Punjab News: ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਦੇ ਨਾਮ ’ਚੋਂ ਮੁਹਾਲੀ ਸ਼ਬਦ ਗ਼ਾਇਬ ਹੋਣ 'ਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ਉੱਪਰ ਆ ਗਈ ਹੈ। ਇਸ ਮਗਰੋਂ ਮੋਰਚਾ ਸੰਭਾਲਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਹਵਾਈ ਅੱਡੇ ਦੇ ਨਾਮ ਸਬੰਧੀ ਬੇਲੋੜਾ ਰੌਲਾ ਨਾ ਪਾਇਆ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ਉਪਰ ਰੱਖਿਆ ਗਿਆ ਹੈ। ਉਨ੍ਹਾਂ ਆਖਿਆ ਕਿ ਇਨ੍ਹਾਂ ਆਗੂਆਂ ਨੂੰ ਧੀਰਜ ਰੱਖਣਾ ਚਾਹੀਦਾ ਹੈ, ਕਿਉਂਕਿ ਹਵਾਈ ਅੱਡੇ ਸਬੰਧੀ ਰਹਿੰਦੇ ਸਾਰੇ ਮਸਲੇ ਜਲਦੀ ਹੱਲ ਕੀਤੇ ਜਾਣਗੇ।


 






ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁਝ ਦਿਨ ਪਹਿਲਾਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਣ ਦਾ ਐਲਾਨ ਕੀਤਾ ਸੀ ਜਿਸ ਦਾ ਸਵਾਗਤ ਸਮੁੱਚੇ ਪੰਜਾਬ ਨੇ ਕੀਤਾ ਸੀ। ਸਿਆਸੀ ਰੱਫੜ ਹੁਣ ਇਸ ਹਵਾਈ ਅੱਡੇ ਦੇ ਨਾਮ ਨਾਲ ਚੰਡੀਗੜ੍ਹ ਲਿਖੇ ਜਾਣ ਤੋਂ ਖੜ੍ਹਾ ਹੋ ਗਿਆ ਹੈ। ਵਿਰੋਧੀ ਧਿਰਾਂ ਨੇ ਹਵਾਈ ਅੱਡੇ ਨਾਲ ਚੰਡੀਗੜ੍ਹ ਸ਼ਬਦ ਲਿਖੇ ਜਾਣ ਨੂੰ ਪੰਜਾਬ ਦੇ ਹੱਕਾਂ ’ਤੇ ਡਾਕਾ ਕਰਾਰ ਦਿੰਦਿਆਂ ਪੰਜਾਬ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। 



ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਲੋਚਨਾ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਇਸ ਮਾਮਲੇ ਵਿਚ ਕੇਂਦਰ ਸਰਕਾਰ ਅੱਗੇ ਗੋਡੇ ਟੇਕ ਦਿੱਤੇ ਹਨ। ਉਨ੍ਹਾਂ ਕਿਹਾ ਕਿ ਹਵਾਈ ਅੱਡਾ ਪੰਜਾਬ ਦੀ ਜ਼ਮੀਨ ’ਤੇ ਬਣਿਆ ਹੈ ਜਿਸ ਕਰਕੇ ਚੰਡੀਗੜ੍ਹ ਦੀ ਥਾਂ ਮੋਹਾਲੀ ਦਾ ਨਾਮ ਹੋਣਾ ਚਾਹੀਦਾ ਸੀ।



ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕੇ ਕਿਹਾ ਕਿ ਚੰਡੀਗੜ੍ਹ ਦੇ ਨਾਮ ’ਤੇ ਹਵਾਈ ਅੱਡੇ ਦਾ ਨਾਂ ਰੱਖਣ ਦੀ ਪੰਜਾਬ ਵਿਰੋਧੀ ਸਾਜ਼ਿਸ਼ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹਨ। ਉਨ੍ਹਾਂ ਲਿਖਿਆ ਕਿ ਅਖ਼ਬਾਰਾਂ ਦੱਸਦੀਆਂ ਹਨ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਇਸ ਹਵਾਈ ਅੱਡੇ ਲਈ 307 ਏਕੜ ਮੋਹਾਲੀ ਦੀ ਜ਼ਮੀਨ ਦਿੱਤੀ ਤੇ ਇਸ ਦਾ ਨਾਂ ‘ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਮੋਹਾਲੀ’ ਰੱਖਣ ਦਾ ਵਿਧਾਨ ਸਭਾ ਵਿਚ ਮਤਾ ਵੀ ਪਾਸ ਕੀਤਾ ਸੀ।