ ਜਨਰਲ ਕੌਂਸਲ ਗੁਰਪਤਵੰਤ ਸਿੰਘ ਪੰਨੂ ਨੂੰ ਮੁੱਖ ਮੁਲਜ਼ਮ ਬਣਾਇਆ ਹੈ। ਇਸ ਦੇ ਨਾਲ ਹੀ ਇੱਕ FRI ਵੀ ਦਰਜ ਕੀਤੀ ਗਈ ਹੈ। ਜਿਸ ਵਿੱਚ ਯੂਏਪੀਏ ਸਮੇਤ ਕਈ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਸਾਰੇ ਜ਼ਿਲ੍ਹਿਆਂ ਨੂੰ ਦਿੱਤੀਆਂ ਹਦਾਇਤਾਂ 

ਹਿਮਾਚਲ ਪ੍ਰਦੇਸ਼ ਪੁਲਿਸ ਅਨੁਸਾਰ ਆਈਪੀਸੀ ਦੀ ਧਾਰਾ 153-ਏ, 153-ਬੀ ਅਤੇ ਯੂਏਪੀਏ ਦੀ ਧਾਰਾ 13 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੁਲਜ਼ਮਾਂ ਨੂੰ ਫੜਨ ਲਈ ਅੰਤਰਰਾਜੀ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਦੇ ਲਈ ਹਰ ਜ਼ਿਲ੍ਹੇ ਦੇ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਅਜਿਹੀਆਂ ਸਾਰੀਆਂ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿੱਥੇ ਖਾਲਿਸਤਾਨੀ ਸਮਰਥਕਾਂ ਦੇ ਲੁਕੇ ਹੋਣ ਦੀ ਸੰਭਾਵਨਾ ਹੈ।

ਕੀ ਹੈ ਪੂਰਾ ਮਾਮਲਾ?

ਦਰਅਸਲ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਮੁੱਖ ਗੇਟ 'ਤੇ ਖਾਲਿਸਤਾਨ ਦੇ ਝੰਡੇ ਟੰਗੇ ਗਏ ਸਨ ਅਤੇ ਇਸ ਦੀਆਂ ਕੰਧਾਂ 'ਤੇ ਕੁਝ ਇਤਰਾਜ਼ਯੋਗ ਨਾਅਰੇ ਵੀ ਲਿਖੇ ਗਏ ਸਨ। ਇਹ ਝੰਡੇ ਵਿਧਾਨ ਸਭਾ ਕੰਪਲੈਕਸ ਦੇ ਮੁੱਖ ਗੇਟ ਨੰਬਰ ਇੱਕ ਦੇ ਬਾਹਰਲੇ ਪਾਸੇ ਲਟਕਦੇ ਮਿਲੇ ਸਨ, ਜਿਨ੍ਹਾਂ ਨੂੰ ਬਾਅਦ ਵਿੱਚ ਪ੍ਰਸ਼ਾਸਨ ਨੇ ਹਟਾ ਦਿੱਤਾ ਸੀ। ਇਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਦੀ ਨਿੰਦਾ ਕਰਦੇ ਹੋਏ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਕਿਹਾ ਕਿ ਦੋਸ਼ੀਆਂ ਨੂੰ ਜਲਦੀ ਹੀ ਫੜ ਲਿਆ ਜਾਵੇਗਾ।