ਚੰਡੀਗੜ੍ਹ: ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਜਿੱਤਣ ਮਗਰੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਸ਼੍ਰੋਮਣੀ ਕਮੇਟੀ ਚੋਣਾਂ 'ਤੇ ਅੱਖ ਹੈ। ਉਨ੍ਹਾਂ ਕਿਹਾ ਹੈ ਕਿ ਪਿਛਲੇ 11 ਸਾਲਾਂ ਤੋਂ ਚੋਣਾਂ ਲਟਕ ਰਹੀਆਂ ਹਨ। ਹੁਣ ਇਸ ਬਾਰੇ ਸੰਸਦ 'ਚ ਆਵਾਜ਼ ਉਠਾਉਣਗੇ। ਚਰਚਾ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਸ਼੍ਰੋਮਣੀ ਕਮੇਟੀ ਤੋਂ ਲਾਂਭੇ ਕਰਨ ਲਈ ਪੰਥਕ ਧੜੇ ਇੱਕਜੁੱਟ ਹੋਣ ਦੀ ਯੋਜਨਾ ਬਣਾ ਰਹੇ ਹਨ।
ਦਰਅਸਲ ਪੰਜਾਬ ਦੀ ਪੰਥਕ ਸਿਆਸਤ ਸ਼੍ਰੋਮਣੀ ਕਮੇਟੀ ਰਾਹੀਂ ਹੀ ਚੱਲਦੀ ਹੈ। ਮੰਨਿਆ ਜਾਂਦੀ ਹੈ ਕਿ ਜਿਸ ਧਿਰ ਦਾ ਸ਼੍ਰੋਮਣੀ ਕਮੇਟੀ ਉੱਪਰ ਕਬਜ਼ਾ ਹੋਵੇ, ਉਸ ਨੂੰ ਹੀ ਪੰਥਕ ਪਾਰਟੀ ਹੋਣ ਦੀ ਪ੍ਰਵਾਨਗੀ ਮਿਲਦੀ ਹੈ। ਇਸ ਲਈ ਸਾਰੀਆਂ ਪੰਥਕ ਧਿਰਾਂ ਦਾ ਮੰਨਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਲਾਂਭੇ ਕਰਨ ਲਈ ਸ਼੍ਰੋਮਣੀ ਕਮੇਟੀ ਚੋਣਾਂ ਜਿੱਤਣੀਆਂ ਜ਼ਰੂਰੀ ਹਨ।
ਇਸ ਬਾਰੇ ਗੱਲ ਕਰਦਿਆਂ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਹੈ ਕਿ ਪਿਛਲੇ ਗਿਆਰਾਂ ਸਾਲਾਂ ਤੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਟਕ ਰਹੀਆਂ ਹਨ ਪਰ ਕੇਂਦਰ ਸਰਕਾਰ ਵੱਲੋਂ ਇਹ ਚੋਣਾਂ ਨਹੀਂ ਕਰਵਾਈਆਂ ਜਾ ਰਹੀਆਂ। ਉਹ ਸੰਸਦ ਵਿੱਚ ਇਹ ਚੋਣਾਂ ਜਲਦੀ ਕਰਵਾਉਣ ਦੀ ਮੰਗ ਰੱਖਣਗੇ। ਨਵੇਂ ਸੰਸਦ ਮੈਂਬਰ ਬਣੇ ਸਿਮਰਨਜੀਤ ਮਾਨ ਨੇ ਮੰਗਲਵਾਰ ਨੂੰ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋ ਕੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਸੰਸਦ ਵਿੱਚ ਸਿੱਖ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਉਭਾਰਨਗੇ। ਉਨ੍ਹਾਂ ਕਿਹਾ ਕਿ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਕਤਲ ਕਰਨ ਵਾਲੇ ਨੂੰ ਤਾਂ ਰਿਹਾਅ ਕਰ ਦਿੱਤਾ ਗਿਆ ਪਰ ਬੰਦੀ ਸਿੱਖ ਜਿਨ੍ਹਾਂ ਨੇ ਅਜਿਹਾ ਕੁਝ ਨਹੀਂ ਕੀਤਾ, ਨੂੰ ਹੁਣ ਤੱਕ ਰਿਹਾਅ ਨਹੀਂ ਕੀਤਾ ਜਾ ਰਿਹਾ। ਉਹ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਬੰਦ ਹਨ ਤੇ ਸਜ਼ਾ ਵੀ ਪੂਰੀ ਕਰ ਚੁੱਕੇ ਹਨ। ਉਹ ਇਸ ਮਾਮਲੇ ਨੂੰ ਪ੍ਰਮੁੱਖਤਾ ਨਾਲ ਸੰਸਦ ਵਿੱਚ ਚੁੱਕਣਗੇ।