ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਕੇਂਦਰ ਸਰਕਾਰ ਤੋਂ ਸਰਹੱਦੀ ਖੇਤਰ ਦੇ ਕਿਸਾਨਾਂ ਲਈ 15 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਮੰਗਿਆ : ਕੰਗ
ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਕੇਂਦਰ ਸਰਕਾਰ ਤੋਂ ਪਹਾੜੀ ਰਾਜਾਂ ਦੀ ਤਰਜ਼ ਉਤੇ ਸੂਬੇ ਨੂੰ ਵਿਸ਼ੇਸ਼ ਵਿੱਤੀ ਪੈਕੇਜ ਦੇਣ ਦੀ ਮੰਗ ਕੀਤੀ।
ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਕੇਂਦਰ ਸਰਕਾਰ ਤੋਂ ਪਹਾੜੀ ਰਾਜਾਂ ਦੀ ਤਰਜ਼ ਉਤੇ ਸੂਬੇ ਨੂੰ ਵਿਸ਼ੇਸ਼ ਵਿੱਤੀ ਪੈਕੇਜ ਦੇਣ ਦੀ ਮੰਗ ਕੀਤੀ। ਸ਼ਨੀਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਬੀਤੇ ਦਿਨੀਂ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕਰਕੇ ਪੰਜਾਬ ਨੂੰ ਵਿਸ਼ੇਸ਼ ਵਿੱਤੀ ਪੈਕੇਜ਼ ਦੇਣ ਦੀ ਮੰਗ ਕੀਤੀ ਤਾਂ ਜੋ ਆਰਥਿਕ ਬੋਝ ਵਿੱਚ ਦੱਬੇ ਕਿਸਾਨਾਂ ਨੂੰ ਬਾਹਰ ਕੱਢਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕੇਂਦਰ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਦੇ ਲਈ ਉਤਸ਼ਾਹਿਤ ਕਰੇ, ਜਿਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਵੀ ਹੋਵੇਗਾ ਅਤੇ ਕਿਸਾਨ ਪਰਾਲੀ ਸਾੜਨ ਲਈ ਵੀ ਮਜ਼ਬੂਰ ਨਹੀਂ ਹੋਣਗੇ।
ਮਲਵਿੰਦਰ ਕੰਗ ਨੇ ਕਿਹਾ ਕਿ ਬੀਤੇ ਦਿਨੀਂ ਬੰਗਲੁਰੂ ਵਿੱਚ ਦੇਸ਼ ਭਰ ਦੇ ਖੇਤੀਬਾੜੀ ਅਤੇ ਬਾਗਬਾਨੀ ਮੰਤਰੀਆਂ ਦੀ ਹੋਈ ਕੌਮੀ ਕਾਨਫਰੰਸ ਮੌਕੇ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਸਰਹੱਦੀ ਖੇਤਰ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਕੇਂਦਰੀ ਮੰਤਰੀ ਦੇ ਧਿਆਨ ਵਿੱਚ ਲਿਆਉਂਦੇ ਹੋਏ ਮੰਗ ਕੀਤੀ ਕਿ ਸਰਹੱਦੀ ਕਿਸਾਨਾਂ ਨੂੰ 15000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਘੱਟ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਵਿੱਚ ਕਿਸਾਨ ਸਿਰਫ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਹੀ ਕੰਮ ਕਰ ਸਕਦੇ ਹਨ ਅਤੇ ਉਸ ਖੇਤਰ ਵਿੱਚ ਸਿਰਫ ਉਹ ਫਸਲ ਹੀ ਪੈਦਾ ਕਰ ਸਕਦੇ ਹਨ ਜੋ ਤਿੰਨ ਫੁੱਟ ਤੋਂ ਜ਼ਿਆਦਾ ਉਚੀ ਨਾ ਹੋਵੇ।
ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ, ਇਥੋਂ ਦੀ ਜ਼ਿਆਦਾਤਰ ਆਬਾਦੀ ਖੇਤੀ ਉਤੇ ਨਿਰਭਰ ਹੈ। ‘ਆਪ’ ਸਰਕਾਰ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਜਿਵੇਂ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਨੇ ਪਹਾੜੀ ਸੂਬਿਆਂ ਨੂੰ ਉਦਯੋਗਿਕ ਪੈਕੇਜ ਦਿੱਤੇ ਸਨ ਉਸ ਦੀ ਤਰਜ ਉਤੇ ਪੰਜਾਬ ਨੂੰ ਵਿਸ਼ੇਸ਼ ਵਿੱਤੀ ਪੈਕੇਜ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਅਨਾਜ ਲਈ ਆਤਮਨਿਰਭਰ ਬਣਾਉਣ ਲਈ ਪੰਜਾਬ ਨੇ ਕਣਕ ਤੇ ਚਾਵਲ ਦਾ ਭੰਡਾਰ ਭਰਿਆ ਹੈ, ਹੁਣ ਕੇਂਦਰ ਸਰਕਾਰ ਦਾ ਫਰਜ ਬਣਦਾ ਹੈ ਕਿ ਉਹ ਪੰਜਾਬ ਦੇ ਕਿਸਾਨਾਂ ਨੂੰ ਕਰਜ਼ੇ ਦੀ ਮਾਰ ’ਚੋਂ ਕੱਢਣ ਲਈ ਵਿਸ਼ੇਸ਼ ਵਿੱਤੀ ਪੈਕੇਜ ਦੇ ਕੇ ਕਿਸਾਨਾਂ ਦੀ ਬਾਂਹ ਫੜ੍ਹੇ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਕੇਂਦਰ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਨਾਲ ਸਮਝੌਤੇ ਸਮੇਂ ਐਮਐਸਪੀ ਸਬੰਧੀ ਕਮੇਟੀ ਬਣਾਉਣ ਦਾ ਐਲਾਨ ਕੀਤਾ ਸੀ। ਇਸ ਸਬੰਧੀ ਮੰਤਰੀ ਧਾਲੀਵਾਲ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਐਮਐਸਪੀ ਸਬੰਧੀ ਛੇਤੀ ਤੋਂ ਛੇਤੀ ਕਮੇਟੀ ਦਾ ਗਠਨ ਕੀਤਾ ਜਾਵੇ।