ਚੰਡੀਗੜ੍ਹ: ਮੋਦੀ ਸਰਕਾਰ ਖਿਲਾਫ ਕਿਸਾਨਾਂ ਦੇ ਸੰਘਰਸ਼ ਨੂੰ ਹੋਰ ਭਖਾਉਣ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅੱਜ ਪੰਜਾਬ ਪਹੁੰਚੇ ਹਨ। ਉਹ ਤਿੰਨ ਦਿਨਾ ਦੌਰੇ ਦੌਰਾਨ ਕਿਸਾਨਾਂ ਦੇ ਹੱਕ ਵਿੱਚ ਟਰੈਕਟਰ ਰੈਲੀਆਂ ਕਰਨਗੇ। ਪੰਜਾਬ ਕਾਂਗਰਸ ਰਾਹੁਲ ਦੇ ਦੌਰੇ ਨੂੰ ਲੈ ਕੇ ਕਾਫੀ ਉਤਸ਼ਾਹਿਤ ਹੈ। ਦੂਜੇ ਪਾਸੇ ਰਾਹੁਲ ਗਾਂਧੀ ਉੱਪਰ ਕਿਸਾਨਾਂ ਦੇ ਨਾਲ-ਨਾਲ ਵਿਰੋਧੀ ਧਿਰਾਂ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਸਵਾਲ ਦਾਗ ਰਹੀਆਂ ਹਨ।


ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਾਹੁਲ ਗਾਂਧੀ ਨੂੰ ਪੁੱਛਿਆ ਹੈ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਨ੍ਹਾਂ ਸੰਸਦ ਵਿੱਚ ਤਿੰਨ ਖੇਤੀ ਬਿੱਲਾਂ ਨੂੰ ਪਾਸ ਕਰਵਾਉਣ ਵਾਸਤੇ ਫਿਕਸ ਮੈਚ ਕਿਉਂ ਖੇਡਿਆ। ਉਨ੍ਹਾਂ ਰਾਹੁਲ ਗਾਂਧੀ ਤੋਂ ਪੰਜ ਸਵਾਲ ਪੁੱਛੇ ਹਨ।

1. ਕੀ ਤੁਹਾਡੀ ਪਾਰਟੀ ਨੇ 2017 ਵਿਚ ਪੰਜਾਬ ਦੀਆਂ ਚੋਣਾਂ ਵੇਲੇ ਚੋਣ ਮਨੋਰਥ ਪੱਤਰ ਵਿੱਚ ਕਿਹਾ ਸੀ ਕਿ ਤੁਸੀਂ ਪ੍ਰਾਈਵੇਟ ਮੰਡੀਆਂ ਦੀ ਸਥਾਪਨਾ ਕਰੋਗੇ ਤੇ ਈ-ਟਰੇਡਿੰਗ ਤੇ ਕੰਟਰੈਕਟ ਫਾਰਮਿੰਗ ਦੀ ਆਗਿਆ ਦੇਵੋਗੇ?

2. ਜੇਕਰ ਅਜਿਹਾ ਹੈ ਤਾਂ ਤੁਸੀਂ ਹੁਣ ਤੱਕ ਪੰਜਾਬ ਦੇ ਏਪੀਐਮਸੀ ਐਕਟ ਵਿੱਚ ਕੀਤੀਆਂ ਸੋਧਾਂ ਨੂੰ ਖ਼ਤਮ ਕਿਉਂ ਨਹੀਂ ਕੀਤਾ?

3. ਕੀ 2019 ਦੀਆਂ ਆਮ ਚੋਣਾਂ ਵੇਲੇ ਚੋਣ ਮਨੋਰਥ ਪੱਤਰ ਵਿੱਚ ਤੁਸੀਂ ਇਹ ਕਿਹਾ ਸੀ ਕਿ ਤੁਸੀਂ ਏਪੀਐਮਸੀ ਐਕਟ ਖ਼ਤਮ ਕਰੋਗੇ ਤੇ ਖੇਤੀ ਜਿਣਸਾਂ ਦੇ ਵਪਾਰ ਨੂੰ ਸਾਰੀਆਂ ਬੰਦਸ਼ਾਂ ਤੋਂ ਮੁਕਤ ਕਰੋਗੇ?

4. ਤੁਸੀਂ ਖੇਤੀ ਬਿੱਲਾਂ ਦਾ ਵਿਰੋਧ ਕਰਨ ਲਈ ਆਪਣੇ ਸੰਸਦ ਮੈਂਬਰਾਂ ਨੂੰ ਵਿੱਪ੍ਹ ਜਾਰੀ ਕਿਉਂ ਨਹੀਂ ਕੀਤਾ ?

5. ਆਪਣੇ ਸੀਨੀਅਰ ਆਗੂਆਂ ਦੀ ਡਿਊਟੀ ਬਿੱਲਾਂ ਦਾ ਵਿਰੋਧ ਕਰਨ ਵਾਸਤੇ ਕਿਉਂ ਨਹੀਂ ਲਾਈ?