ਅੰਮ੍ਰਿਤਸਰ : ਆਰਐੱਸਐੱਸ ਦੇ ਵਿੰਗ ਰਾਸ਼ਟਰੀ ਸਿੱਖ ਸੰਗਤ ਵੱਲੋਂ 25 ਅਕਤੂਬਰ ਨੂੰ ਦਿੱਲੀ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਸੈਮੀਨਾਰ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਸਪੱਸ਼ਟੀਕਰਨ ਭੇਜਿਆ ਹੈ। ਸਪੱਸ਼ਟੀਕਰਨ 'ਚ ਰਾਸ਼ਟਰੀ ਸਿੱਖ ਸੰਗਤ ਨੇ ਉਨ੍ਹਾਂ ਦਾ ਪੱਖ ਸੁਣਨ ਦੇ ਭਰੋਸੇ ਦਾ ਸਵਾਗਤ ਕੀਤਾ ਹੈ।
ਇਹ ਚਿੱਠੀ ਰਾਸ਼ਟਰੀ ਸਿੱਖ ਸੰਗਤ ਦੇ ਰਾਸ਼ਟਰੀ ਜਨਰਲ ਸਕੱਤਰ ਅਵਤਾਰ ਸਿੰਘ ਸ਼ਾਸਤਰੀ ਅਤੇ ਗੁਰਬਚਨ ਸਿੰਘ ਗਿੱਲ ਵੱਲੋਂ 9 ਨਵੰਬਰ ਨੂੰ ਭੇਜੀ ਗਈ ਹੈ। ਇਸ ਚਿੱਠੀ ਦੀਆਂ ਕਾਪੀਆਂ ਹੋਰ ਚਾਰ ਤਖ਼ਤ ਸਾਹਿਬਾਨਾਂ ਦੇ ਜਥੇਦਾਰਾਂ ਨੂੰ ਭੇਜੀਆਂ ਗਈਆਂ ਹਨ। ਇਸ 'ਚ ਲਿਖਿਆ ਹੈ ਕਿ ਰਾਸ਼ਟਰੀ ਸਿੱਖ ਸੰਗਤ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਅਥਾਹ ਸਨਮਾਨ ਕਰਦਾ ਹੈ। ਸੰਗਠਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨਾਮਲੇਵਾ ਸੰਗਤ ਦੀ ਸੇਵਾ 'ਚ ਆਪਣੀ ਭੁਮਿਕਾ ਨਿਭਾਉਣਾ ਚਾਹੁੰਦਾ ਹੈ ਇਸ ਲਈ ਸੰਗਠਨ ਦਾ ਰਾਸ਼ਟਰੀ ਸਿੱਖ ਸੰਗਤ ਨਾਂ ਰੱਖਿਆ ਹੈ।
ਚਿੱਠੀ 'ਚ ਇਹ ਵੀ ਕਿਹਾ ਗਿਆ ਹੈ ਕਿ ੨੫ ਅਕਤੂਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਨਹੀਂ ਮਨਾਇਆ ਬਲਕਿ ਇਸ ਸੰਦਰਭ 'ਚ 350ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਤੇ ਸੈਮੀਨਾਰ ਕੀਤਾ ਗਿਆ ਸੀ। ਸੈਮੀਨਾਰ ਹੋਣ ਕਾਰਨ ਇਸ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਨਹੀਂ ਕੀਤਾ ਗਿਆ।