ਚੰਡੀਗੜ੍ਹ: ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਯੂਨੀਵਰਸਿਟੀ ਵਿੱਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੀਆਂ ਵਿਦਿਆਰਥਣਾਂ ਦੇ ਇਲਾਜ ਲਈ ਪੰਜਾਬ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਪੰਜਾਬ ਦੇ ਸਿਹਤ ਵਿਭਾਗ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।


ਉਨ੍ਹਾਂ ਕਿਹਾ ਕਿ ਇਸ ਲਈ ਪੰਜਾਬ ਦਾ ਸਾਈਬਰ ਸੈੱਲ ਵੀ ਸਰਗਰਮ ਹੋ ਗਿਆ ਹੈ ਤੇ ਜੋ ਵੀ ਵੀਡੀਓ ਇੰਟਰਨੈੱਟ 'ਤੇ ਅਪਲੋਡ ਕੀਤੀਆਂ ਗਈਆਂ ਹਨ, ਉਨ੍ਹਾਂ ਨੂੰ ਜਲਦੀ ਹੀ ਹਟਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਘਬਰਾਉਣ ਦੀ ਲੋੜ ਨਹੀਂ। ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ ਤੇ ਇਸ ਮਾਮਲੇ ਵਿੱਚ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇਗੀ।


ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜੀਤ ਕੌਰ ਨੇ ਕਿਹਾ ਕਿ ਇਸ ਮਾਮਲੇ ਵਿੱਚ ਇਹ ਦੇਖਿਆ ਜਾਵੇਗਾ ਕਿ ਲੜਕੀ ਨੇ ਵੀਡੀਓ ਕਿਉਂ ਵਾਇਰਲ ਕੀਤੇ। ਉਨ੍ਹਾਂ ਕਿਹਾ ਕਿ ਕੁਝ ਲੋਕ ਮਾਨਸਿਕ ਤੌਰ 'ਤੇ ਠੀਕ ਨਹੀਂ ਹੁੰਦੇ। ਇਸ ਦੀ ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਯੂਨੀਵਰਸਿਟੀ ਵਿੱਚ ਕੋਈ ਢੁੱਕਵਾਂ ਪ੍ਰਬੰਧ ਨਾ ਹੋਇਆ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕਦੀ ਹੈ।


ਕੀ ਹੈ ਪੂਰਾ ਮਾਮਲਾ? 


ਦੱਸ ਦਈਏ ਕਿ ਪੰਜਾਬ ਦੇ ਮੋਹਾਲੀ ਸਥਿਤ ਚੰਡੀਗੜ੍ਹ ਯੂਨੀਵਰਸਿਟੀ 'ਚ ਸ਼ਨੀਵਾਰ ਅੱਧੀ ਰਾਤ ਨੂੰ ਹੰਗਾਮਾ ਹੋ ਗਿਆ। ਇੱਥੇ ਪੜ੍ਹਦੇ ਇੱਕ ਵਿਦਿਆਰਥੀ ਨੇ 60 ਦੇ ਕਰੀਬ ਵਿਦਿਆਰਥਣਾਂ ਦੇ ਨਹਾਉਣ ਦੀ ਵੀਡੀਓ ਵਾਇਰਲ ਕਰ ਦਿੱਤੀ। ਉਸ ਨੇ ਇਹ ਵੀਡੀਓ ਸ਼ਿਮਲਾ 'ਚ ਰਹਿੰਦੇ ਆਪਣੇ ਦੋਸਤ ਨੂੰ ਭੇਜੀ ਸੀ। ਉਸ ਨੇ ਇਸ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤਾ। ਇਸ ਗੱਲ ਦਾ ਪਤਾ ਲੱਗਣ 'ਤੇ 8 ਵਿਦਿਆਰਥਣਾਂ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ।


ਵੀਡੀਓ ਭੇਜਣ ਵਾਲੀ ਲੜਕੀ ਅਤੇ ਇਸ ਨੂੰ ਵਾਇਰਲ ਕਰਨ ਵਾਲਾ ਉਸਦਾ ਦੋਸਤ ਦੋਵੇਂ ਹੀ ਹਿਮਾਚਲ ਦੇ ਰਹਿਣ ਵਾਲੇ ਹਨ। ਪੁਲਿਸ ਨੇ ਵੀਡੀਓ ਭੇਜਣ ਵਾਲੇ ਵਿਦਿਆਰਥੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ।


ਰਾਤ ਕਰੀਬ 2.30 ਵਜੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਹਾਲਾਂਕਿ ਗੁੱਸੇ 'ਚ ਕੁੜੀਆਂ ਨੇ ਪੁਲਿਸ 'ਤੇ ਵੀ ਗੁੱਸਾ ਕੱਢਿਆ। ਉਨ੍ਹਾਂ ਨੇ ਪੁਲਿਸ ਦਾ ਵਿਰੋਧ ਕੀਤਾ ਅਤੇ ਉਨ੍ਹਾਂ ਦੇ ਵਾਹਨਾਂ ਦੀ ਭੰਨਤੋੜ ਵੀ ਕੀਤੀ। ਇਸ ਸਮੇਂ ਕੈਂਪਸ ਵਿੱਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।


ਇਸ ਮਾਮਲੇ 'ਚ ਸਭ ਤੋਂ ਅਹਿਮ ਗੱਲ ਹੁਣ ਲਗਾਤਾਰ ਵਿਦਿਆਰਥਣਾਂ ਦੀਆਂ ਵੀਡੀਓ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦਿਆਰਥੀ ਕਾਫੀ ਸਮੇਂ ਤੋਂ ਇਹ ਵੀਡੀਓ ਬਣਾ ਰਿਹਾ ਸੀ। ਇਨ੍ਹਾਂ ਵੀਡੀਓਜ਼ ਨੂੰ ਇਕੱਠਾ ਕਰਨ ਦਾ ਮਕਸਦ ਕੀ ਸੀ? ਪੁਲਿਸ ਨੇ ਇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਸ਼ਿਮਲਾ ਦੇ ਰਹਿਣ ਵਾਲੇ ਦੋਸ਼ੀ ਦੋਸਤ ਨੂੰ ਫੜਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਕੁੜੀ ਵੀ ਹਿਮਾਚਲ ਦੀ ਹੈ ਤੇ ਮੁੰਡਾ ਵੀ ਉਥੋਂ ਦਾ। ਤਾਂ ਇਨ੍ਹਾਂ ਦੋਹਾਂ ਨੇ ਅਜਿਹਾ ਕਿਉਂ ਕੀਤਾ? ਇਸ ਨੂੰ ਲੈ ਕੇ ਕਈ ਸਵਾਲ ਉੱਠ ਰਹੇ ਹਨ।