ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪਟਿਆਲਾ ਵਿੱਚ ਹਿੰਦੀ ਤੇ ਸਿੱਖ ਜਥੇਬੰਦੀਆਂ ਵਿਚਾਲੇ ਹੋਏ ਟਕਰਾਅ ਨੂੰ ਸੁਰੱਖਿਆ ਏਜੰਸੀਆਂ ਦੀ ਨਾਕਾਮੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦਾ ਸ਼ਿਵ ਸੈਨਾ ਨਾਲ ਨਹੀਂ ਸਗੋਂ ਕੇਂਦਰ ਨਾਲ ਟਕਰਾਅ ਹੈ, ਜਿਹੜਾ ਪੰਥਕ ਮਸਲੇ ਹੱਲ ਨਹੀਂ ਕਰ ਰਿਹਾ। ਮਾਨ ਨੇ ਕਿਹਾ ਕਿ ਦੇਸ਼ ਦੀਆਂ ਸੂਹੀਆ ਏਜੰਸੀਆਂ ‘ਆਈਬੀ’ ਤੇ ‘ਰਾਅ’ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀਆਂ ਹਨ। ਇਨ੍ਹਾਂ ਕੋਲ ਕਿਸੇ ਮਾਮਲੇ ਵਿੱਚ ਅਗਾਊਂ ਸੂਚਨਾ ਨਹੀਂ ਹੁੰਦੀ, ਭਾਵੇਂ ਉਹ ਘਰੇਲੂ ਮਸਲੇ ਹੋਣ ਜਾਂ ਕੌਮਾਂਤਰੀ ਪੱਧਰ ਦੇ।

ਮਾਨ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਪਿਛਲੇ 12 ਸਾਲਾਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਹੀਂ ਕਰਵਾ ਰਹੀ। ਸਿੱਖਾਂ ਨੂੰ ਆਪਣੇ ਜਮਹੂਰੀ ਹੱਕ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਨਾ ਤਾਂ ਬਰਗਾੜੀ ਮਸਲਾ ਹੱਲ ਹੋਇਆ ਹੈ ਤੇ ਨਾ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁੰਮ ਕੀਤੇ ਗਏ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਬਾਰੇ ਕੁਝ ਪਤਾ ਲੱਗਿਆ ਹੈ।

ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਪਟਿਆਲਾ ਵਿੱਚ ਵਾਪਰੀਆਂ ਹਿੰਸਕ ਘਟਨਾਵਾਂ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਘਟਨਾਵਾਂ ਸਿੱਧੇ ਤੌਰ ’ਤੇ ਪ੍ਰਸ਼ਾਸਨਿਕ ਅਵੇਸਲਾਪਣ ਤੇ ਗ਼ੈਰ-ਜ਼ਿੰਮੇਵਾਰਾਨਾ ਸਿਆਸਤ ਦਾ ਨਤੀਜਾ ਹਨ, ਜੋ ‘ਆਪ’ ਸਰਕਾਰ ਦੀ ਕਾਰਜਸ਼ੈੱਲੀ ਦੀ ਪਛਾਣ ਬਣ ਚੁੱਕੇ ਹਨ।

ਉਨ੍ਹਾਂ ਕਿਹਾ, ‘ਪੰਜਾਬ ਵਿੱਚ ਕੁਰਬਾਨੀਆਂ ਦੇ ਕੇ ਕਾਇਮ ਕੀਤੀ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਲਈ ‘ਆਪ’ ਸਰਕਾਰ ਨੇ ਪਿਛਲੇ ਕੁਝ ਹਫ਼ਤਿਆਂ ਦੌਰਾਨ ਹੀ ਗੰਭੀਰ ਖ਼ਤਰੇ ਪੈਦਾ ਕਰ ਦਿੱਤੇ ਗਏ ਹਨ।’ ਉਨ੍ਹਾਂ ਮੁੱਖ ਮੰਤਰੀ ਪੰਜਾਬ ਨੂੰ ਭਰੋਸਾ ਦੁਆਇਆ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਏਕਤਾ, ਅਮਨ ਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਸਰਕਾਰ ਵੱਲੋਂ ਕੀਤੀ ਜਾਣ ਵਾਲੀ ਹਰ ਸਾਰਥਕ ਪਹਿਲਕਦਮੀ ਦਾ ਪੂਰਾ ਸਮਰਥਨ ਕਰੇਗਾ।