ਚੰਡੀਗੜ੍ਹ: ਬਾਦਲਾਂ ਦੇ ਪਿੰਡ ਪ੍ਰਦਰਸ਼ਨ ਦੌਰਾਨ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਕਿਸਾਨ ਦੀ ਬਠਿੰਡਾ ਦੇ ਨਿੱਜੀ ਹਸਪਤਾਲ 'ਚ ਮੌਤ ਹੋ ਗਈ ਹੈ।60 ਸਾਲਾ ਕਿਸਾਨ ਕੇਂਦਰ ਦੇ ਖੇਤੀ ਬਿੱਲਾਂ ਖਿਲਾਫ ਕਿਸਾਨ ਜੱਥੇਬੰਦੀਆਂ ਨਾਲ ਮਿਲਕੇ ਪ੍ਰਦਰਸ਼ਨ ਕਰ ਰਿਹਾ ਸੀ।ਦੱਸ ਦੇਈਏ ਕਿ ਭਾਜਪਾ ਦੇ ਸਭ ਤੋਂ ਪੁਰਾਣੇ ਸਹਿਯੋਗੀ ਸ਼੍ਰੋਮਣੀ ਅਕਾਲੀ ਦਲ ਦੇ ਵਿਰੋਧ ਦੇ ਬਾਵਜੂਦ ਲੋਕ ਸਭਾ ਵਿੱਚ ਵਿਵਾਦਪੂਰਨ ਖੇਤੀ ਬਿੱਲ ਪਾਸ ਕੀਤੇ ਗਏ ਜਿਸ ਕਾਰਨ ਧਰਨੇ ਪ੍ਰਦਰਸ਼ਨ ਲਗਾਤਾਰ ਜਾਰੀ ਹਨ।


ਮ੍ਰਿਤਕ ਦੀ ਪਛਾਣ ਕਿਸਾਨ ਪ੍ਰੀਤਮ ਸਿੰਘ ਵਜੋਂ ਹੋਈ ਹੈ। ਮੁਕਤਸਰ ਜ਼ਿਲ੍ਹੇ 'ਚ ਪੰਜਾਬ ਦੀ ਰਾਜਨੀਤੀ ਵਿੱਚ ਸਰਗਰਮ ਬਾਦਲ ਪਰਿਵਾਰ ਦੇ ਘਰ ਬਾਦਲ ਪਿੰਡ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਕਿਸਾਨ ਨੇ ਆਪਣੀ ਜਾਨ ਦੇ ਦਿੱਤੀ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ 60 ਸਾਲਾ ਕਿਸਾਨ ਪ੍ਰੀਤਮ ਸਿੰਘ ਲੋਕ ਸਭਾ ਵਿੱਚ ਖੇਤੀਬਾੜੀ ਬਿੱਲਾਂ ਦੇ ਪਾਸ ਹੋਣ ਤੋਂ ਪ੍ਰੇਸ਼ਾਨ ਸੀ।

ਕਿਸਾਨ ਨੂੰ ਡਰ ਸੀ ਕਿ ਬਿੱਲ ਕਿਸਾਨਾਂ ਦੇ ਖਿਲਾਫ ਹੋਏਗਾ। ਕਿਸਾਨ ਦੀ ਹਾਲਤ ਗੰਭੀਰ ਬਣੀ ਹੋਈ ਹੈ। ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਬਿੱਲ ਦਾ ਸੂਬੇ 'ਚ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ। ਹਰ ਰਾਜਨੀਤਕ ਪਾਰਟੀ ਵੀ ਇਸ ਖਿਲਾਫ ਹੈ। ਦੱਸ ਦਈਏ ਕਿ ਕੇਂਦਰ ਵੱਲੋਂ ਪਾਸ ਕੀਤੇ ਬਿੱਲਾਂ ਤੋਂ ਨਾਰਾਜ਼ ਕਿਸਾਨਾਂ ਦਾ ਲੰਬੀ ਬਾਦਲ ਪਿੰਡ ਰੋਸ ਪ੍ਰਦਰਸ਼ਨ ਜਾਰੀ ਹੈ।