ਚੰਡੀਗੜ੍ਹ: ਨਵੇਂ ਖੇਤੀ ਕਾਨੂੰਨ 'ਤੇ ਸ਼੍ਰੋਮਣੀ ਅਕਾਲੀ ਦਲ ਕਸੂਤਾ ਘਿਰ ਗਿਆ ਹੈ। ਕਿਸਾਨ ਜਥੇਬੰਦੀਆਂ ਬਾਦਲ ਪਰਿਵਾਰ ਦੀ ਨੂੰਹ ਹਰਸਿਮਰਤ ਬਾਦਲ ਦੇ ਅਸਤੀਫੇ ਦੀ ਮੰਗ ਕਰ ਰਹੀਆਂ ਹਨ। ਵਿਰੋਧੀ ਧਿਰਾਂ ਤੇ ਕਿਸਾਨ ਜਥੇਬੰਦੀਆਂ ਨੇ ਇਲਜ਼ਾਮ ਲਾਇਆ ਹੈ ਕਿ ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਦੋਵੇਂ ਸੰਸਦ ਮੈਂਬਰ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਸੰਸਦ ਵਿੱਚੋਂ ਹੀ ਗੈਰਹਾਜ਼ਰ ਰਹੇ। ਹੈਰਾਨੀ ਦੀ ਗੱਲ ਹੈ ਕਿ ਸੁਖਬੀਰ ਤੇ ਹਰਸਿਮਰਤ ਸੰਸਦ ਵਿੱਚ ਨਹੀਂ ਪਹੁੰਚ ਪਰ ਉੱਥੇ ਖੇਤੀ ਬਿੱਲ ਪੇਸ਼ ਕੀਤੇ ਜਾ ਰਹੇ ਸੀ।


ਇਸ ਬਾਰੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਲੋਕ ਸਭਾ ਵਿੱਚ ਕਿਸਾਨ ਉਪਜ ਵਪਾਰ ਤੇ ਵਣਜ (ਤਰੱਕੀ ਅਤੇ ਸਹੂਲਤ) ਆਰਡੀਨੈਂਸ, 2020, ਕੀਮਤ ਭਰੋਸੇ ਬਾਰੇ ਕਿਸਾਨ (ਸਸ਼ਕਤੀਕਰਨ ਤੇ ਸੁਰੱਖਿਆ) ਸਮਝੌਤਾ ਤੇ ਫਾਰਮ ਸੇਵਾਵਾਂ ਆਰਡੀਨੈਂਸ, 2020, ਤੇ ਜ਼ਰੂਰੀ ਚੀਜ਼ਾਂ (ਸੋਧ) ਆਰਡੀਨੈਂਸ 2020 ਕਾਨੂੰਨ ਵਿੱਚ ਬਦਲਣ ਲਈ ਕੇਂਦਰੀ ਖੇਤੀ ਮੰਤਰੀ ਵੱਲੋਂ ਬਿੱਲ ਪੇਸ਼ ਕਰਨ ਸਮੇਂ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਗੈਰਹਾਜ਼ਰ ਰਹੇ ਹਨ।

ਉਨ੍ਹਾਂ ਕਿਹਾ ਕਿ ਹੁਣ ਸਪਸ਼ਟ ਹੋ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵੱਲੋਂ ਕਿਸਾਨਾਂ ਦੇ ਖ਼ਦਸ਼ੇ ਦੂਰ ਕਰਨ ਤੱਕ ਬਿੱਲ ਪਾਰਲੀਮੈਂਟ ਵਿੱਚ ਨਾ ਲਿਆਉਣ ਦਾ ਬਿਆਨ ਕਿਸਾਨਾਂ ਨੂੰ ਗੁਮਰਾਹ ਕਰਨ ਵਾਲਾ ਹੈ। ਰਾਜੇਵਾਲ ਨੇ ਕਿਹਾ ਕਿ ਜੇਕਰ ਅਕਾਲੀ ਲੀਡਰ ਗੰਭੀਰ ਹੁੰਦੇ ਤਾਂ ਲੋਕ ਸਭਾ ਵਿੱਚ ਬਿੱਲ ਪੇਸ਼ ਕਰਨ ਵੇਲੇ ਇਨ੍ਹਾਂ ਦਾ ਵਿਰੋਧ ਕਰਦੇ।

ਕਿਸਾਨ ਲੀਡਰ ਨੇ ਖਦਸ਼ਾ ਜਾਹਿਰ ਕੀਤਾ ਕਿ ਸੰਭਵ ਹੈ ਕਿ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਬਿਲਾਂ ਉੱਤੇ ਬਹਿਸ ਤੇ ਵੋਟਿੰਗ ਦੌਰਾਨ ਵੀ ਇਹ ਗੈਰਹਾਜ਼ਰ ਰਹਿ ਕੇ ਭਾਰਤੀ ਜਨਤਾ ਪਾਰਟੀ ਦੇ ਸਮਰਥਨ ਤੇ ਕਿਸਾਨਾਂ ਦੇ ਵਿਰੋਧ ਵਿੱਚ ਖੜ੍ਹੇ ਦਿਖਾਈ ਦੇਣ। ਜੇਕਰ ਅਜਿਹਾ ਹੋਇਆ ਤਾਂ ਪੰਜਾਬ ਦੇ ਲੋਕ ਤੇ ਖਾਸ ਤੌਰ ਉੱਤੇ ਕਿਸਾਨ ਅਕਾਲੀ ਆਗੂਆਂ ਨੂੰ ਮਾਫ਼ ਨਹੀਂ ਕਰਨਗੇ।

ਉਧਰ, ਆਮ ਆਦਮੀ ਪਾਰਟੀ ਤੇ ਕਾਂਗਰਸ ਨੇ ਵੀ ਅਕਾਲੀ ਦਲ ਨੂੰ ਘੇਰਦਿਆਂ ਕਿਹਾ ਕਿ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਨੇ ਸੰਸਦ ਵਿੱਚੋਂ ਗੈਰ ਹਾਜ਼ਰ ਰਹਿ ਕੇ ਪੰਜਾਬ ਨਾਲ ਗੱਦਾਰੀ ਕੀਤੀ ਹੈ। ਵਿਰੋਧੀ ਪਾਰਟੀਆਂ ਦਾ ਕਹਿਣਾ ਹੈ ਕਿ ਸੁਖਬੀਰ ਬਾਦਲ ਆਪਣੀ ਪਤਨੀ ਹਰਸਿਮਰਤ ਬਾਦਲ ਦੀ ਕੁਰਸੀ ਬਚਾਉਣ ਲਈ ਕਿਸਾਨਾਂ ਨਾਲ ਵਿਸਾਹਘਾਤ ਕਰ ਰਹੇ ਹਨ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਜੇ ਤਾਂ ਬਿੱਲ ਪੇਸ਼ ਹੋਏ ਹਨ। ਇਨ੍ਹਾਂ ਉਪਰ ਬਹਿਸ ਹੋਣੀ ਹੈ। ਅਕਾਲੀ ਦਲ ਉਸ ਵੇਲੇ ਇਸ ਉੱਪਰ ਆਪਣਾ ਪੱਖ ਰੱਖੇਗਾ।