ਚੰਡੀਗੜ੍ਹ: ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਦਾ ਸੇਕ ਮੋਦੀ ਸਰਕਾਰ ਤੱਕ ਪਹੁੰਚਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਸਾਨ ਜਥੇਬੰਦੀਆਂ ਨਾਲ ਗੱਲ ਤੋਰੀ ਹੈ। ਕਿਸਾਨ ਲੀਡਰਾਂ ਦਾ ਦਾਅਵਾ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਸਾਨ ਸੰਘਰਸ਼ ਦੀ ਅਗਵਾਈ ਕਰ ਰਹੀਆਂ ਜਥੇਬੰਦੀਆਂ ਤੱਕ ਪਹੁੰਚ ਕਰਨੀ ਸ਼ੁਰੂ ਕਰ ਦਿੱਤੀ ਹੈ। ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਜਲਦੀ ਗੱਲਬਾਤ ਦਾ ਸੱਦਾ ਦਿੱਤਾ ਜਾਵੇਗਾ ਤਾਂ ਜੋ ਖੇਤੀ ਕਾਨੂੰਨਾਂ ’ਤੇ ਚੱਲ ਰਹੇ ਸੰਘਰਸ਼ ਦਾ ਹੱਲ ਕੱਢਿਆ ਜਾ ਸਕੇ।


ਦੱਸ ਦਈਏ ਕਿ ਪੰਜਾਬ ਅੰਦਰ 24 ਸਤੰਬਰ ਤੋਂ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਵਿਰੁੱਧ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਪਹਿਲੀ ਅਕਤੂਬਰ ਤੋਂ ਤਾਂ ਰੇਲਾਂ ਦਾ ਚੱਕਾ ਅਣਮਿੱਥੇ ਸਮੇਂ ਲਈ ਹੀ ਜਾਮ ਹੈ। ਪੰਜਾਬ ਦਾ ਰੇਲ ਸੰਪਰਕ ਪੂਰੇ ਦੇਸ਼ ਨਾਲੋਂ ਕੱਟਿਆ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਭਰ ’ਚ ਕਿਸਾਨਾਂ ਨੇ ਟੌਲ ਪਲਾਜ਼ੇ ਤੇ ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰੀ ਟਿਕਾਣਿਆਂ ਨੂੰ ਘੇਰਿਆ ਹੋਇਆ ਹੈ। ਇਸ ਨਾਲ ਸਰਕਾਰ ਤੇ ਕਾਰੋਬਾਰੀਆਂ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ।

ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਡਾ. ਦਰਸ਼ਨ ਪਾਲ ਮੁਤਾਬਕ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਡਾਇਰੈਕਟਰ ਪੱਧਰ ਦੇ ਅਧਿਕਾਰੀ ਨੇ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਭਾਜਪਾ ਆਗੂਆਂ ਨੇ ਵੀ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨਾਲ ਰਾਬਤਾ ਕਾਇਮ ਕਰਕੇ ਸੰਘਰਸ਼ ਸਬੰਧੀ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਭਾਜਪਾ ਨੇਤਾਵਾਂ ਨੂੰ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਕਿਸੇ ਸੰਵਿਧਾਨਕ ਅਹੁਦੇ ’ਤੇ ਬੈਠੇ ਵਿਅਕਤੀ ਜਾਂ ਅਥਾਰਿਟੀ ਦੇ ਨੁਮਾਇੰਦੇ ਨਾਲ ਹੀ ਗੱਲਬਾਤ ਕੀਤੀ ਜਾ ਸਕਦੀ ਹੈ ਤੇ ਕਿਸੇ ਵੀ ਸਿਆਸੀ ਆਗੂ ਨਾਲ ਗੱਲਬਾਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਾਰਲੇ ਦਾ ਲਿਖਤੀ ਸੱਦਾ ਆਉਣ ਤੋਂ ਬਾਅਦ 31 ਜਥੇਬੰਦੀਆਂ ਇਸ ਮਾਮਲੇ ਨੂੰ ਵਿਚਾਰ ਕੇ ਭਵਿੱਖ ਬਾਰੇ ਫ਼ੈਸਲਾ ਕਰਨਗੀਆਂ।