ਚੰਡੀਗੜ੍ਹ : ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਅੱਜ ਤੋਂ ਬਦਲਣ ਜਾ ਰਿਹਾ ਹੈ। ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਅੱਜ ਤੋਂ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਵਜੋਂ ਜਾਣਿਆ ਜਾਵੇਗਾ। ਇਸ ਦੇ ਨਾਮਕਰਨ ਨੂੰ ਲੈ ਕੇ ਹਵਾਈ ਅੱਡੇ 'ਤੇ ਇਕ ਸਮਾਗਮ ਕਰਵਾਇਆ ਜਾ ਰਿਹਾ ਹੈ। ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ , ਚੰਡੀਗੜ੍ਹ ਦਾ ਉਦਘਾਟਨ ਕੀਤਾ ਹੈ। ਇਸ ਪ੍ਰੋਗਰਾਮ ਦੌਰਾਨ ਟਰਾਂਸਪੋਰਟ ਅਤੇ ਹਾਈਵੇਜ਼ ਮੰਤਰੀ ਵੀ.ਕੇ.ਸਿੰਘ, ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਹਰਿਆਣਾ ਦੇ ਰਾਜਪਾਲ, ਸੀ.ਐਮ.ਭਗਵੰਤ ਮਾਨ, ਅਨਿਲ ਵਿਜ, ਦੁਸ਼ਯੰਤ ਚੌਟਾਲਾ, ਸੰਸਦ ਮੈਂਬਰ ਕਿਰਨ ਖੇਰ ਮੌਜੂਦ ਸਨ। 

 


ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਦਿਨੀਂ ‘ਮਨ ਕੀ ਬਾਤ’ ਰੇਡੀਓ ਪ੍ਰੋਗਰਾਮ ’ਚ ਕਿਹਾ ਸੀ ਕਿ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ ਜਾਵੇਗਾ। ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਸੀ ਕਿ ਇਹ ਉਨ੍ਹਾਂ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ ਹੈ।


ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਤੇ ਲਿਖਿਆ-ਆਖ਼ਿਰਕਾਰ ਸਾਡੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ…ਚੰਡੀਗੜ੍ਹ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਜੀ ਦੇ ਨਾਮ ‘ਤੇ ਰੱਖਣ ਦੇ ਫ਼ੈਸਲੇ ਦਾ ਪੂਰੇ ਪੰਜਾਬ ਤਰਫੋਂ ਸਵਾਗਤ ਕਰਦੇ ਹਾਂ…ਪ੍ਰਧਾਨ ਮੰਤਰੀ  ਨਰਿੰਦਰ ਮੋਦੀ ਦਾ ਤਹਿ ਦਿਲੋਂ ਧੰਨਵਾਦ…ਪੰਜਾਬੀਆਂ ਦੀ ਪਿਛਲੇ ਲੰਮੇ ਸਮੇਂ ਤੋਂ ਵੱਡੀ ਮੰਗ ਪੂਰੀ ਹੋਈ…


ਇਸ ਦੇ ਇਲਾਵਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਮੋਹਾਲੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ ਦੀ ਸਾਡੀ ਮੰਗ ਨੂੰ ਸਵੀਕਾਰ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਧੰਨਵਾਦੀ ਹਾਂ। ਇਹ ਮਹਾਨ ਆਜ਼ਾਦੀ ਘੁਲਾਟੀਏ ਨੂੰ ਇੱਕ ਢੁਕਵੀਂ ਸ਼ਰਧਾਂਜਲੀ ਹੈ ,ਜਿਸ ਨੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕੀਤੀ ਅਤੇ ਲੱਖਾਂ ਦੇਸ਼ ਵਾਸੀਆਂ ਲਈ ਇੱਕ ਪ੍ਰੇਰਨਾ ਸਰੋਤ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।