ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਵਿਚਾਲੇ ਤੋੜ-ਵਿਛੋੜਾ ਤੈਅ ਮੰਨਿਆ ਜਾ ਰਿਹਾ ਹੈ। ਅਕਾਲੀ ਦਲ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਸੁਖਬੀਰ ਬਾਦਲ ਨੇ ਸਪਸ਼ਟ ਕਰ ਦਿੱਤਾ ਹੈ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਕੇਂਦਰ ਸਰਕਾਰ ਨਾਲ ਉਦੋਂ ਤੱਕ ਕੋਈ ਗੱਲਬਾਤ ਨਹੀਂ ਕੀਤੀ ਜਾਵੇਗੀ ਜਦੋਂ ਤੱਕ ਕੇਂਦਰ ਖੇਤੀਬਾੜੀ ਬਿੱਲਾਂ ਨੂੰ ਵਾਪਸ ਨਹੀਂ ਲੈਂਦਾ।


ਦੂਜੇ ਪਾਸੇ ਬੀਜੇਪੀ ਸਰਕਾਰ ਨੇ ਦੋ-ਟੁੱਕ ਜਵਾਬ ਦਿੱਤਾ ਹੈ ਕਿ ਖੇਤੀਬਾੜੀ ਬਿੱਲਾਂ ਨੂੰ ਕਿਸੇ ਵੀ ਕੀਮਤ 'ਤੇ ਵਾਪਸ ਨਹੀਂ ਲਿਆ ਜਾਵੇਗਾ। ਬੀਜੇਪੀ ਦਾ ਕਹਿਣਾ ਹੈ ਕਿ ਅਕਾਲੀ ਦਲ ਨੂੰ ਸਹਿਮਤ ਕਰਨ ਦੀ ਕੋਸ਼ਿਸ਼ ਕੀਤਾ ਜਾਵੇਗੀ ਪਰ ਸਰਕਾਰ ਆਪਣੇ ਸਟੈਂਡ ਤੋਂ ਪਿੱਛੇ ਨਹੀਂ ਹਟ ਸਕਦੀ। ਇਸ ਕਰਕੇ ਅਕਾਲੀ ਦਲ ਕੋਲ ਬੀਜੇਪੀ ਦਾ ਸਾਥ ਛੱਡਣ ਬਗੈਰ ਕੋਈ ਚਾਰਾ ਨਹੀਂ ਬਚਿਆ।

ਦਰਅਸਲ ਪੰਜਾਬ ਦੇ ਕਿਸਾਨਾਂ ਦੇ ਸਖ਼ਤ ਵਿਰੋਧ ਮਗਰੋਂ ਸ਼੍ਰੋਮਣੀ ਅਕਾਲੀ ਦਲ ਨੂੰ ਸੰਸਦ ਵਿੱਚ ਬਿੱਲਾਂ ਦਾ ਵਿਰੋਧ ਕਰਦੇ ਹੋਏ ਮੋਦੀ ਸਰਕਾਰ ਖ਼ਿਲਾਫ਼ ਸਟੈਂਡ ਲੈਣ ਲਈ ਮਜਬੂਰ ਹੋਣਾ ਪਿਆ ਹੈ। ਪੰਜਾਬ ਦੇ ਕਿਸਾਨਾਂ ਅੰਦਰ ਖੇਤੀ ਬਿੱਲਾਂ ਨੂੰ ਲੈ ਕੇ ਕਾਫੀ ਰੋਸ ਹੈ। ਅਜਿਹੇ ਵਿੱਚ ਅਕਾਲੀ ਦਲ ਲਈ ਮੁੜ ਬਿੱਲਾਂ ਦੀ ਹਮਾਇਤ ਕਰਨਾ ਸੌਖਾ ਨਹੀਂ।

ਇਸ ਬਾਰੇ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨ ਹਿਤੈਸ਼ੀ ਪਾਰਟੀ ਹੈ। ਉਹ ਆਪਣੇ ਸਟੈਂਡ ਉੱਪਰ ਕਾਇਮ ਰਹਿ ਕੇ ਅੱਗੇ ਹੋ ਕੇ ਸੰਘਰਸ਼ ਕਰਨਗੇ। ਉਨ੍ਹਾਂ ਨੇ ਅਗਲੀ ਰਣਨੀਤੀ ਦੱਸਦਿਆਂ ਕਿਹਾ ਕਿ ਪਾਰਟੀ ਦੇ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ ਤੇ ਕਿਸਾਨਾਂ ਲਈ ਅੱਗੇ ਲੱਗ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉੱਦੋਂ ਤੱਕ ਕੇਂਦਰ ਨਾਲ ਗੱਲ ਨਹੀਂ ਕੀਤੀ ਜਾਵੇਗੀ ਜਦੋਂ ਤੱਕ ਉਹ ਇਹ ਬਿੱਲ ਵਾਪਸ ਨਹੀਂ ਲੈਂਦੀ।

ਉਂਝ, ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਦਾ ਕਹਿਣਾ ਹੈ ਕਿ ਅਕਾਲੀ ਦਲ ਦੇ ਐਨਡੀਏ ਵਿੱਚੋਂ ਬਾਹਰ ਆਉਣ ਬਾਰੇ ਫੈਸਲਾ ਕੋਰ ਕਮੇਟੀ ਕਰੇਗੀ।