Punjab News: ਦਿੱਲੀ ਪੁਲਿਸ ਨੇ ਪੰਜ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ ਇਨ੍ਹਾਂ ਦੇ ਤਾਰ ਖਾਲਿਸਤਾਨੀਆਂ ਦੇ ਹਮਾਇਤੀ ਗੈਂਗਸਟਰ ਅਰਸ਼ਦੀਪ ਸਿੰਘ ਡੱਲਾ ਨਾਲ ਜੁੜੇ ਹਨ। ਦਿੱਲੀ ਦੇ ਮਯੂਰ ਵਿਹਾਰ 'ਚ ਐਤਵਾਰ ਦੇਰ ਰਾਤ ਖਾਲਿਸਤਾਨੀਆਂ ਨਾਲ ਜੁੜੇ ਗੈਂਗਸਟਰ ਅਰਸ਼ਦੀਪ ਸਿੰਘ ਡੱਲਾ ਦੇ ਦੋ ਸਾਥੀਆਂ ਤੇ ਦਿੱਲੀ ਪੁਲਿਸ ਵਿਚਾਲੇ ਮੁਕਾਬਲਾ ਹੋਇਆ। ਇਸ ਮਗਰੋਂ ਇਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਦੋਵਾਂ ਤੋਂ ਪੁੱਛਗਿੱਛ ਕਰਨ ਮਗਰੋਂ ਪੁਲਿਸ ਨੇ ਹੁਣ ਤੱਕ ਕੁੱਲ 5 ਖਾਲਿਸਤਾਨੀਆਂ ਨੂੰ ਗ੍ਰਿਫਤਾਰ ਦਾ ਦਾਅਵਾ ਕੀਤਾ ਹੈ। 


ਪੁਲਿਸ ਨੇ ਮੁਲਜ਼ਮਾਂ ਕੋਲੋਂ 2 ਰਿਵਾਲਵਰ, 13 ਕਾਰਤੂਸ ਤੇ ਇੱਕ ਹੈਂਡ ਗ੍ਰੇਨੇਡ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਹਾਸਲ ਜਾਣਕਾਰੀ ਮੁਤਾਬਕ ਗ੍ਰਿਫਤਾਰ ਕੀਤੇ ਗਏ ਸਚਿਨ ਭਾਟੀ, ਅਰਪਿਤ ਧਨਖੜ ਤੇ ਸੁਸ਼ੀਲ ਪ੍ਰਧਾਨ ਨੇ ਉਕਤ ਦੋ ਮੁਲਜ਼ਮਾਂ ਨੂੰ ਹਥਿਆਰ ਮੁਹੱਈਆ ਕਰਵਾਏ ਸਨ। ਪੁਲਿਸ ਨੇ ਸੋਮਵਾਰ ਦੇਰ ਸ਼ਾਮ ਸਾਰਿਆਂ ਨੂੰ ਗ੍ਰਿਫਤਾਰ ਕਰ ਲਿਆ। 


ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਨੇ ਗੈਂਗਸਟਰ ਅਰਸ਼ ਡੱਲਾ ਦੇ ਨਿਰਦੇਸ਼ਾਂ 'ਤੇ ਪੰਜਾਬੀ ਗਾਇਕ ਐਲੀ ਮਾਂਗਟ ਤੇ ਪੰਜਾਬ ਦੇ ਭਾਜਪਾ ਆਗੂਆਂ ਦੀ ਟਾਰਗੇਟ ਕਿਲਿੰਗ ਦੀ ਯੋਜਨਾ ਬਣਾਈ ਸੀ।  ਅਰਸ਼ ਡੱਲਾ ਦੇ ਨਿਰਦੇਸ਼ਾਂ 'ਤੇ ਅਕਤੂਬਰ ਮਹੀਨੇ 'ਚ ਵੀ ਗਾਇਕ ਐਲੀ ਮਾਂਗਟ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਹਾਲਾਂਕਿ ਉਸ ਸਮੇਂ ਉਹ ਘਰ ਨਹੀਂ ਮਿਲਿਆ। 


ਦਿੱਲੀ ਸਪੈਸ਼ਲ ਸੈੱਲ ਮੁਤਾਬਕ ਦੋਵੇਂ ਗੈਂਗਸਟਰ ਬਾਈਕ 'ਤੇ ਸਵਾਰ ਹੋ ਕੇ ਦਿੱਲੀ ਦੇ ਮਯੂਰ ਵਿਹਾਰ ਇਲਾਕੇ 'ਚ ਆਏ ਸਨ। ਮੁਲਜ਼ਮਾਂ ਨੇ ਦਿੱਲੀ ਵਿੱਚ ਹੀ ਆਪਣਾ ਪੱਕਾ ਟਿਕਾਣਾ ਬਣਾ ਲਿਆ ਸੀ। ਮੁਕਾਬਲੇ ਦੌਰਾਨ ਗੋਲੀ ਲੱਗਣ ਤੋਂ ਬਾਅਦ ਦੋਵਾਂ ਬਦਮਾਸ਼ਾਂ ਨੂੰ ਸਪੈਸ਼ਲ ਸੈੱਲ ਨੇ ਫੜ ਲਿਆ ਤੇ ਦਿੱਲੀ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ ਮੁਲਜ਼ਮ ਜਿਸ ਬਾਈਕ ’ਤੇ ਆਏ ਸੀ, ਉਹ ਚੋਰੀ ਦਾ ਸੀ। ਪੁਲਿਸ ਨੇ ਉਸ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।