ਕੇਸ ਦਰਜ ਹੋਣ ਮਗਰੋਂ ਭਗਵੰਤ ਮਾਨ ਸਰਕਾਰ ਨੂੰ ਸਿੱਧੇ ਹੋ ਕੇ ਟੱਕਰੇਗਾ ਲੱਖਾ ਸਿਧਾਣਾ
ਪੰਜਾਬ ਪੁਲਿਸ ਨੇ ਵਿਧਾਨ ਸਭਾ ਹਲਕਾ ਮੌੜ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਚੁੱਕੇ ਲੱਖਾ ਸਿਧਾਣਾ ਖ਼ਿਲਾਫ਼ ਜ਼ਿਲ੍ਹਾ ਤਰਨ ਤਾਰਨ ਦੇ ਥਾਣਾ ਹਰੀਕੇ ਵਿੱਚ ਕੇਸ ਦਰਜ ਕਰ ਦਿੱਤਾ ਹੈ।
ਚੰਡੀਗੜ੍ਹ: ਪੰਜਾਬ ਪੁਲਿਸ ਨੇ ਵਿਧਾਨ ਸਭਾ ਹਲਕਾ ਮੌੜ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਚੁੱਕੇ ਲੱਖਾ ਸਿਧਾਣਾ ਖ਼ਿਲਾਫ਼ ਜ਼ਿਲ੍ਹਾ ਤਰਨ ਤਾਰਨ ਦੇ ਥਾਣਾ ਹਰੀਕੇ ਵਿੱਚ ਕੇਸ ਦਰਜ ਕਰ ਦਿੱਤਾ ਹੈ। ਇਸ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਲੱਖਾ ਸਿਧਾਣਾ ‘ਆਪ’ ਸਰਕਾਰ ਵਿਰੁੱਧ ਨਿੱਤਰ ਆਏ ਹਨ, ਜਿਸ ਨੇ ਸੂਬਾ ਸਰਕਾਰ ਦੀ ਧੱਕੇਸ਼ਾਹੀ ਦੇ ਖ਼ਿਲਾਫ਼ 9 ਅਕਤੂਬਰ ਨੂੰ ਪਿੰਡ ਮਹਿਰਾਜ ਦੀ ਅਨਾਜ ਮੰਡੀ ਵਿੱਚ ਵੱਡਾ ਇਕੱਠ ਰੱਖਿਆ ਹੈ।
ਸਿਧਾਣਾ ਨੇ ਇਕੱਠ ਵਿੱਚ ਸੂਬੇ ਦੇ ਇਨਸਾਫ਼ ਪਸੰਦ ਤੇ ਲੋਕ ਮਾਰੂ ਨੀਤੀਆਂ ਖ਼ਿਲਾਫ਼ ਸੰਘਰਸ਼ ਕਰਨ ਵਾਲਿਆਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ। ਲੱਖਾ ਸਿਧਾਣਾ ਦੇ ਸਮਰਥਕਾਂ ਦਾ ਕਹਿਣਾ ਹੈ ਕਿ ਉਸ ਉੱਪਰ ਕੇਜਰੀਵਾਲ ਤੇ ਰਾਘਵ ਚੱਢੇ ਦੇ ਹੁਕਮਾਂ ਤਹਿਤ ਐਨਡੀਪੀਐਸ ਦਾ ਝੂਠਾ ਕੇਸ ਦਾਇਰ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਹ ਕੇਸ ਤਰਨ ਤਾਰਨ ਵਿੱ ਦਰਜ ਕੀਤਾ ਗਿਆ ਹੈ। ਲੱਖਾ ਸਿਧਾਣਾ ਦੇ ਸਮਰਥਕਾਂ ਨੇ ਚੁਣੌਤੀ ਦਿੱਤੀ ਹੈ ਕਿ ਜਿੰਨੇ ਮਰਜ਼ੀ ਪਰਚੇ ਕਰਾ ਲਵੋ ਉਨ੍ਹਾਂ ਦੀ ਜ਼ੁਬਾਨ ਬੰਦ ਨਹੀਂ ਕਰ ਸਕਦੇ। ਸਮਰਥਕਾਂ ਨੇ ਕਿਹਾ ਹੈ ਕਿ ਅੱਜ ਸਾਨੂੰ ਲੱਖਾ ਸਿਧਾਣਾ ਨਾਲ ਖੜ੍ਹਨ ਦੀ ਲੋੜ ਹੈ।
ਦੱਸ ਦਈਏ ਕਿ ਲੱਕਾ ਸਿਧਾਣਾ ਕਿਸਾਨ ਅੰਦੋਲਨ ਦੌਰਾਨ ਉੱਭਰ ਕੇ ਸਾਹਮਣੇ ਆਏ ਸੀ। ਉਹ ਪੰਜਾਬੀ ਬੋਲੀ ਲਈ ਸੰਘਰਸ਼ ਕਰ ਰਹੇ ਹਨ। ਉਹ ਸਮਾਜ ਸੇਵੀ ਵਜੋਂ ਜਾਣੇ ਜਾਂਦੇ ਹਨ ਤੇ ਪੰਜਾਬੀ ਮਾਂ ਬੋਲੀ ਸਤਿਕਾਰ ਕਮੇਟੀ ਦੇ ਪ੍ਰਧਾਨ ਹਨ।
ਲੱਖਾ ਸਿਧਾਣਾ ਨੇ ਮੁੱਖ ਮੰਤਰੀ ਭਗਵੰਤ ਮਾਨ ਕੋਲ ਮੰਗ ਰੱਖੀ ਸੀ ਕਿ ਪੰਜਾਬ ਅੰਦਰ ਸਰਕਾਰੀ ਤੇ ਪ੍ਰਾਈਵੇਟ ਖੇਤਰ ਦੀਆਂ ਨੌਕਰੀਆਂ ਵਿੱਚ ਪੰਜਾਬੀ ਨੌਜਵਾਨਾਂ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾਂ ਕਿਹਾ ਸੀ ਕਿ ਪਿਛਲੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਤੇ ਕੈਪਟਨ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਕੀਤੇ ਗ਼ੈਰ-ਪੰਜਾਬੀਆਂ ਨੂੰ ਬਰਖ਼ਾਸਤ ਕਰਕੇ ਪੰਜਾਬੀ ਨੌਜਵਾਨਾਂ ਨੂੰ ਭਰਤੀ ਕੀਤਾ ਜਾਵੇ।
ਉਨ੍ਹਾਂ ਕਿਹਾ ਸੀ ਕਿ ਸੂਬੇ ਦੇ ਨਿੱਜੀ ਖੇਤਰ ਦੀਆਂ ਨੌਕਰੀਆਂ ਵਿੱਚ ਵੀ ਹਰਿਆਣਾ ਦੀ ਤਰਜ਼ ’ਤੇ 75 ਫ਼ੀਸਦੀ ਨੌਕਰੀਆਂ ਪੰਜਾਬੀਆਂ ਲਈ ਰਾਖਵੀਆਂ ਰੱਖੀਆਂ ਜਾਣ। ਲੱਖਾ ਸਿਧਾਣਾ ਨੇ ਕਿਹਾ ਕਿ ਸੀ ਪੰਜਾਬ ਸਰਕਾਰ ਵੱਲੋਂ ਨੌਕਰੀਆਂ ਦੇਣ ਲਈ ਡੋਮੀਸਾਈਲ ਦੀ ਥਾਂ ਬੋਨਾਫਾਈਡ ਸਰਟੀਫਿਕੇਟ ਲਈ ਕਾਨੂੰਨ ਲਿਆਉਣਾ ਚਾਹੀਦਾ ਹੈ।