ਚੰਡੀਗੜ੍ਹ: ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ਭ੍ਰਿਸ਼ਟਾਚਾਰ 'ਤੇ ਕਾਰਵਾਈ ਨੂੰ ਲੈ ਕੇ ਕਾਫੀ ਚਰਚਾ ਵਿੱਚ ਹੈ। ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਇੱਕ ਦਿਨ ਪਹਿਲਾਂ ਆਪ ਸਰਕਾਰ ਨੇ ਭ੍ਰਿਸ਼ਟਾਚਾਰ 'ਤੇ ਕਾਰਵਾਈ ਦਾ ਰਿਪੋਰਟ ਕਾਰਡ ਜਾਰੀ ਕੀਤਾ ਹੈ। ਸਰਕਾਰ ਨੇ ਦਾਅਵਾ ਕੀਤਾ ਹੈ ਕਿ ਭ੍ਰਿਸ਼ਟਾਚਾਰ 'ਤੇ ਤੇਜ਼ੀ ਨਾਲ ਸ਼ਿਕੰਜਾ ਕੱਸਿਆ ਜਾ ਰਿਹਾ ਹੈ।


ਇਸ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ 28 ਕੇਸ ਦਰਜ ਕੀਤੇ ਜਾ ਚੁੱਕੇ ਹਨ ਜਿਸ ਵਿੱਚ 45 ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ। ਹਾਲਾਂਕਿ 8 ਮੁਲਜ਼ਮ ਅਜੇ ਫਰਾਰ ਹਨ। ਇਨ੍ਹਾਂ ਵਿੱਚੋਂ ਸਭ ਤੋਂ ਵੱਧ 22 ਮਾਮਲੇ ਮਾਈਨਿੰਗ ਤੇ ਜੰਗਲਾਤ ਵਿਭਾਗ ਦੇ ਹਨ। ਪੰਜਾਬ ਪੁਲਿਸ ਭ੍ਰਿਸ਼ਟਾਚਾਰ ਦੇ 14 ਮਾਮਲਿਆਂ ਨਾਲ ਦੂਜੇ ਨੰਬਰ 'ਤੇ ਹੈ।









ਦੱਸ ਦਈਏ ਕਿ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਫੜੇ ਗਏ ਮੁਲਜ਼ਮਾਂ ਵਿੱਚ ਸਿਹਤ ਮੰਤਰੀ ਡਾ. ਵਿਜੇ ਸਿੰਗਲਾ, ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ, ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰਪਾਲ ਭੋਆ ਤੇ ਆਈਏਐਸ ਅਧਿਕਾਰੀ ਸੰਜੇ ਪੋਪਲੀ ਸ਼ਾਮਲ ਹਨ। ਇਸ ਤੋਂ ਇਲਾਵਾ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੀ ਭਾਲ ਜਾਰੀ ਹੈ। ਇਸ ਦੇ ਨਾਲ ਹੀ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤੋਂ ਵੀ ਵਿਜੀਲੈਂਸ ਜਾਂਚ ਚੱਲ ਰਹੀ ਹੈ।


ਯਾਦ ਰਹੇ ਪੰਜਾਬ ਵਿੱਚ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ 95012-00200 ਜਾਰੀ ਕੀਤਾ ਹੈ। ਕੋਈ ਵੀ ਵਿਅਕਤੀ ਰਿਸ਼ਵਤ ਮੰਗਣ ਜਾਂ ਲੈਣ ਲਈ ਇਸ 'ਤੇ ਆਡੀਓ ਜਾਂ ਵੀਡੀਓ ਭੇਜ ਸਕਦਾ ਹੈ। ਜੇਕਰ ਸ਼ਿਕਾਇਤ ਸਹੀ ਪਾਈ ਗਈ ਤਾਂ ਉਸ 'ਤੇ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ।