ਕੀਟਨਾਸ਼ਕਾਂ ਤੇ ਖਾਦਾਂ ਵੇਚਣ ਵਾਲਿਆਂ 'ਤੇ ਛਾਪਾ, ਗੁਰਦਾਸਪੁਰ ਦੇ 7 ਡੀਲਰ ਟੰਗੇ ਗਏ
Agriculture News : ਨਕਲੀ ਬੀਜਾਂ, ਖਾਦਾਂ ਅਤੇ ਕੀੜੇਮਾਰ ਦਵਾਈਆਂ ਵੇਚ ਕੇ ਭੋਲੇ-ਭਾਲੇ ਕਿਸਾਨਾਂ ਦੀ ਲੁੱਟ ਕਰਨ ਵਾਲੇ ਡੀਲਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ..
ਚੰਡੀਗੜ੍ਹ : ਨਕਲੀ ਬੀਜਾਂ, ਖਾਦਾਂ ਅਤੇ ਕੀੜੇਮਾਰ ਦਵਾਈਆਂ ਵੇਚ ਕੇ ਭੋਲੇ-ਭਾਲੇ ਕਿਸਾਨਾਂ ਦੀ ਲੁੱਟ ਕਰਨ ਵਾਲੇ ਡੀਲਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਸੱਤ ਡੀਲਰਾਂ ਦੀ ਸੇਲ (ਵਿਕਰੀ ਕਾਰਜਾਂ) ਬੰਦ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਸੱਤ ਡੀਲਰਾਂ ਨੇ ਕੀਟਨਾਸ਼ਕ ਐਕਟ, 1968 ਅਤੇ ਖਾਦ ਕੰਟਰੋਲ ਆਰਡਰ 1985 ਦੀ ਉਲੰਘਣਾ ਕੀਤੀ ਸੀ।
ਇਨ੍ਹਾਂ ਡੀਲਰਾਂ ਖ਼ਿਲਾਫ਼ ਕੀਤੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ 10 ਟੀਮਾਂ ਵੱਲੋਂ ਜ਼ਿਲ੍ਹੇ ਭਰ ਦੇ 79 ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਟੀਮਾਂ ਨੇ ਖਾਦਾਂ ਦੇ 23 ਨਮੂਨੇ, ਕੀਟਨਾਸ਼ਕਾਂ ਦੇ 18 ਨਮੂਨੇ ਅਤੇ ਬੀਜ ਦਾ ਇੱਕ ਨਮੂਨਾ ਲਿਆ ਅਤੇ ਇਨ੍ਹਾਂ ਨਮੂਨਿਆਂ ਨੂੰ ਅਗਲੇਰੀ ਜਾਂਚ ਲਈ ਲੈਬਾਰਟਰੀ ਵਿੱਚ ਭੇਜ ਦਿੱਤਾ ਗਿਆ ਹੈ।
ਗੁਰਮੀਤ ਸਿੰਘ ਖੁੱਡੀਆਂ ਨੇ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਦੋਸ਼ੀ ਪਾਏ ਜਾਣ ਵਾਲੇ ਵਿਕਰੇਤਾਵਾਂ ਦੇ ਲਾਇਸੈਂਸ ਰੱਦ ਕੀਤੇ ਜਾਣਗੇ ਅਤੇ ਕਿਸੇ ਨੂੰ ਵੀ ਕਿਸਾਨਾਂ ਦਾ ਸ਼ੋਸ਼ਣ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਕਿਸਾਨਾਂ ਦੀ ਭਲਾਈ ਲਈ ਵਚਨਬੱਧਤਾ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਮਿਆਰੀ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਅੰਤਰ-ਜ਼ਿਲ੍ਹਾ ਚੈਕਿੰਗ ਲਈ ਉੱਡਣ ਦਸਤਿਆਂ ਦੀਆਂ ਸੱਤ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਨਕਲੀ ਬੀਜਾਂ, ਕੀਟਨਾਸ਼ਕਾਂ ਅਤੇ ਖਾਦਾਂ ਦੀ ਵਿਕਰੀ ਕਰਨ ਵਾਲੇ ਕਿਸੇ ਵੀ ਡੀਲਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਵਿੱਚ ਨਕਲੀ ਕੀਟਨਾਸ਼ਕਾਂ ਅਤੇ ਹੋਰ ਖੇਤੀ ਉਤਪਾਦਾਂ ਦੀ ਵਿਕਰੀ ਜਾਂ ਸਪਲਾਈ ਨੂੰ ਰੋਕਣ ਲਈ ਕੀਟਨਾਸ਼ਕਾਂ ਤੇ ਖਾਦਾਂ ਦੀਆਂ ਦੁਕਾਨਾਂ ਦੀ ਚੈਕਿੰਗ ਮੁਹਿੰਮ ਨੂੰ ਨਿਰੰਤਰ ਜਾਰੀ ਰੱਖਣ ਦੇ ਵੀ ਨਿਰਦੇਸ਼ ਦਿੱਤੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।