Punjab News: ਭਾਰਤੀ ਕਿਸਾਨ ਯੂਨੀਅਨ-ਏਕਤਾ-(ਡਕੌਂਦਾ) ਨੇ ਪੰਜਾਬ ਸਰਕਾਰ ਵੱਲੋਂ ਸ਼ਰਾਬ ਫੈਕਟਰੀ, ਜ਼ੀਰਾ  ਬੰਦ ਕਰਨ ਦੇ ਐਲਾਨ ਨੂੰ ਸਾਂਝੇ ਲੋਕ ਸੰਘਰਸ਼ ਦੀ ਜਿੱਤ ਕਰਾਰ ਦਿੱਤਾ ਹੈ।
ਜਥੇਬੰਦੀ ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ 3 ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਬਾਅਦ ਸਾਂਝੇ ਲੋਕ ਸੰਘਰਸ਼ ਦੀ ਇਹ ਦੂਜੀ ਵੱਡੀ ਜਿੱਤ ਹੈ।


ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੂੰ ਜਨਤਕ ਇਕਮੁੱਠਤਾ ਅੱਗੇ ਝੁਕਣਾ ਪਿਆ ਹੈ। ਪਹਿਲਾਂ ਜਿਹੜੀ ਸਰਕਾਰ ਜ਼ੀਰੇ ਸ਼ਰਾਬ ਫੈਕਟਰੀ ਅੱਗੇ ਲੱਗੇ ਧਰਨੇ ਨੂੰ ਗੈਰ-ਕਾਨੂੰਨੀ ਦੱਸਦੀ ਸੀ ਅੱਜ ਉਸੇ ਸਰਕਾਰ ਨੂੰ ਲੋਕ ਸੰਘਰਸ਼ ਅੱਗੇ ਝੁਕਦਿਆਂ ਫੈਕਟਰੀ ਬੰਦ ਕਰਨੀ ਪਈ ਹੈ। ਸਾਂਝੇ ਸੰਘਰਸ਼ਾਂ ਤੋਂ ਬਿਨਾਂ ਕੁੱਝ ਨਹੀਂ ਮਿਲਦਾ। ਇਹ ਸਾਡੀਆਂ ਨਸਲਾਂ ਬਚਾਉਣ ਲਈ ਸੰਘਰਸ਼ ਸੀ। ਬੀਕੇਯੂ-ਡਕੌਂਦਾ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਫੈਕਟਰੀ ਸਬੰਧੀ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਚੱਲਦੇ ਕੇਸ ਦੀ ਚੰਗੀ ਤਰ੍ਹਾਂ ਪੈਰਵਾਈ ਕਰੇ, ਤਾਂ ਕਿ ਫੈਕਟਰੀ ਬੰਦ ਕਰਵਾਉਣ ਲਈ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਅੜਚਨ ਨਾ ਆਵੇ।  


ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਜ਼ੀਰਾ 'ਚ ਸ਼ਰਾਬ ਫੈਕਟਰੀ ਬੰਦ ਕਰਵਾਉਣ ਲਈ ਚੱਲੇ ਸੰਘਰਸ਼ ਦੌਰਾਨ ਨੌਜਵਾਨਾਂ ਅਤੇ ਔਰਤਾਂ ਨੇ ਵੱਡੀ ਸ਼ਮੂਲੀਅਤ ਕੀਤੀ ਹੈ। ਨੌਜਵਾਨ ਆਪਣੇ ਭਵਿੱਖ ਲਈ ਸੁਚੇਤ ਹੋ ਰਹੇ ਹਨ ਅਤੇ ਸਾਂਝੇ ਸੰਘਰਸ਼ਾਂ ਦਾ ਮਹੱਤਵ ਸਮਝਣ ਲੱਗੇ ਹਨ। ਇਕੱਠਾਂ ਵਿੱਚ ਕਿਸਾਨ ਔਰਤਾਂ ਦੀ ਸਰਗਰਮ ਸ਼ਮੂਲੀਅਤ ਨੇ ਸਾਬਿਤ ਕਰ ਦਿੱਤਾ ਕਿ ਉਹ ਕਿਸੇ ਵੀ ਤਰ੍ਹਾਂ ਮਾਨਸਿਕ ਅਤੇ ਸਰੀਰਕ ਲੜਾਈਆਂ ਵਿੱਚ ਪਿੱਛੇ ਰਹਿਣ ਵਾਲੀਆਂ ਨਹੀਂ, ਬਲਕਿ ਬਰਾਬਰ ਦੀ ਹੈਸੀਅਤ ਵਿੱਚ ਸ਼ਾਮਿਲ ਹੁੰਦੀਆਂ ਹਨ। ਉਹ ਆਪਣੀ ਜਗ੍ਹਾ ਹਾਸਿਲ ਕਰਨ ਲਈ ਜਾਗਰੂਕ ਵੀ ਹਨ ਅਤੇ ਸਟੇਜਾਂ ਤੋਂ ਵਿਚਾਰਧਾਰਕ ਤੇ ਜਥੇਬੰਦਕ ਅਗਵਾਈ ਦੇਣ ਦੇ ਸਮਰੱਥ ਵੀ।


ਇਨ੍ਹਾਂ ਵੱਡੀਆਂ ਸਟੇਜਾਂ ਤੋਂ ਔਰਤਾਂ ਦੇ ਬੋਲਣ ਅਤੇ ਉਨ੍ਹਾਂ ਨੂੰ ਸੁਣਨ ਦੀ ਰਵਾਇਤ ਭਵਿੱਖ ਵਿੱਚ ਅੰਦੋਲਨਾਂ ਦੀ ਮਜ਼ਬੂਤੀ ਅਤੇ ਔਰਤਾਂ ਨੂੰ ਸੰਘਰਸ਼ਾਂ ਵਿਚ ਹੋਰ ਸਰਗਰਮ ਥਾਂ ਦੇਣ ਦਾ ਆਧਾਰ ਬਣੇਗੀ। ਔਰਤਾਂ ਨੇ ਆਪਣੇ ਨਾਲ ਹੋਣ ਵਾਲੇ ਸਮਾਜਿਕ ਵਿਤਕਰਿਆਂ ਨੂੰ ਵੀ ਉਭਾਰਿਆ ਹੈ ਅਤੇ ਸੰਘਰਸ਼ਾਂ ਰਾਹੀਂ ਹਰ ਤਰ੍ਹਾਂ ਦੀ ਬੇਇਨਸਾਫ਼ੀ ਖ਼ਿਲਾਫ਼ ਲੜਨ ਦੀ ਦ੍ਰਿੜ੍ਹਤਾ ਦਾ ਪ੍ਰਗਟਾਵਾ ਕੀਤਾ ਹੈ।


ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਨੇ ਰੱਖੀਆਂ ਮੰਗਾਂ 


ਸੰਘਰਸ਼ਸ਼ੀਲ ਲੋਕਾਂ 'ਤੇ ਦਰਜ ਕੀਤੇ ਸਾਰੇ ਕੇਸ ਰੱਦ ਕੀਤੇ ਜਾਣ।
ਹੁਣ ਤੱਕ ਹੋਏ ਨੁਕਸਾਨ ਦੀ ਭਰਪਾਈ ਫੈਕਟਰੀ ਮਾਲਕ ਤੋਂ ਕਰਵਾਈ ਜਾਵੇ।
ਲੋਕਾਂ 'ਚ ਫੈਲੀਆਂ ਬੀਮਾਰੀਆਂ ਦਾ ਇਲਾਜ ਮੁਫਤ ਹੋਵੇ।